ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਨਵਜੋਤ ਸਿੱਧੂ ਖਿਲਾਫ ਲੁਧਿਆਣਾ ਦੇ ਡੀਸੀਪੀ ਕਰਨਗੇ ਕਾਰਵਾਈ

ਭੈਣ ਦੀ ਸ਼ਿਕਾਇਤ ‘ਤੇ ਮਹਿਲਾ ਕਮਿਸ਼ਨ ਨੇ ਦਿੱਤੇ ਨਿਰਦੇਸ਼

ਲੁਧਿਆਣਾ-ਕੌਮੀ ਮਹਿਲਾ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਅਤੇ ਡਾਕਟਰ ਹਰਬਿੰਦਰ ਸਿੰਘ ਤੂਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਮਾਮਲੇ ਵਿੱਚ ਡੀਸੀਪੀ ਲੁਧਿਆਣਾ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਕ ਬਿਆਨ ਵਿੱਚ, ਇਹ ਸੂਚਿਤ ਕੀਤਾ ਗਿਆ ਸੀ ਕਿ ਮੌਜੂਦਾ ਸ਼ਿਕਾਇਤ ਜਾਇਦਾਦ ਦੇ ਅਧਿਕਾਰਾਂ/ਸਨਮਾਨ ਨਾਲ ਜਿਉਣ ਦੇ ਅਧਿਕਾਰ ਤੋਂ ਕਥਿਤ ਤੌਰ ‘ਤੇ ਵਾਂਝੇ ਰੱਖਣ ਨਾਲ ਸਬੰਧਤ ਹੈ। ਐਨਸੀਡਬਲਯੂ ਨੇ ਡੀਸੀਪੀ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਅਤੇ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਕੀਤੀ ਗਈ ਕਾਰਵਾਈ ਬਾਰੇ ਸੂਚਿਤ ਕਰਨ ਲਈ ਕਿਹਾ। ਦੱਸਣਯੋਗ ਹੈ ਕਿ ਸੁਮਨ ਤੂਰ ਵੱਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰ ਕੇ ਨਵਜੋਤ ਸਿੰਘ ਸਿੱਧੂ ‘ਤੇ ਗੰਭੀਰ ਦੋਸ਼ ਲਾਏ ਸਨ। ਇਸ ਤੋਂ ਬਾਅਦ ਉਹ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਨਿਸ਼ਾਨੇ ‘ਤੇ ਵੀ ਆ ਗਏ ਸਨ ਤੇ ਇਸ ਸਬੰਧੀ ਉਨ੍ਹਾਂ ਤੋਂ ਸਵਾਲ ਵੀ ਪੁੱਛੇ ਜਾ ਰਹੇ ਸਨ। ਨਵਜੋਤ ਸਿੰਘ ਸਿੱਧੂ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਸੀ ਪਰ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਚੋਣਾਂ ਸਮੇਂ ਅਜਿਹੇ ਰਿਸ਼ਤੇਦਾਰ ਆਉਂਦੇ ਹਨ ਤੇ ਉਨ੍ਹਾਂ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਸੀ।

Comment here