ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਪਾਕਿ ਰਾਸ਼ਟਰਪਤੀ ਵੱਲੋਂ 90 ਦਿਨਾਂ ਚ ਚੋਣਾਂ ਕਰਵਾਉਣ ਦਾ ਹੁਕਮ

ਇਸਲਾਮਾਬਾਦ— ਪਾਕਿਸਤਾਨ ‘ਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਸੰਸਦ ‘ਚ ਇਮਰਾਨ ਖਿਲਾਫ ਬੇਭਰੋਸੀ ਮਤਾ ਰੱਦ ਕਰ ਦਿੱਤਾ ਗਿਆ। ਪ੍ਰਸਤਾਵ ਠੁਕਰਾਏ ਜਾਣ ਤੋਂ ਬਾਅਦ ਇਮਰਾਨ ਨੇ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜਨਤਾ ਇਸ ਫੈਸਲੇ ਤੋਂ ਖੁਸ਼ ਹੈ। ਇਸ ਦੌਰਾਨ ਇਮਰਾਨ ਨੇ ਰਾਸ਼ਟਰਪਤੀ ਨੂੰ ਸੰਸਦ ਭੰਗ ਕਰਨ ਦੀ ਸਿਫਾਰਿਸ਼ ਕੀਤੀ, ਜਿਸ ਤੋਂ ਬਾਅਦ ਰਾਸ਼ਟਰਪਤੀ ਆਰਿਫ ਅਲਫੀ ਨੇ ਸੰਸਦ ਨੂੰ ਭੰਗ ਕਰ ਦਿੱਤਾ ਅਤੇ 90 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ। ਦਰਅਸਲ, ਬੇਭਰੋਸਗੀ ਮਤੇ ਦੇ ਖਾਰਜ ਹੋਣ ਤੋਂ ਬਾਅਦ ਪਾਕਿਸਤਾਨ ਦੇ ਸਿਆਸੀ ਹਾਲਾਤ ਬਹੁਤ ਖਰਾਬ ਹੋ ਗਏ ਹਨ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਜੱਜਾਂ ਦੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਅੱਜ ਹੋਈ ਸਿਆਸੀ ਉਥਲ-ਪੁਥਲ ‘ਤੇ ਚਰਚਾ ਕੀਤੀ ਜਾਵੇਗੀ। ਇੱਥੇ ਸੰਸਦ ਵਿੱਚ ਅਜੀਬੋ-ਗਰੀਬ ਹਾਲਾਤ ਪੈਦਾ ਹੋ ਗਏ ਹਨ। ਬੇਭਰੋਸਗੀ ਮਤਾ ਖਾਰਜ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਭੜਕ ਗਏ ਹਨ। ਉਨ੍ਹਾਂ ਨੇ ਸੰਸਦ ਵਿੱਚ ਹੀ ਡੇਰੇ ਲਾਏ ਹੋਏ ਹਨ। ਸੰਸਦ ਦੀ ਸੁਰੱਖਿਆ ਲਈ ਕਰੀਬ 6 ਹਜ਼ਾਰ ਸੁਰੱਖਿਆ ਕਰਮਚਾਰੀ ਮੌਜੂਦ ਹਨ। ਰਾਸ਼ਟਰਪਤੀ ਦੇ ਐਲਾਨ ਤੋਂ ਬਾਅਦ ਵਿਰੋਧੀ ਧਿਰ ਭੜਕ ਗਈ ਅਤੇ ਸੰਸਦ ‘ਤੇ ਕਬਜ਼ਾ ਕਰ ਲਿਆ ਅਤੇ ਅਯਾਜ਼ ਸਾਦਿਕ ਨੂੰ ਸਪੀਕਰ ਚੁਣ ਲਿਆ। ਇੰਨਾ ਹੀ ਨਹੀਂ ਵਿਰੋਧੀ ਧਿਰ ਨੇ ਸੰਸਦ ‘ਚ ਵੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰ ਦੀ ਇਸ ਕਾਰਵਾਈ ਤੋਂ ਬਾਅਦ ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਦੇ ਜੱਜਾਂ ਦੀ ਮੀਟਿੰਗ ਬੁਲਾਈ ਹੈ। ਇਸ ਦੌਰਾਨ ਪਾਕਿਸਤਾਨ ਦੀ ਸਥਿਤੀ ‘ਤੇ ਫੌਜ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਪਾਕਿਸਤਾਨੀ ਫੌਜ ਨੇ ਦੇਸ਼ ‘ਚ ਚੱਲ ਰਹੀ ਸਿਆਸੀ ਉਥਲ-ਪੁਥਲ ਤੋਂ ਦੂਰੀ ਬਣਾ ਲਈ ਅਤੇ ਕਿਹਾ ਕਿ ਸਾਡਾ ਸਿਆਸੀ ਪ੍ਰਕਿਰਿਆ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਆਈਐਸਪੀਆਰ ਨੇ ਕਿਹਾ ਕਿ ਅੱਜ ਜੋ ਕੁਝ ਹੋਇਆ ਉਹ ਸਿਆਸੀ ਹੰਗਾਮਾ ਸੀ। ਦੂਜੇ ਪਾਸੇ ਸ਼ਾਹਬਾਜ਼ ਸ਼ਰੀਫ ਨੇ ਇਮਰਾਨ ਖਾਨ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਉਹ ਦੇਸ਼ਧ੍ਰੋਹੀ ਹਨ ਅਤੇ ਉਨ੍ਹਾਂ ਨੇ ਦੇਸ਼ ਨੂੰ ਵੰਡਣ ਅਤੇ ਖਾਨਾਜੰਗੀ ਵੱਲ ਧੱਕਣ ਦਾ ਕੰਮ ਕੀਤਾ ਹੈ। ਇਸ ਤੋਂ ਪਹਿਲਾਂ ਦੇਸ਼ ਨੂੰ ਸੰਬੋਧਨ ਕਰਦੇ ਹੋਏ ਇਮਰਾਨ ਖਾਨ ਨੇ ਕਿਹਾ ਕਿ ਮੇਰੇ ਖਿਲਾਫ ਵਿਦੇਸ਼ੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਹੁਣ ਨਵੀਆਂ ਚੋਣਾਂ ਦੀ ਤਿਆਰੀ ਕਰ ਲੈਣੀ ਚਾਹੀਦੀ ਹੈ।

Comment here