ਅਪਰਾਧਸਿਆਸਤਖਬਰਾਂ

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਮੌਕੇ ਹੁੱਲੜਬਾਜ਼ੀ ਦਾ ਮਾਮਲਾ ਭਖਿਆ

ਦਿੱਲੀ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ

ਪਸ਼ਚਾਤਾਪ ਵਲੋਂ ਆਖੰਡ ਪਾਠ ਕਰਵਾਇਆ ਜਾਵੇਗਾ

ਨਵੀਂ ਦਿੱਲੀ-ਲੰਘੇ ਦਿਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ, ਇਸ ਮੌਕੇ ਵਿਰੋਧੀ ਅਤੇ ਸੱਤਾਧਾਰੀਆਂ ਨੇ ਇੱਕ ਦੂਜੇ ਤੇ ਹੁਲੜਬਾਜ਼ੀ ਕਰਨ ਦੇ ਦੋਸ਼ ਲਾਏ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੰਤ੍ਰਿੰਗ ਬੋਰਡ ਦੀ ਚੋਣ ਵੇਲੇ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀਕੇ ਦੀ ਸ਼ਮੂਲੀਅਤ ਵਾਲੀ ਵਿਰੋਧੀ ਧਿਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕਥਿਤ ਹੁੱਲੜਬਾਜ਼ੀ ਕਰ ਕੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀ ਸ਼ਿਕਾਇਤ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਹੈ ਅਤੇ ਮਾਮਲੇ ਦੀ ਸਾਰੀ ਵੀਡੀਓ ਰਿਕਾਰਡਿੰਗ ਮੰਗਵਾ ਕੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਕੀਤੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਵਿਰੋਧੀ ਧਿਰ ਨੇ ਚੋਣ ਪ੍ਰਕਿਰਿਆ ਰੋਕਣ ਵਾਸਤੇ ਪੂਰੀ ਵਾਹ ਲਾਈ। ਪੋਲਿੰਗ ਬੂਥ ਤੇ ਬੈਲਟ ਪੇਪਰਾਂ ਸਮੇਤ ਸਾਰੇ ਸਾਮਾਨ ’ਤੇ ਕਬਜ਼ਾ ਕਰ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਹੁੱਲੜਬਾਜ਼ੀ ਕਰ ਕੇ ਮਰਿਆਦਾ ਭੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਸੀਂ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓ ਮੰਗਵਾ ਕੇ ਪੜਤਾਲ ਕੀਤੀ ਜਾਵੇ ਅਤੇ ਜੋ ਕੋਈ ਵੀ ਦੋਸ਼ੀ ਹੋਵੇ, ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰ ਕੇ ਸਜ਼ਾ ਲਵਾਈ ਜਾਵੇ। ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਸਾਡੇ ਸੀਨੀਅਰ ਮੈਂਬਰ ਸੁਖਬੀਰ ਸਿੰਘ ਕਾਲੜਾ ਨੇ ਐਨਕ ਨਹੀਂ ਲਾਈ ਸੀ ਤੇ ਪ੍ਰੋਟੇਮ ਚੇਅਰਮੈਨ ਗੁਰਦੇਵ ਸਿੰਘ ਤੋਂ ਪੁੱਛ ਲਿਆ ਕਿ ਕਿੱਥੇ ਆਪਣੀ ਵੋਟ ਪਾਉਣੀ ਹੈ ਤਾਂ ਸਰਨਾ ਭਰਾਵਾਂ ਤੇ ਜੀ ਕੇ ਨੇ ਹੁੱਲੜਬਾਜ਼ੀ ਸ਼ੁਰੂ ਕਰ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਮਸਲਾ ਹੱਲ ਕਰਨ ਲਈ ਦਿੱਤੇ ਸੁਝਾਅ ਉਨ੍ਹਾਂ ਨਹੀਂ ਮੰਨੇ ਅਤੇ 10 ਘੰਟੇ ਤਕ ਵੋਟਿੰਗ ਰੁਕੀ ਰਹੀ। ਪੁਲਿਸ ਨੇ ਵੀ ਉਨ੍ਹਾਂ ਨੂੰ ਮਨਾਉਣ ਕੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੋ ਕੁਝ ਵੀ ਹੋਇਆ, ਉਹ ਮੰਦਭਾਗਾ ਸੀ ਤੇ ਪਸ਼ਚਾਤਾਪ ਵਜੋਂ 25 ਜਨਵਰੀ ਨੂੰ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਸ੍ਰੀ ਅਖੰਡ ਪਾਠ ਸਾਹਿਬ ਰਖਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਕਾਲਕਾ ਨੇ ਦੱਸਿਆ ਕਿ ਪਹਿਲਾਂ ਕੀਤੇ ਐਲਾਨ ਮੁਤਾਬਕ ਦਿੱਲੀ ਕਮੇਟੀ ਦੇ ਸਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ’ਚ 1 ਅਪ੍ਰੈਲ 2022 ਤੋਂ ਸਮਾਰਟ ਕਲਾਸਾਂ ਸ਼ੁਰੂ ਹੋਣਗੀਆਂ। ਬਾਲਾ ਸਾਹਿਬ ਹਸਪਤਾਲ ਬਾਰੇ ਉਨ੍ਹਾਂ ਕਿਹਾ ਕਿ ਇਹ ਵੱਡਾ ਪ੍ਰਾਜੈਕਟ ਹੈ ਜੋ ਪੜਾਅਵਾਰ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕਮੇਟੀ ਦਾ ਕੰਮਕਾਜ ਪੂਰੀ ਪਾਰਦਰਸ਼ਤਾ ਨਾਲ ਚਲਾਇਆ ਜਾਵੇਗਾ ਤੇ ਕਾਰਜਕਾਰਨੀ ਦੇ ਫ਼ੈਸਲਿਆਂ ਤੋਂ ਸੰਗਤ ਨੂੰ ਮੀਡੀਆ ਰਾਹੀਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇਪੀ, ਜੂਨੀਅਰ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਜੁਆਇੰਟ ਸਕੱਤਰ ਜਸਮੇਲ ਸਿੰਘ ਨੋਨੀ ਤੇ ਕਾਰਜਕਾਰਨੀ ਮੈਂਬਰਾਂ ’ਚ ਸਰਬਜੀਤ ਸਿੰਘ ਵਿਰਕ, ਅਮਰਜੀਤ ਸਿੰਘ ਫ਼ਤਿਹ ਨਗਰ, ਗੁਰਮੀਤ ਸਿੰਘ ਭਾਟੀਆ, ਬੀਬੀ ਰਣਜੀਤ ਕੌਰ, ਵਿਕਰਮ ਸਿੰਘ ਰੋਹਿਣੀ, ਭੁਪਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਪਿੰਕੀ, ਬਲਬੀਰ ਸਿੰਘ, ਸੁਰਜੀਤ ਸਿੰਘ ਜੀਤੀ ਤੇ ਜਸਬੀਰ ਸਿੰਘ ਜੱਸੀ ਤੋਂ ਇਲਾਵਾ ਹੋਰ ਮੈਂਬਰ ਵੀ ਹਾਜ਼ਰ ਸਨ।

ਧਾਮੀ ਦਿੱਲੀ ਕਮੇਟੀ ਪ੍ਰਧਾਨ ਦੀ ਚੋਣ ਵੇਲੇ ਹੋਈ ਬੇਅਦਬੀ ਦਾ ਦੋਸ਼ੀ: ਦਾਦੂਵਾਲ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਮੌਕੇ ਹੋਈ ਹੁੱਲੜਬਾਜ਼ੀ ਬਾਰੇ ਟਿਪਣੀ ਕਰਦਿਆਂ ਕਿਹਾ-”ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਵੇਲੇ ਬਾਦਲ ਦਲ ਵਲੋਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਕੀਤੀ ਗਈ ਹੈ, ਇਸ ਨੇ ਸਿੱਖ ਜਗਤ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ। ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਦੀ ਹੋਈ ਇਸ ਬੇਅਦਬੀ ਦਾ ਮੁੱਖ ਦੋਸ਼ੀ ਹੈ ਜਿਸ ਨੇ ਬਾਦਲ ਦਲ ਦਾ ਪ੍ਰਧਾਨ ਬਣਾਉਣ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਾ ਅਦਬ ਸਤਿਕਾਰ ਵੀ ਕਾਇਮ ਨਹੀਂ ਰੱਖਿਆ। ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਦੋਸ਼ ਨੂੰ ਕਬੂਲਦਿਆਂ ਪ੍ਰਧਾਨ ਧਾਮੀ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਇਤਿਹਾਸ ਵਿਚ ਸ਼ਾਇਦ ਇਹ ਪਹਿਲੀ ਵਾਰ ਹੋਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੁਖਆਸਨ ਤੋਂ ਬਾਅਦ ਬਿਨਾਂ ਹਜ਼ੂਰੀ ਤੋਂ ਵੋਟਿੰਗ ਹੋਈ ਅਤੇ ਉਸ ਵਿਚ ਭਾਰੀ ਪੁਲਿਸ ਬਲ ਦੀ ਮਦਦ ਨਾਲ ਪ੍ਰਧਾਨ ਚੁਣਿਆ ਗਿਆ। ਐਸੇ ਪ੍ਰਧਾਨ ਨੂੰ ਸਿੱਖ ਪੰਥ ਵੱਲੋਂ ਕਤਈ ਮਾਨਤਾ ਪ੍ਰਾਪਤ ਨਹੀਂ ਹੋਵੇਗੀ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਅੱਜ ਤੱਕ 40 ਵਾਰ ਪ੍ਰਧਾਨਗੀ ਦੀ ਚੋਣ ਹੋਈ ਹੋ ਸਕਦੀ ਹੈ ਪਰ ਹਰ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਦੇ ਵਿੱਚ ਪ੍ਰਧਾਨ ਦੀ ਚੋਣ ਹੁੰਦੀ ਰਹੀ ਤੇ ਪ੍ਰਧਾਨ ਚੁਣਿਆ ਜਾਂਦਾ ਰਿਹਾ। ਇਹ ਪਹਿਲੀ ਵਾਰ ਹੋਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖਆਸਨ ਤੋਂ ਬਾਅਦ ਹਜ਼ੂਰੀ ਤੋਂ ਬਿਨਾਂ ਮਨਮਰਜ਼ੀ ਨਾਲ ਵੋਟਿੰਗ ਕੀਤੀ ਗਈ। ਇਸ ਮੌਕੇ ਦੀਆਂ ਜੋ ਵੀਡੀਓ ਵਾਇਰਲ ਹੋਈਆਂ ਹਨ, ਇਸ ਨਾਲ ਸਿੱਖ ਜਗਤ ਵਿਚ ਭਾਰੀ ਨਿਰਾਸ਼ਾ ਫੈਲੀ ਹੈ। ਇਸ ਸਾਰੇ ਘਟਨਾਕ੍ਰਮ ਦੇ ਨਾਲ ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਕਾਰ ਨੂੰ ਭਾਰੀ ਢਾਅ ਲੱਗੀ ਹੈ ਤੇ ਇਸ ਲਈ ਬਾਦਲ ਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਿੱਧੇ ਤੌਰ ਉਤੇ ਜ਼ਿੰਮੇਵਾਰ ਹੈ। ਸਿੱਖ ਜਗਤ ਨੂੰ ਇਨ੍ਹਾਂ ਲੋਕਾਂ ਤੋਂ ਇਸ ਹੋਈ ਬੇਅਦਬੀ ਦਾ ਜਵਾਬ ਮੰਗਣਾ ਚਾਹੀਦਾ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਦਿੱਲੀ ਕਮੇਟੀ ਜਨਰਲ ਹਾਊਸ ਦੀ ਦੁਬਾਰਾ ਮੀਟਿੰਗ ਬੁਲਾ ਕੇ ਮੁੜ ਪ੍ਰਧਾਨਗੀ ਦੀ ਚੋਣ ਹੋਣੀ ਚਾਹੀਦੀ ਹੈ ਤੇ ਬੇਅਦਬੀ ਦੇ ਦੋਸ਼ੀਆਂ ਉੱਪਰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

Comment here