ਲਾਹੌਰ-ਪਾਕਿਸਤਾਨ ਦੇ ਗ੍ਰਹਿ ਮੰਤਰੀ ਅਤਾ ਤਰਾਰ ਨੇ ਕਿਹਾ ਕਿ ਪ੍ਰਸ਼ਾਸਨ ਨੂੰ “ਜਬਰ-ਜ਼ਿਨਾਹ ਦੇ ਮਾਮਲਿਆਂ ਨਾਲ ਨਜਿੱਠਣ ਲਈ ਐਮਰਜੈਂਸੀ ਦੀ ਸਥਿਤੀ ਦਾ ਐਲਾਨ” ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਸਮਾਜ ਅਤੇ ਸਰਕਾਰੀ ਅਧਿਕਾਰੀਆਂ ਲਈ ਇੱਕ ਗੰਭੀਰ ਮੁੱਦਾ ਹੈ।
‘ਡਾਨ’ ਅਖ਼ਬਾਰ ਮੁਤਾਬਕ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ, ‘ਪੰਜਾਬ ‘ਚ ਰੋਜ਼ਾਨਾ ਚਾਰ ਤੋਂ ਪੰਜ ਜਬਰ-ਜ਼ਿਨਾਹ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਸਰਕਾਰ ਜਿਨਸੀ ਸ਼ੋਸ਼ਣ, ਦੁਰਵਿਵਹਾਰ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਵਿਸ਼ੇਸ਼ ਕਦਮ ਚੁੱਕਣ ‘ਤੇ ਵਿਚਾਰ ਕਰ ਰਹੀ ਹੈ।’ ਕਾਨੂੰਨ ਮੰਤਰੀ ਮਲਿਕ ਮੁਹੰਮਦ ਅਹਿਮਦ ਖਾਨ ਦੀ ਮੌਜੂਦਗੀ ਵਿੱਚ, ਤਰਾਰ ਨੇ ਕਿਹਾ ਕਿ ਜਬਰ-ਜ਼ਿਨਾਹ ਅਤੇ ਕਾਨੂੰਨ ਵਿਵਸਥਾ ਬਾਰੇ ਕੈਬਨਿਟ ਕਮੇਟੀ ਦੁਆਰਾ ਸਾਰੇ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਜਿਹੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ ਸਿਵਲ ਸੰਸਥਾਵਾਂ, ਔਰਤਾਂ ਦੇ ਅਧਿਕਾਰ ਸੰਗਠਨਾਂ, ਅਧਿਆਪਕਾਂ ਅਤੇ ਵਕੀਲਾਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾਵੇਗਾ।
ਤਰਾਰ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਬਿਨਾਂ ਨਿਗਰਾਨੀ ਦੇ ਘਰਾਂ ਵਿੱਚ ਇਕੱਲੇ ਨਾ ਛੱਡਿਆ ਜਾਵੇ। ਮੰਤਰੀ ਨੇ ਕਿਹਾ ਕਿ ਕਈ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜਿਨਸੀ ਸ਼ੋਸ਼ਣ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਲਾਤਕਾਰ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਮੁਹਿੰਮਾਂ ਸ਼ੁਰੂ ਕੀਤੀਆਂ ਹੋਈਆਂ ਹਨ।
Comment here