ਪਟਿਆਲਾ-ਨਵਜੋਤ ਸਿੰਘ ਸਿੱਧੂ ਦੀ ਸਰਗਰਮੀ ਤੋਂ ਸੰਕੇਤ ਮਿਲ ਰਿਹਾ ਹੈ ਕਿ ਉਹ ਪਾਰਟੀ ਦੀ ਪੰਜਾਬ ਚ ਕਮਾਂਡ ਸਾਂਭਣ ਲਈ ਪੂਰੀ ਤਰਾਂ ਤਿਆਰ ਹਨ। ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਚਰਚਾ ‘ਚ ਚੱਲ ਰਹੇ ਨਵਜੋਤ ਸਿੱਧੂ ਨਾਲ ਕਾਂਗਰਸੀ ਵਿਧਾਇਕਾਂ ਤੇ ਲੀਡਰਾਂ ਦੀਆਂ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ। ਅੱਜ ਸਵੇਰ ਵੇਲੇ ਉਹ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਨਿਰਮਲ ਸਿੰਘ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਨਿੱਜੀ ਰਿਹਾਇਸ਼ ਵਿਖੇ ਪੁੱਜੇ। ਦੁਪਹਿਰ ਵੇਲੇ ਵਿਧਾਇਕ ਮਦਨ ਲਾਲ ਜਲਾਲਪੁਰਾ ਦੇ ਘਰ ਪੁੱਜੇ ਜਿੱਥੇ ਹਾਜ਼ਰ ਲੀਡਰਾਂ ਨੇ ਸਿੱਧੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇੱਥੇ ਨਵਜੋਤ ਸਿੰਘ ਸਿੱਧੂ ਦੇ ਨਾਲ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਮਦਨ ਲਾਲ ਜਲਾਲਪੁਰਾ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰ ਬਾਹੜਾ, ਵਿਧਾਇਕ ਦਰਸ਼ਨ ਬਰਾੜ ਤੇ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਬੰਦ ਕਮਰੇ ‘ਚ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਜਲਾਲਪੁਰਾ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਵੱਡੀ ਗੱਲ ਕਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਜ ਹਨ ਤੇ ਉਨ੍ਹਾਂ ਨੂੰ ਸਿੱਧੂ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ। ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਬੀਤੇ ਦਿਨ ਕਾਂਗਰਸ ਦੇ 30 ਮੌਜੂਦਾ ਵਿਧਾਇਕ ਤੇ ਲੋਕ ਸਭਾ ਮੈਂਬਰਾਂ ਵੱਲੋਂ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਹੈ। ਪ੍ਰਧਾਨਗੀ ਲਈ ਨਾਮ ਦੇ ਐਲਾਨ ਤੋਂ ਪਹਿਲਾਂ ਹੀ ਸਿੱਧੂ ਦੇ ਘਰ ਸਿਆਸੀ ਲੀਡਰਾਂ ਦੀਆਂ ਫੇਰੀਆਂ ਵਧ ਗਈਆਂ ਹਨ, ਇਸ ਦੇ ਨਾਲ ਹੀ ਪ੍ਰਧਾਨ ਬਣਨ ਤੋਂ ਪਹਿਲਾਂ ਸਾਰੇ ਕਾਂਗਰਸੀ ਵਿਧਾਇਕਾਂ ਤੇ ਸੀਨੀਅਰ ਆਗੂਆਂ ਦੇ ਸਹਿਮਤ ਹੋਣ ਤੇ ਸ਼ਕਤੀ ਪ੍ਰਦਰਸ਼ਨ ਦੀ ਚਰਚਾ ਛਿੜੀ ਹੋਈ ਹੈ। ਪਾਰਟੀ ਅੰਦਰੂਨੀ ਕਲੇਸ਼ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਬਾਰੇ ਸ਼ਨਿਚਰਵਾਰ ਨੂੰ ਵੀ ਕਾਂਗਰਸ ਦੀ ਸਿਆਸਤ ਭਖੀ ਰਹੀ। ਸਿੱਧੂ ਨੇ ਸ਼ਨਿਚਰਵਾਰ ਨੂੰ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਪ੍ਰਧਾਨ ਲਾਲ ਸਿੰਘ ਤੇ ਕੈਪਟਨ ਤੋਂ ਨਾਰਾਜ਼ ਕਾਂਗਰਸ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਉਹ ਸ਼ਨਿਚਰਵਾਰ ਨੂੰ ਵਿਧਾਇਕਾਂ ਤੇ ਹੋਰ ਮੰਤਰੀਆਂ ਨੂੰ ਵੀ ਮਿਲੇ। ਇਸ ਦੌਰਾਨ ਉਨ੍ਹਾਂ ਦਾ ਅੰਦਾਜ਼ ਸਪੱਸ਼ਟ ਕਰ ਰਿਹਾ ਸੀ ਕਿ ਉਹ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ਸਬੰਧੀ ਪੂਰੀ ਤਰ੍ਹਾਂ ਆਸਵੰਦ ਹਨ। ਸਿੱਧੂ ਨੇ ਸ਼ੁੱਕਵਰਾਰ ਰਾਤ ਨੂੰ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨਾਂ ਸ਼ਮਸ਼ੇਰ ਸਿੰਘ ਦੂਲੋ ਤੇ ਪ੍ਰਤਾਪ ਸਿੰਘ ਬਾਜਵਾ ਨਾਲ ਵੀ ਮੁਲਾਕਾਤ ਕੀਤੀ ਸੀ।
ਨਵਜੋਤ ਸਿੱਧੂ ਨੇ ਮੀਟਿੰਗਾਂ ਦਾ ਦੌਰ ਭਖਾਇਆ

Comment here