ਖਬਰਾਂਦੁਨੀਆਪ੍ਰਵਾਸੀ ਮਸਲੇ

ਪਾਕਿ ਸਿੱਖ ਵਫ਼ਦ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ-ਪਾਕਿਸਤਾਨੀ ਸਿੱਖ ਵਫ਼ਦ ‘ਚ ਆਏ ਹਰਭਜਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਦਿੱਲੀ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ 44 ਸਿੱਖਾਂ ਦਾ ਇੱਕ ਵਫ਼ਦ ਪਾਕਿਸਤਾਨ ਤੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨ ਦੇ ਪੇਸ਼ਾਵਰ, ਸਿੰਧ ਅਤੇ ਹੋਰ ਇਲਾਕਿਆਂ ਤੋਂ ਅੰਮ੍ਰਿਤਸਰ ਅਤੇ ਦਿੱਲੀ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਨੂੰ ਵੀਜ਼ਾ ਆਨ ਅਰਾਈਵਲ ਦੀ ਸਹੂਲਤ ਪ੍ਰਦਾਨ ਕਰਨ ਦੀ ਲੋੜ ਹੈ। ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਹਿਲਾਂ ਜੋ ਬੱਸਾਂ ਚਲਦੀਆਂ ਸਨ, ਉਨ੍ਹਾਂ ਨੂੰ ਵੀ ਰੋਕ ਦਿੱਤਾ ਗਿਆ। ਇਨ੍ਹਾਂ ਨੂੰ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ। ਸਾਨੂੰ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਰਾਹੀਂ ਜੋੜਨਾ ਚਾਹੀਦਾ ਹੈ।
ਇਕ ਹੋਰ ਸ਼ਰਧਾਲੂਆਂ ਦੇ ਵਫ਼ਦ ‘ਚ ਆਏ ਕਰਮ ਸਿੰਘ ਨੇ ਕਿਹਾ ਕਿ ਅਸੀਂ ਕੁੱਲ 44 ਲੋਕ ਹਾਂ ਅਤੇ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਹਾਂ। ਸਾਨੂੰ ਭਾਰਤ ਆਉਣ ਦੀ ਇਜਾਜ਼ਤ ਦੇਣ ਲਈ ਅਸੀਂ ਪਾਕਿਸਤਾਨੀ ਸਰਕਾਰ ਦੇ ਧੰਨਵਾਦੀ ਹਾਂ। ਭਾਰਤੀ ਸਿੱਖ ਸ਼ਰਧਾਲੂਆਂ ਨੇ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਹਾਲ ਹੀ ‘ਚ ਨਵੀਂ ਦਿੱਲੀ ‘ਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ‘ਚ ਸ਼ਾਮਲ ਹੋਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰੀਬ 3,000 ਵੀਜ਼ੇ ਜਾਰੀ ਕੀਤੇ ਸਨ।

Comment here