ਮਾਨਸਾ-ਜਿੱਥੇ ਇੱਕ ਪਾਸੇ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਮਾਨਸਾ ਇਲਾਕੇ ਦੀਆਂ ਕੌਮਾਂਤਰੀ ਤੇ ਕੌਮੀ ਪੱਧਰ ’ਤੇ ਖੇਡ ਚੁੱਕੀਆਂ ਖਿਡਾਰਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਰਕਾਰਾਂ ਤੋਂ ਦੁੱਖੀ ਨਜ਼ਰ ਆਏ। ਇਸਦੇ ਚੱਲਦੇ ਉਨ੍ਹਾਂ ਨੇ ਸਮੇਂ ਦੀਆਂ ਸਰਕਾਰਾਂ ’ਤੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਬੈਠਕ ਕਰਕੇ ਚੋਣਾਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਵੱਲੋਂ ਸਰਕਾਰਾਂ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ’ਤੇ ਰੋਸ ਵੀ ਜਤਾਇਆ ਜਾ ਰਿਹਾ ਹੈ। ਕੋਚ ਮਨਪ੍ਰੀਤ ਸਿੰਘ ਮਨੂ ਨੇ ਦੱਸਿਆ ਕਿ ਮਾਨਸਾ ਦੇ ਕਸਬਾ ਜੋਗਾ ਦੀਆਂ ਗ਼ਰੀਬ ਪਰਿਵਾਰਾਂ ਦੀਆਂ ਕਈ ਖਿਡਾਰਨਾਂ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਖੇਡ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਬਿਨਾਂ ਸਹੂਲਤਾਂ ਤੋਂ ਹਰ ਸਾਲ ਸਟੇਟ ਅਤੇ ਨੈਸ਼ਨਲ ਪੱਧਰ ’ਤੇ ਮੈਡਲ ਪ੍ਰਾਪਤ ਕਰਦੀਆਂ ਹਨ, ਪਰ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਹੋਣ ਕਾਰਨ ਸਰਕਾਰਾਂ ਨੇ ਹਮੇਸ਼ਾ ਇਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਕਰਨ ਦੇ ਬਾਵਜੂਦ ਵੀ ਸਰਕਾਰਾਂ ਉਨ੍ਹਾਂ ਉੱਪਰ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਦੱਸਿਆ ਕਿ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਰੋਸ ਜ਼ਾਹਰ ਕੀਤਾ ਹੈ ਕਿ ਪਿਛਲੇ ਲਗਪਗ 7-8 ਸਾਲਾਂ ਤੋਂ ਕੋਈ ਵੀ ਖੇਡ ਕਿੱਟ ਜਾਂ ਕੋਈ ਖੇਡਾਂ ਦਾ ਸਾਮਾਨ ਕਿਸੇ ਵੀ ਸਰਕਾਰ ਵੱਲੋਂ ਮੁਹੱਈਆ ਨਹੀਂ ਕਰਵਾਇਆ ਗਿਆ ਹੈ। ਜਿਸ ਦੇ ਰੋਸ ਵਜੋਂ ਹੁਣ ਇਨ੍ਹਾਂ ਨੇ ਸਿਆਸੀ ਆਗੂਆਂ ਅਤੇ ਸਿਆਸੀ ਪਾਰਟੀਆਂ ਦਾ ਚੋਣਾਂ ਵਿੱਚ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ।
Comment here