ਖਬਰਾਂਮਨੋਰੰਜਨ

ਨਹੀਂ ਰਹੀ ਲੰਮੀ ਹੇਕ ਵਾਲੀ ਗਾਇਕਾ ਗੁਰਮੀਤ ਬਾਵਾ

ਚੰਡੀਗੜ-ਸੰਗੀਤ ਜਗਤ ਲਈ ਸੋਗ ਭਰੀ ਖਬਰ ਆਈ ਹੈ, ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਹੋ ਗਿਆ ਹੈ। ਉਹ ਕਰੀਬ 77 ਵਰ੍ਹਿਆਂ ਦੇ ਸਨ ਤੇ ਕੁਝ ਸਮੇਂ ਤੋਂ ਬਿਮਾਰ ਸਨ। ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹੈ। ਉਨ੍ਹਾਂ ਨੂੰ ਕਈ ਕੌਮੀ ਤੇ ਕੌਮਾਂਤਰੀ ਪੁਰਸਕਾਰ ਮਿਲੇ। ਉਨ੍ਹਾਂ ਦੇ ਦੇਹਾਂਤ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੁੱਖ ਮੰਤਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਟਵਿੱਟਰ ‘ਤੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ, ”ਗੁਰਮੀਤ ਬਾਵਾ ਜੀ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਸਦਮਾ ਅਤੇ ਦੁੱਖ ਹੋਇਆ। ਪੰਜਾਬੀ ਲੋਕ ਸੰਗੀਤ ਵਿੱਚ ਉਸਦਾ ਯੋਗਦਾਨ ਅਮਿੱਟ ਹੈ। ਮੇਰੀਆਂ ਦਿਲੀ ਸੰਵੇਦਨਾ, ਵਿਚਾਰ ਅਤੇ ਪ੍ਰਾਰਥਨਾਵਾਂ ਉਸਦੇ ਪਰਿਵਾਰ ਨਾਲ ਹਨ।”ਪੰਜਾਬ ਸਰਕਾਰ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ, ਜਿਸ ਨੇ ਆਪਣੀ ਸਾਫ-ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ। ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾਂ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਰੰਧਾਵਾ ਤੇ ਪਰਗਟ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਿਆਂ ਗੁਰਮੀਤ ਬਾਵਾ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਪ੍ਰਸੰਸਕਾਂ ਨਾਲ ਦੁੱਖ ਵੀ ਸਾਂਝਾ ਕੀਤਾ। ਅਕਾਲੀ ਦਲ ਨੇ ਵੀ ਲੋਕ ਗਾਇਕਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੋਸਟ ਸਾਂਝੀ ਕਰਦਿਆਂ ਕਿਹਾ, ”ਪ੍ਰਸਿੱਧ ਪੰਜਾਬੀ ਗਾਇਕਾ ਸ਼੍ਰੀਮਤੀ ਗੁਰਮੀਤ ਬਾਵਾ ਜੀ ਦੇ ਦੇਹਾਂਤ ‘ਤੇ ਦਿਲੀ ਅਫਸੋਸ ਹੈ।” ਉਨ੍ਹਾਂ ਅੱਗੇ ਕਿਹਾ, ” ਪੰਜਾਬੀ ਸੰਗੀਤਕ ਸਨਅਤ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਪ੍ਰਾਪਤੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਗੁਰੂ ਸਾਹਿਬ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”

 

Comment here