ਸਿਆਸਤਖਬਰਾਂਚਲੰਤ ਮਾਮਲੇ

ਪੀਐਮ ਮੋਦੀ ਨੇ ਰਾਜਾਂ ਨੂੰ ਵਿੱਤੀ ਅਨੁਸ਼ਾਸਨ ਬਣਾਈ ਰੱਖਣ ਲਈ ਕਿਹਾ

ਨਵੀਂ ਦਿੱਲੀ-ਸਾਲ 2047 ਭਾਰਤ ਦੀ ਆਜ਼ਾਦੀ ਦਾ ਸੌਵਾਂ ਸਾਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2047 ਤਕ ਵਿਕਸਤ ਭਾਰਤ ਦੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇਕ ਲੰਬੀ ਮਿਆਦ ਦੀ ਸਾਂਝੀ ਵਿਜ਼ਨ ਬਣਾਉਣ ਲਈ ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ‘ਟੀਮ ਇੰਡੀਆ’ ਵਜੋਂ ਇਕੱਠੇ ਹੋਣ ਦੀ ਲੋੜ ਹੈ। ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਅੱਠਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ, ਮੋਦੀ ਨੇ ਰਾਜਾਂ ਨੂੰ ਵਿੱਤੀ ਅਨੁਸ਼ਾਸਨ ਬਣਾਈ ਰੱਖਣ ਲਈ ਵੀ ਕਿਹਾ। ਉਨ੍ਹਾਂ ਨੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵਾਲੇ ਵਿੱਤੀ ਫ਼ੈਸਲੇ ਸਮਝਦਾਰੀ ਨਾਲ ਲੈਣ ਦੀ ਮੰਗ ਕੀਤੀ।
ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ਗਤੀ ਸ਼ਕਤੀ ਪੋਰਟਲ ਦੀ ਵਰਤੋਂ ਨਾ ਸਿਰਫ਼ ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਲਈ, ਸਗੋਂ ਸਥਾਨਕ ਖੇਤਰ ਦੇ ਵਿਕਾਸ ਅਤੇ ਸਮਾਜਿਕ ਬੁਨਿਆਦੀ ਢਾਂਚਾ ਬਣਾਉਣ ਲਈ ਵੀ ਕਰਨ ਦੀ ਅਪੀਲ ਕੀਤੀ। ਕੌਂਸਲ ਦੀ ਮੀਟਿੰਗ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਨੀਤੀ ਆਯੋਗ ਦੇ ਸੀ.ਈ.ਓ. ਬੀ.ਵੀ.ਆਰ. ਸੁਬਰਾਮਨੀਅਮ ਨੇ ਕਿਹਾ ਕਿ ਇਸ ਵਿਚ 19 ਰਾਜਾਂ ਦੇ ਮੁੱਖ ਮੰਤਰੀਆਂ ਅਤੇ 6 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰ ਸ਼ਾਮਲ ਹੋਏ।
ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਵਿਚ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣ ਦੇ ਉਦੇਸ਼ ਨਾਲ ਸਿਹਤ, ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ਵਿਚ ਕੇਂਦਰੀ ਮੰਤਰੀਆਂ ਅਮਿਤ ਸ਼ਾਹ, ਨਿਰਮਲਾ ਸੀਤਾਰਮਨ ਅਤੇ ਪੀਯੂਸ਼ ਗੋਇਲ ਸਮੇਤ ਉੱਤਰ ਪ੍ਰਦੇਸ਼, ਅਸਾਮ, ਝਾਰਖੰਡ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ।

Comment here