ਸਿਆਸਤਖਬਰਾਂਦੁਨੀਆ

ਪਾਕਿ ਨੇ ਕਰਤਾਰਪੁਰ ਦਰਸ਼ਨਾਂ ਲਈ ਨਿਯਮਾਂ ’ਚ ਅਸਥਾਈ ਤੌਰ ’ਤੇ ਦਿੱਤੀ ਢਿੱਲ

ਇਸਲਾਮਾਬਾਦ-ਪਾਕਿਸਤਾਨ ਨੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਸਮਾਗਮ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੇ ਭਾਰਤ ਦੇ ਤਾਜ਼ਾ ਫੈਸਲੇ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਨਮਾਨ ਵਜੋਂ ਇਹ ਫੈਸਲਾ ਲਿਆ ਹੈ। ਪਾਕਿਸਤਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਇੱਕ ਚੰਗੀ ਪਹਿਲ ਕੀਤੀ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਇੱਥੇ ਕਈ ਸਮਾਗਮ ਕਰਵਾਏ ਜਾ ਰਹੇ ਹਨ। ਨਿਯਮਾਂ ਅਨੁਸਾਰ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ ਨੂੰ 10 ਦਿਨ ਪਹਿਲਾਂ ਜਾਣਕਾਰੀ ਦੇਣੀ ਪੈਂਦੀ ਸੀ, ਪਰ ਮੀਡੀਆ ਰਿਪੋਰਟਾਂ ਮੁਤਾਬਕ ਹੁਣ ਇਸ ਨਿਯਮ ’ਚ ਅਸਥਾਈ ਤੌਰ ’ਤੇ ਢਿੱਲ ਦਿੱਤੀ ਗਈ ਹੈ।
ਨਿਊਜ਼ ਚੈਨਲ ਦੀ ਵੈੱਬਸਾਈਟ ’ਤੇ ਪ੍ਰਕਾਸ਼ਿਤ ਖਬਰ ਮੁਤਾਬਕ 30 ਨਵੰਬਰ ਤੱਕ ਇਹ ਛੋਟ ਦਿੰਦੇ ਹੋਏ ਪਾਕਿਸਤਾਨ ਨੇ ਉਮੀਦ ਜਤਾਈ ਹੈ ਕਿ ਭਾਰਤ ਸਰਕਾਰ 1 ਦਸੰਬਰ ਤੋਂ ਸੈਲਾਨੀਆਂ ਲਈ ਸਹਿਮਤੀ ਪ੍ਰਕਿਰਿਆ ਦਾ ਪਾਲਣ ਕਰੇਗੀ। ਸਿੱਖ ਸ਼ਰਧਾਲੂਆਂ ਦੀ ਸੂਚੀ ਨੂੰ ਭਾਰਤ ਅਤੇ ਪਾਕਿਸਤਾਨ ਦੋਵਾਂ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਕਾਰਨ ਕਰਤਾਰਪੁਰ ਦੀ ਯਾਤਰਾ ਤੋਂ 10 ਦਿਨ ਪਹਿਲਾਂ ਅੰਤਿਮ ਰੂਪ ਦੇਣਾ ਜ਼ਰੂਰੀ ਹੈ। ਕਰਤਾਰਪੁਰ ਲਾਂਘਾ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਬੀਤੇ ਸ਼ੁੱਕਰਵਾਰ ਨੂੰ 240 ਤੋਂ ਵੱਧ ਸਿੱਖ ਸ਼ਰਧਾਲੂ ਕਰਤਾਰਪੁਰ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਵਫਦ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।

ਸਿੱਧੂ ਦੇ ਯਤਨਾਂ ਨਾਲ ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ—ਇਮਰਾਨ ਖਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕਰ ਕੇ ਸਿੱਧੂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ। ਇਮਰਾਨ ਨੇ ਇਕ ਵਾਰ ਫਿਰ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਕਰਤਾਰਪੁਰ ਲਾਂਘਾ ਦੁਬਾਰਾ ਖੁੱਲ੍ਹਿਆ ਹੈ ਅਤੇ ਮੈਂ ਉਨ੍ਹਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦਾ ਹਾਂ। ਸਰਹੱਦ ਪਾਰ ਸੂਤਰਾਂ ਅਨੁਸਾਰ ਇਮਰਾਨ ਖਾਨ ਨੇ ਕਿਹਾ ਕਿ ਸਾਲ 2018 ’ਚ ਵੀ ਜਦੋਂ ਨਵਜੋਤ ਸਿੱਧੂ ਆਪਣੇ ਦਫ਼ਤਰੀ ਸਮਾਗਮ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਆਏ ਸਨ ਤਾਂ ਇਸ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਕਰਨ ਦੀ ਗੱਲ ਚੱਲੀ ਸੀ ਅਤੇ ਹੁਣ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ’ਚ ਉਨ੍ਹਾਂ ਦੀ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਇਸ ਲਾਂਘੇ ਨੂੰ ਮੁੜ ਖੋਲ੍ਹਣ ਲਈ ਆਪਣੀ ਭੂਮਿਕਾ ਨਿਭਾਈ ਹੈ ਪਰ ਇਮਰਾਨ ਖਾਨ ਨੇ ਲਾਂਘੇ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਸਮੇਤ ਕਿਸੇ ਵੀ ਭਾਜਪਾ ਨੇਤਾ ਦਾ ਨਾਂ ਨਹੀਂ ਲਿਆ।

Comment here