ਸਿਆਸਤਖਬਰਾਂ

ਨਰਮੇ ਦੇ ਖਰਾਬੇ ਲਈ ਚੰਨੀ ਸਰਕਾਰ ਦੇਵੇਗੀ 416 ਕਰੋੜ ਦਾ ਮੁਆਵਜ਼ਾ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ | ਇਹ ਐਲਾਨ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਕੀਤਾ | ਦੋਵਾਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਮਾਨਸਾ, ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਚ ਨਰਮੇ ਦਾ ਭਾਰੀ ਨੁਕਸਾਨ ਹੋਇਆ, ਜਿਸ ਕਰਕੇ ਕਿਸਾਨਾਂ ਅਤੇ ਚੁਗਾਈ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁੱਲ 4,16,18,07,828 ਰੁਪਏ (ਚਾਰ ਸੌ ਸੋਲਾਂ ਕਰੋੜ, ਅਠਾਰਾਂ ਲੱਖ, ਸੱਤ ਹਜ਼ਾਰ, ਅੱਠ ਸੌ ਅਠਾਈ ਰੁਪਏ) ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ | ਇਹ ਰਾਸ਼ੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਵਜੋਂ ਦੇਣ ਲਈ ਦੀਵਾਲੀ ਤੋਂ ਪਹਿਲਾਂ ਡਿਪਟੀ ਕਮਿਸ਼ਨਰਾਂ ਦੇ ਖਾਤੇ ਵਿੱਚ ਭੇਜ ਦਿੱਤੀ ਜਾਵੇਗੀ, ਜਿਸ ਦਾ ਅੱਗੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਿੱਧਾ ਭੁਗਤਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਰਾਸ਼ੀ ਦਾ 10 ਫੀਸਦੀ ਚੁਗਾਈ ਮਜ਼ਦੂਰਾਂ ਨੂੰ ਰਾਹਤ ਵਜੋਂ ਦਿੱਤਾ ਜਾਵੇਗਾ | ਸ੍ਰੀਮਤੀ ਚੌਧਰੀ ਅਤੇ ਸ੍ਰੀ ਨਾਭਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਡਟ ਕੇ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜੀ ਹੈ ਅਤੇ ਉਸ ਵੱਲੋਂ ਕਿਸਾਨਾਂ ਦੀ ਭਲਾਈ ਲਈ ਹਰ ਕਦਮ ਚੁੱਕਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ, ਕਿਸਾਨਾਂ ਸਣੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ | ਮੁਆਵਜ਼ੇ ਦੀ ਵੰਡ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਨਰਮਾ ਪੱਟੀ ਵਿੱਚ ਇਸ ਵਾਰ ਤਕਰੀਬਨ 7 ਲੱਖ 51 ਹਜ਼ਾਰ ਏਕੜ ਰਕਬੇ ਵਿੱਚ ਨਰਮਾ ਬੀਜਿਆ ਗਿਆ ਅਤੇ ਇਸ ਵਿੱਚੋਂ ਤਕਰੀਬਨ ਚਾਰ ਲੱਖ ਏਕੜ ਰਕਬੇ ਵਿੱਚ ਗੁਲਾਬੀ ਸੁੰਡੀ ਨਾਲ ਨੁਕਸਾਨ ਹੋਇਆ ਹੈ | ਉਨ੍ਹਾਂ ਦੱਸਿਆ ਕਿ 26 ਤੋਂ 32 ਫ਼ੀਸਦੀ ਨੁਕਸਾਨ ਲਈ 2000 ਰੁਪਏ ਪ੍ਰਤੀ ਏਕੜ, 33 ਤੋ 75 ਫ਼ੀਸਦੀ ਨੁਕਸਾਨ ਲਈ 5400 ਰੁਪਏ ਪ੍ਰਤੀ ਏਕੜ ਅਤੇ 76 ਤੋਂ 100 ਫ਼ੀਸਦੀ ਨੁਕਸਾਨ ਲਈ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ | ਇਹ ਮੁਆਵਜ਼ਾ ਅੱਜ ਤੱਕ ਦਾ ਸਭ ਤੋਂ ਵੱਧ ਹੈ | ਇਸ ਤੋਂ ਪਹਿਲਾਂ ਪਿਛਲੀ ਵਾਰ ਪੂਰੀ ਫਸਲ ਖਰਾਬ ਹੋਣ ਲਈ ਕਿਸਾਨਾਂ ਨੂੰ 8000 ਰੁਪਏ ਪ੍ਰਤੀ ਏਕੜ ਅਤੇ ਚੁਗਾਈ ਮਜ਼ਦੂਰਾਂ ਨੂੰ ਰਾਸ਼ੀ ਦਾ 5 ਫੀਸਦੀ ਦਿੱਤਾ ਗਿਆ ਸੀ | ਕੈਬਨਿਟ ਮੰਤਰੀਆਂ ਅਨੁਸਾਰ ਮਾਨਸਾ ਜ਼ਿਲ੍ਹੇ ਵਿੱਚ 151335 ਏਕੜ ਰਕਬੇ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ | ਇਸ ਵਾਸਤੇ ਇਸ ਜ਼ਿਲੇ੍ਹ ਲਈ 181,60,21,050 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਸੰਗਰੂਰ ਵਿੱਚ 145 ਏਕੜ ਨੂੰ 26 ਤੋਂ 32 ਫੀਸਦੀ, 3693 ਏਕੜ ਨੂੰ 33 ਤੋਂ 75 ਫੀਸਦੀ ਅਤੇ 180 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ ਅਤੇ ਇਸ ਲਈ 224,01,328 ਰੁਪਏ ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲੇ੍ਹ ਵਿੱਚ 683 ਏਕੜ ਨੂੰ 26 ਤੋਂ 32 ਫੀਸਦੀ, 85 ਏਕੜ ਨੂੰ 33 ਤੋਂ 75 ਫੀਸਦੀ ਅਤੇ 188308 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ, ਜਿਸ ਦੇ ਲਈ ਬਠਿੰਡਾ ਜ਼ਿਲੇ੍ਹ ਲਈ 226,15,23,700 ਰੁਪਏ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ | ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 1906 ਏਕੜ ਨੂੰ 26 ਤੋਂ 32 ਫੀਸਦੀ, 7922 ਏਕੜ ਨੂੰ 33 ਤੋਂ 75 ਫੀਸਦੀ ਅਤੇ 50 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ | ਇਸ ਦੇ ਵਾਸਤੇ 4,71,90,800 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਬਰਨਾਲਾ ਜ਼ਿਲੇ੍ਹ ਵਿੱਚ 143 ਏਕੜ ਨਰਮੇ ਨੂੰ 26 ਤੋਂ 32 ਫੀਸਦੀ, 2639 ਏਕੜ ਨੂੰ 33 ਤੋਂ 75 ਫੀਸਦੀ ਅਤੇ 11 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ | ਇਸ ਲਈ ਬਰਨਾਲਾ ਵਾਸਤੇ 1,46,70,950 ਰੁਪਏ ਦੀ ਰਾਹਤ ਦੀ ਵਿਵਸਥਾ ਕੀਤੀ ਗਈ ਹੈ | ਮੰਤਰੀਆਂ ਨੇ ਇਹ ਵੀ ਦੱਸਿਆ ਕਿ ਇਸ ਰਾਸ਼ੀ ਵਿੱਚੋਂ ਨਰਮੇ ਦੀ ਚੁਗਾਈ ਕਰਨ ਵਾਲੇ ਮਜ਼ਦੂਰਾਂ ਲਈ 10 ਫ਼ੀਸਦੀ ਰਾਹਤ ਦਿੱਤੀ ਜਾਵੇਗੀ | ਹਾਲ ਹੀ ਦੇ ਮੀਂਹ ਨਾਲ ਫ਼ਸਲਾਂ ਨੂੰ ਹੋਏ ਨੁਕਸਾਨ ਸੰਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਸੰਬੰਧੀ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ | ਜਿਉਂ ਹੀ ਡਿਪਟੀ ਕਮਿਸ਼ਨਰਾਂ ਵੱਲੋਂ ਰਿਪੋਰਟਾਂ ਆਈਆਂ ਤਾਂ ਇਸ ਲਈ ਵੀ ਮੁਆਵਜ਼ੇ ਵਾਸਤੇ ਕਦਮ ਚੁੱਕੇ ਜਾਣਗੇ | ਡਿਪਟੀ ਕਮਿਸ਼ਨਰਾਂ ਨੂੰ ਇੱਕ ਹਫ਼ਤੇ ਵਿੱਚ ਫਸਲ ਦੇ ਨੁਕਸਾਨ ਬਾਰੇ ਰਿਪੋਰਟਾਂ ਭੇਜਣ ਲਈ ਨਿਰਦੇਸ਼ ਦਿੱਤੇ ਗਏ ਸਨ |

Comment here