ਚੰਡੀਗੜ੍ਹ-ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ਦੇ ਸੀਜੇਐਮ ਖਿਲਾਫ਼ ਪਾਈ ਪਟੀਸ਼ਨ ਅਰਜ਼ੀ ਮਨਜ਼ੂਰ ਹੋ ਗਈ ਹੈ। ਹੁਣ ਉਨ੍ਹਾਂ ਨੂੰ ਸੀਐਲਯੂ ਮਾਮਲੇ ’ਚ ਲੁਧਿਆਣਾ ਕੋਰਟ ’ਚ ਫਿਜ਼ੀਕਲ ਤੌਰ ’ਤੇ ਆਉਣ ਤੋਂ ਰਾਹਤ ਮਿਲ ਗਈ ਹੈ। ਉਹ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਜ਼ਰੀਏ ਭੁਗਤਣਗੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸਿਹਤ ਨਾ ਠੀਕ ਹੋਣ ਤੇ ਜਾਨ ਨੂੰ ਖਤਰਾ ਦੱਸਦੇ ਹੋਏ ਇਸ ਮਾਮਲੇ ’ਚ ਲੁਧਿਆਣਾ ਅਦਾਲਤ ਵੱਲੋਂ ਤਲਬ ਕੀਤੇ ਜਾਣ ’ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤਣ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਆਉਣ ਦੇ ਆਦੇਸ਼ ਦਿੱਤੇ ਸਨ।
ਉਨ੍ਹਾਂ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਤਲਬ ਕੀਤਾ ਗਿਆ ਸੀ। ਹਾਲਾਂਕਿ, ਇਸ ਤੋਂ ਪਹਿਲਾਂ ਸਿੱਧੂ ਨੇ 29 ਸਤੰਬਰ ਨੂੰ ਦਾਇਰ ਇੱਕ ਅਰਜ਼ੀ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਬਿਆਨ ਦਰਜ ਕਰਨ ਦੀ ਮੰਗ ਕੀਤੀ ਸੀ। ਉਕਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਿੱਧੂ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ।
ਜ਼ਿਕਰਯੋਗ ਹੈ ਕਿ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਚਕਾਰ ਸੀਐਲਯੂ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਵਿਵਾਦ ਵਿੱਚ ਆਸ਼ੂ ਨੇ ਸਾਬਕਾ ਡੀਐਸਪੀ ਨੂੰ ਧਮਕੀ ਦਿੱਤੀ ਸੀ। ਇਸ ‘ਤੇ ਸਾਬਕਾ ਡੀਐਸਪੀ ਨੇ ਆਸ਼ੂ ਦੀ ਸ਼ਿਕਾਇਤ ਤਤਕਾਲੀ ਲੋਕਲ ਬਾਡੀਜ਼ ਮੰਤਰੀ ਸਿੱਧੂ ਨੂੰ ਕੀਤੀ ਸੀ। ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਸਾਬਕਾ ਡੀਐਸਪੀ ਨੇ ਮਾਮਲਾ ਅਦਾਲਤ ਵਿੱਚ ਦਾਇਰ ਕਰ ਦਿੱਤਾ। ਇਸ ਵਿੱਚ ਨਵਜੋਤ ਸਿੱਧੂ ਨੂੰ ਗਵਾਹ ਬਣਾਇਆ ਗਿਆ ਸੀ। ਨਵਜੋਤ ਸਿੰਘ ਸਿੱਧੂ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਗਵਾਹੀ ਦੇਣੀ ਹੈ।
ਨਵਜੋਤ ਸਿੱਧੂ ਦੀ ਸੀਐਲਯੂ ਖਿਲਾਫ਼ ਪਟੀਸ਼ਨ ਅਰਜ਼ੀ ਮਨਜ਼ੂਰ

Comment here