ਵਿਰੋਧੀ ਪਾਰਟੀ ਇਮਰਾਨ ਸਰਕਾਰ ਖਿਲਾਫ ਦੇਸ਼ ਭਰ ‘ਚ ਕਰੇਗੀ ਪ੍ਰਦਰਸ਼ਨ
ਪੇਸ਼ਾਵਰ— ਪਾਕਿਸਤਾਨ ‘ਚ ਵਧਦੀ ਮਹਿੰਗਾਈ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਇਮਰਾਨ ਖਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪਾਕਿਸਤਾਨ ਦੀ ਜਮਾਤ-ਏ-ਇਸਲਾਮੀ ਪਾਰਟੀ ਨੇ ਮਿੰਨੀ ਬਜਟ ਵਾਪਸ ਲੈਣ ਲਈ ਸਰਕਾਰ ‘ਤੇ ਦਬਾਅ ਬਣਾਉਣ ਲਈ ਦੇਸ਼ ਵਿਆਪੀ ਵਿਰੋਧ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਡਾਨ ਦੀ ਰਿਪੋਰਟ ਮੁਤਾਬਕ ਜਮਾਤ-ਏ-ਇਸਲਾਮੀ ਦੇ ਮੁਖੀ ਸਿਰਾਜ-ਉਲ-ਹੱਕ ਨੇ ਕਿਹਾ ਹੈ ਕਿ ਇਸਲਾਮਾਬਾਦ ‘ਚ ਅੰਤਿਮ ਧਰਨਾ ਦੇਣ ਤੋਂ ਪਹਿਲਾਂ ਜਮਾਤ-ਏ-ਇਸਲਾਮੀ ਸਾਰੇ ਵੱਡੇ ਸ਼ਹਿਰਾਂ ‘ਚ 100 ਧਰਨੇ ਲਗਾਏਗੀ। ਉਨ੍ਹਾਂ ਦੱਸਿਆ ਕਿ ਅੰਦੋਲਨ ਦਾ ਪ੍ਰੋਗਰਾਮ ਜਲਦ ਹੀ ਐਲਾਨਿਆ ਜਾਵੇਗਾ। ਉਨ੍ਹਾਂ ਨੇ ਸਟੇਟ ਬੈਂਕ ਆਫ ਪਾਕਿਸਤਾਨ ਦੇ ਗਵਰਨਰ ਨੂੰ ਹਟਾਉਣ ਦੀ ਵੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਨੈਸ਼ਨਲ ਅਸੈਂਬਲੀ ਵਿੱਚ ਮਿੰਨੀ ਬਜਟ ਪਾਸ ਕੀਤਾ ਹੈ। ਪਾਕਿਸਤਾਨ ‘ਚ ਵਧਦੀ ਮਹਿੰਗਾਈ ਦਰਮਿਆਨ ਸਿਰਾਜ ਨੇ ਕਿਹਾ ਹੈ ਕਿ ਸਰਕਾਰ ਨੂੰ ਬੁਨਿਆਦੀ ਖਾਧ ਪਦਾਰਥਾਂ ਦੀਆਂ ਕੀਮਤਾਂ ‘ਚ 50 ਫੀਸਦੀ ਤੱਕ ਦੀ ਕਮੀ ਕਰਨੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਮਰਾਨ ਖਾਨ ਸਰਕਾਰ ਨੇ ਕੀਮਤਾਂ ਨਾ ਘਟਾਈਆਂ ਤਾਂ ਸਰਕਾਰ ਇਸਲਾਮਾਬਾਦ ਵਿੱਚ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਸਿਰਾਜ ਨੇ ਕਿਹਾ ਹੈ ਕਿ ਪਾਰਟੀ ਦਾ ਆਉਣ ਵਾਲਾ ਧਰਨਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਤਾਬੂਤ ਵਿੱਚ ਆਖਰੀ ਕਿੱਲ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਦੀਆਂ ਹੋਰ ਵਿਰੋਧੀ ਪਾਰਟੀਆਂ ਜਿਵੇਂ ਪਾਕਿਸਤਾਨ ਪੀਪਲਜ਼ ਪਾਰਟੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਬਰਾਬਰ ਦੀਆਂ ਜ਼ਿੰਮੇਵਾਰ ਹਨ। ਸਿਰਾਜ ਨੇ ਇਮਰਾਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਨੇ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ‘ਚ 100-300 ਫੀਸਦੀ ਦਾ ਵਾਧਾ ਕੀਤਾ ਹੈ। ਉਨ੍ਹਾਂ ਨੇ ਪਾਕਿਸਤਾਨੀ ਰੁਪਏ ਦੀ ਡਿੱਗਦੀ ਕੀਮਤ ‘ਤੇ ਵੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਮੌਜੂਦਾ ਆਰਥਿਕ ਸੰਕਟ ਦੇ ਮੱਦੇਨਜ਼ਰ ਉਨ੍ਹਾਂ ਨੇ ਦੇਸ਼ ਦੇ ਪਰਮਾਣੂ ਪ੍ਰੋਗਰਾਮ ਨੂੰ ਵਾਪਸ ਲੈਣ ਦੀ ਗੱਲ ਕਹੀ ਹੈ।
Comment here