ਪੇਸ਼ਾਵਰ:ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੱਤਰ-ਪੱਛਮੀ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਕਿਲੇ ਦੇ ਅੰਦਰ ਸਥਿਤ ਇੱਕ ਸੁਰੱਖਿਆ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ ਹੋਇਆ, ਜਿਸ ਵਿੱਚ ਘੱਟੋ-ਘੱਟ 6 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 22 ਹੋਰ ਜ਼ਖਮੀ ਹੋ ਗਏ। ਜ਼ਿਲ੍ਹਾ ਪੁਲਿਸ ਅਧਿਕਾਰੀ ਵਕਾਰ ਅਹਿਮਦ ਖਾਨ ਨੇ ਦੱਸਿਆ ਕਿ ਅੱਤਵਾਦੀਆਂ ਦੁਆਰਾ ਦੱਖਣੀ ਵਜ਼ੀਰਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ ‘ਚ ਐੱਫ.ਸੀ. ਲਾਈਨ ਉਪਰ ਹਮਲਾ ਕੀਤਾ ਗਿਆ ਅਤੇ ਇਸ ਹਮਲੇ ਵਿੱਚ ਗੋਲੀਬਾਰੀ ਦੌਰਾਨ ਤਿੰਨ ਹਮਲਾਵਰਾਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਾਂਕ ਜ਼ਿਲ੍ਹੇ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਸ ਹਮਲੇ ਵਿੱਚ ਤਹਿਰੀਕ-ਏ-ਤਾਲਿਬਾਨ ਦੇ ਹੱਥ ਹੋਣ ਸ਼ੱਕ ਜਤਾਇਆ ਜਾ ਰਿਹਾ ਹੈ ਪਰ ਅਜੇ ਤੱਕ ਇਸ ਦੀ ਕੋਈ ਵੀ ਪੁਸ਼ਟੀ ਨਹੀਂ ਹੋਈ। ਟੀਟੀਪੀ ਦੇ ਅੱਤਵਾਦੀ ਅਫਗਾਨਿਸਤਾਨ ਵਿੱਚ ਲੁਕੇ ਹੋਏ ਹਨ ਅਤੇ ਅਕਸਰ ਪਾਕਿਸਤਾਨੀ ਫ਼ੌਜ ‘ਤੇ ਜਾਨਲੇਵਾ ਹਮਲੇ ਕਰਦੇ ਹਨ। ਪਾਕਿਸਤਾਨ ਸਰਕਾਰ ਨੇ ਕਈ ਵਾਰ ਤਾਲਿਬਾਨ ਕੋਲ ਇਹ ਮੁੱਦਾ ਉਠਾਇਆ ਹੈ ਪਰ ਹੁਣ ਤੱਕ ਉਨ੍ਹਾਂ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ। ਇਸ ਕਾਰਨ ਤਾਲਿਬਾਨ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ।
Comment here