ਸਿਆਸਤਖਬਰਾਂ

ਦਿੱਲੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਬਹਾਲ ਹੋਵੇ

ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਲਿਖਿਆ ਪੱਤਰ
ਚੰਡੀਗੜ੍ਹ-ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਅਤੇ ਲੰਮੇ ਸਮੇਂ ਤੋਂ ਲਟਕਦੇ ਇਸ ਮਸਲੇ ਦੇ ਛੇਤੀ ਹੱਲ ਲਈ ਮੀਟਿੰਗ ਦਾ ਸਮਾਂ ਮੰਗਿਆ ਹੈ।
ਦਿੱਲੀ ਟਰਾਂਸਪੋਰਟ ਵਿਭਾਗ ਨੇ ਨਵੰਬਰ 2018 ਵਿੱਚ ਪੰਜਾਬ ਸਰਕਾਰ ਦੀਆਂ ਬੱਸਾਂ ਦੇ ਹਵਾਈ ਅੱਡੇ ਤੱਕ ਜਾਣ ’ਤੇ ਰੋਕ ਲਾ ਦਿੱਤੀ ਸੀ, ਜੋ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਹਵਾਈ ਅੱਡੇ ਜਾਣ ਵਾਲੇ ਯਾਤਰੀਆਂ ਨੂੰ ਕਿਫ਼ਾਇਤੀ ਦਰਾਂ ’ਤੇ ਸਫ਼ਰ ਮੁਹੱਈਆ ਕਰਾਉਣ ਲਈ ਚਲਾਈ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖ਼ੀ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ ਵੀ ਦਿੱਲੀ ਟਰਾਂਸਪੋਰਟ ਅਥਾਰਿਟੀ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਕਈ ਪੱਤਰ ਲਿਖਣ ਸਮੇਤ ਕਈ ਵਾਰ ਬੇਨਤੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਲਾਭ ਨਹੀਂ ਹੋਇਆ। ਵੜਿੰਗ ਨੇ ਵਿਭਾਗ ਦੇ ਪੱਤਰਾਂ ਦਾ ਮੁਕੰਮਲ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ 29.11.2019 ਅਤੇ 16.03.2020 ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ 24.09.2019 ਅਤੇ 24.02.2021 ਨੂੰ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੂੰ ਪੱਤਰ ਲਿਖੇ ਸਨ। ਇਸ ਤੋਂ ਇਲਾਵਾ ਦਿੱਲੀ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਕਈ ਬੇਨਤੀਆਂ ਵੀ ਭੇਜੀਆਂ ਗਈਆਂ।

Comment here