ਸਿਆਸਤਖਬਰਾਂ

ਢੀਂਡਸਾ ਨੇ ਭਾਜਪਾ ਨਾਲ ਗੱਠਜੋੜ ਤੋਂ ਪਹਿਲਾਂ ਚੁੱਕੇ ਪੰਜਾਬ ਦੇ ਅਹਿਮ ਮੁੱਦੇ

ਚੰਡੀਗੜ੍ਹ-ਪੰਜਾਬ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਭਾਜਪਾ ਪੰਜਾਬੀਆਂ ਦੀਆਂ ਦੁਖਦੀਆਂ ਰਗਾਂ ’ਤੇ ਹੱਥ ਰੱਖ ਸਕਦੀ ਹੈ। ਪੰਜਾਬੀਆਂ ਦੀਆਂ ਗੰਭੀਰ ਸਮੱਸਿਆਵਾਂ ਦੀ ਜਾਣਕਾਰੀ ਲੈ ਕੇ ਮੋਦੀ ਸਰਕਾਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਇਸ ਸਬੰਧੀ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਨਾਲ ਮਿਲ ਕੇ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਹਾਲਾਂਕਿ ਗਠਜੋੜ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਦੇ ਸਾਹਮਣੇ ਤਿੰਨ ਮੰਗਾਂ ਰੱਖੀਆਂ ਹਨ। ਭਾਜਪਾ ਨਾਲ ਸੰਭਾਵੀ ਗਠਜੋੜ ਦਾ ਹਿੱਸਾ ਬਣੇ ਅਕਾਲੀ ਦਲ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੀਆਂ ਤਿੰਨ ਅਹਿਮ ਮੰਗਾਂ (ਸਿੱਖ ਕੈਦੀਆਂ ਦੀ ਰਿਹਾਈ, ਚੰਡੀਗੜ੍ਹ ਅਤੇ ਆਰਥਿਕ ਪੈਕੇਜ) ਭਾਜਪਾ ਹਾਈਕਮਾਂਡ ਅਤੇ ਮੋਦੀ ਸਰਕਾਰ ਅੱਗੇ ਰੱਖੀਆਂ ਹਨ। ਢੀਂਡਸਾ ਨੇ ਕਿਹਾ ਕਿ ਭਾਜਪਾ ਨਾਲ ਗਠਜੋੜ ਬਾਰੇ ਅੰਤਿਮ ਫੈਸਲਾ ਨਹੀਂ ਹੋਇਆ ਹੈ। ਇਸ ਸਬੰਧੀ ਜਲਦੀ ਹੀ ਪਾਰਟੀ ਆਗੂ ਕੋਈ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਉਠਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਹੈ।
ਪੰਜਾਬ ਚੋਣਾਂ ਨੂੰ ਲੈ ਕੇ ਪਾਰਟੀ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਾਰਟੀ ਨੇ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਨਿਯੁਕਤ ਕੀਤੇ ਇੰਚਾਰਜਾਂ ਨੇ ਆਪਣੀ ਡਿਊਟੀ ਸੰਭਾਲ ਕੇ ਲੋਕਾਂ ਦੀ ਨਬਜ਼ ਪਰਖਣੀ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਭਾਜਪਾ ਵੀ ਕੇਂਦਰੀ ਜਥੇਬੰਦੀ ਅੱਗੇ ਅਹਿਮ ਮੰਗਾਂ ਰੱਖ ਕੇ ਮੋਦੀ ਸਰਕਾਰ ਨੂੰ ਇਨ੍ਹਾਂ ਨੂੰ ਪੂਰਾ ਕਰਨ ਦੀ ਅਪੀਲ ਕਰ ਰਹੀ ਹੈ। ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਵਪਾਰੀਆਂ ਅਤੇ ਕਿਸਾਨਾਂ ਦੇ ਕਰਜ਼ੇ ਦਾ ਮੁੱਦਾ ਕੇਂਦਰੀ ਜਥੇਬੰਦੀ ਕੋਲ ਉਠਾਇਆ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦਾ ਹੱਲ ਕਰਵਾਉਣ ਦੀ ਬੇਨਤੀ ਕੀਤੀ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਮੀਨਾਕਸ਼ੀ ਲੇਖੀ ਨੇ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਹੈ। ਮੋਦੀ ਸਰਕਾਰ ਤੋਂ ਉਮੀਦ ਹੈ ਜਲਦ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰੇਗੀ।

Comment here