ਅਪਰਾਧਸਿਆਸਤਖਬਰਾਂ

ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਦਿੱਤੀ ਚੁਣੌਤੀ

ਅੰਮ੍ਰਿਤਸਰ-ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਟਨਾ ਸਾਹਿਬ ਦੀ ਕਮੇਟੀ ਨੂੰ ਤਲਬ ਕਰਦਿਆਂ ਜਿੱਥੇ ਧਾਰਮਿਕ ਸੇਵਾ ਲਾਈ ਗਈ ਸੀ, ਉੱਥੇ ਹੀ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਸੀ। ਇੰਨਾ ਹੀ ਨਹੀਂ ਇਸ ਦੇ ਨਾਲ ਹੀ ਪਟਨਾ ਸਾਹਿਬ ਕਮੇਟੀ ਦੇ ਵਿੱਚ ਕੰਮ ਕਰਨ ਵਾਲੇ ਸੇਵਾਦਾਰਾਂ ਨੂੰ ਤੰਬਾਕੂ ਦਾ ਸੇਵਨ ਕਰਨ ਦੀ ਵੀ ਸਖਤ ਸ਼ਬਦਾਂ ਦੇ ਵਿੱਚ ਮਨਾਹੀ ਕੀਤੀ ਗਈ ਸੀ। ਇਨ੍ਹਾਂ ਸਭ ਹੁਕਮਾਂ ਨੂੰ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਮੁੱਢੋਂ ਰੱਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਸਿੱਧੀ ਚੁਣੌਤੀ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਗਿਆਨੀ ਇਕਬਾਲ ਸਿੰਘ ਤਨਖਾਹੀਆਂ ਕਰਾਰ ਦਿੱਤੇ ਜਾਣ ਦੇ ਬਾਵਜੂਦ ਤਖ਼ਤ ਸਾਹਿਬ ਦੇ ਅੰਦਰ ਪ੍ਰਵੇਸ਼ ਹੋਏ ਅਤੇ ਉਨ੍ਹਾਂ ਦਾ ਇੱਕ ਧੜਾ ਲਗਾਤਾਰ ਜਥੇਦਾਰ ਅਕਾਲ ਤਖ਼ਤ ਸਾਹਿਬ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਗਿਆਨੀ ਇਕਬਾਲ ਸਿੰਘ ਨੂੰ ਪਟਨਾ ਸਾਹਿਬ ਦੀ ਸੇਵਾ ਦਿੱਤੀ ਜਾਵੇ । ਇਸ ਦੇ ਨਾਲ ਹੀ ਅੱਜ ਪੰਜ ਪਿਆਰਿਆਂ ਦੇ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਦਿੱਤੀ ਗਈ ਚੁਣੌਤੀ ਪੰਥਕ ਗਲਿਆਰਿਆ ਦੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਕਰਮਚਾਰੀਆਂ ਦਾ ਨਸ਼ਿਆਂ ਨੂੰ ਲੈ ਕੇ ਟੈਸਟ ਕਰਵਾਉਣ ਦੇ ਬਾਰੇ ਕੀਤੇ ਗਏ ਫੈਸਲੇ ਦਾ ਪਟਨਾ ਸਾਹਿਬ ਵਿਖੇ ਸਖ਼ਤ ਵਿਰੋਧ ਕੀਤਾ ਗਿਆ ਹੈ। ਇਸੇ ਤਰ੍ਹਾਂ ਪ੍ਰਬੰਧਕੀ ਬੋਰਡ ਦੇ ਦੋ ਮੈਂਬਰਾਂ, ਜਿਨ੍ਹਾਂ ਨੂੰ ਤਨਖਾਹ ਲਗਾਈ ਗਈ ਹੈ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਇਸ ਫ਼ੈਸਲੇ ਨਾਲ ਅਸਹਿਮਤੀ ਜ਼ਾਹਰ ਕੀਤੀ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਕੁਝ ਕਰਮਚਾਰੀਆਂ ਅਤੇ ਹੋਰ ਮੈਂਬਰਾਂ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ। ਇਸ ਸਬੰਧ ਵਿੱਚ ਰੋਸ ਵਿਖਾਵਾ ਕੀਤਾ ਗਿਆ ਅਤੇ ਪੁਤਲਾ ਵੀ ਸਾੜਿਆ ਗਿਆ।
ਤੁਹਾਨੂੰ ਦੱਸ ਦਈਏ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਿਵਾਦ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਦੇ ਵੱਲੋਂ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਪ੍ਰਬੰਧਕੀ ਬੋਰਡ ਦੇ ਤਿੰਨ ਮੈਂਬਰਾਂ ਨੂੰ ਵੀ ਤਨਖ਼ਾਹ ਲਗਾਈ ਗਈ ਹੈ। ਇਨ੍ਹਾਂ ਤੋਂ ਇਲਾਵਾ ਬੋਰਡ ਦੇ ਇੱਕ ਮੈਂਬਰ ਨੂੰ ਉੱਥੋਂ ਦੇ ਪੰਜ ਪਿਆਰਿਆਂ ਵੱਲੋਂ ਲਗਾਈ ਗਈ ਤਨਖ਼ਾਹ ਨੂੰ ਪੂਰਾ ਕਰਨ ਦੇ ਲਈ ਹੁਕਮ ਜਾਰੀ ਕੀਤੇ ਗਏ ਹਨ।

Comment here