ਅਪਰਾਧਸਿਆਸਤਖਬਰਾਂ

ਦੋ ਨਕਾਬਪੋਸ਼ਾਂ ਵਲੋਂ ਸਾਬਕਾ ਜਥੇਦਾਰ ਦੇ ਘਰ ਫਾਈਰਿੰਗ, ਦੋਸ਼ੀ ਫਰਾਰ

ਅੰਮ੍ਰਿਤਸਰ-ਬੀਤੀ ਦੇਰ ਰਾਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਵਰਗੀ ਗਿਆਨੀ ਪ੍ਰਤਾਪ ਸਿੰਘ ਦੇ ਪਰਿਵਾਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੁਲਤਾਨਵਿੰਡ ਰੋਡ ਇਲਾਕੇ ਵਿੱਚ ਵਾਪਰੀ, ਜਿੱਥੇ ਸਵਰਗੀ ਜਥੇਦਾਰ ਦਾ ਪਰਿਵਾਰ ਰਹਿੰਦਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਅੱਧੀ ਰਾਤ 2 ਨਕਾਬਪੋਸ਼ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆਏ, ਜਿਨ੍ਹਾਂ ਨੇ ਬਾਹਰੋਂ ਹੀ ਘਰ ’ਤੇ ਪਿਸਤੌਲਾਂ ਨਾਲ ਗੋਲੀਆਂ ਵਰ੍ਹਾਈਆਂ, ਜਿਸ ਤੋਂ ਬਾਅਦ ਉਹ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰ ਨੇ ਦੱਸਿਆ ਕਿ ਉਕਤ ਅਣਪਛਾਤੇ ਨੌਜਵਾਨਾਂ ਵਲੋਂ ਘਰ ’ਤੇ 12 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਦੇ ਖ਼ੋਲ ਮੌਕੇ ’ਤੇ ਪਹੁੰਚੀ ਪੁਲਸ ਨੇ ਬਰਾਮਦ ਕਰ ਲਏ ਹਨ। ਹਮਲੇ ਦੀ ਇਹ ਸਾਰੀ ਘਟਨਾ ਉਨ੍ਹਾਂ ਦੇ ਗੁਆਂਢੀ ਦੇ ਘਰ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ।
ਦੱਸ ਦੇਈਏ ਕਿ ਸਵਰਗੀ ਗਿਆਨੀ ਪ੍ਰਤਾਪ ਸਿੰਘ ਉੱਘੇ ਸਿੱਖ ਪ੍ਰਚਾਰਕ ਸਨ। ਉਹ ਪਹਿਲਾਂ 1938 ਤੋਂ 1948 ਤਕ 10 ਸਾਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਰਹੇ। ਇਸ ਮਗਰੋਂ ਉਹ 1952 ਤੋਂ 1954 ਤਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ।
ਇਸ ਘਟਨਾ ਵਿੱਚ ਕਿਸੇ ਵੀ ਵਿਅਕਤੀ ਨੂੰ ਕੋਈ ਨੁਕਸਾਨ ਪੁੱਜਣ ਦੀ ਖ਼ਬਰ ਨਹੀਂ ਹੈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮੁੱਢਲੇ ਤੌਰ ’ਤੇ ਇਸਨੂੰ ਕਿਸੇ ਆਪਸੀ ਰੰਜਿਸ਼ ਦਾ ਮਾਮਲਾ ਸਮਝਿਆ ਜਾ ਰਿਹਾ ਹੈ ਪਰ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਐਸੀ ਰੰਜਿਸ਼ ਨਹੀਂ ਹੈ।

Comment here