ਅਪਰਾਧਸਿਆਸਤਖਬਰਾਂ

ਪੀ ਐੱਮ ਦੀ ਸੁਰੱਖਿਆ ਚ ਕੁਤਾਹੀ-ਸੁਪਰੀਮ ਕੋਰਟ ਵਲੋਂ ਜਾਂਚ ਕਮੇਟੀ ਗਠਿਤ

ਨਵੀਂ ਦਿੱਲੀ- ਪੀਐਮ ਮੋਦੀ ਦਾ 5 ਜਨਵਰੀ ਨੂੰ ਫਿਰੋਜ਼ਪੁਰ ਦੌਰਾ ਤੈਅ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੋਈ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਅਗਵਾਈ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਕਰਨਗੇ। ਭਾਰਤ ਦੇ ਚੀਫ਼ ਜਸਟਿਸ ਐਨ ਵੀ ਰਮੰਨਾ, ਜਸਟਿਸ ਸੂਰਿਆ ਕਾਂਤ ਅਤੇ ਹਿਮਾ ਕੋਹਲੀ ਦੀ ਬੈਂਚ ਨੇ ਅੱਜ ਇਹ ਹੁਕਮ ਜਾਰੀ ਕੀਤਾ।  ਕਮੇਟੀ ਵਿੱਚ ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ, ਐਨਆਈਏ ਦੇ ਆਈਜੀ, ਏਡੀਜੀ (ਸੁਰੱਖਿਆ) ਪੰਜਾਬ, ਪੰਜਾਬ-ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵੀ ਸ਼ਾਮਲ ਹੋਣਗੇ। ਕਮੇਟੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਕਾਰਨਾਂ ਦਾ ਪਤਾ ਲਗਾਏਗੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਝਾਅ ਵੀ ਦੇਵੇਗੀ। ਇਸ ਤੋਂ ਪਹਿਲਾਂ 10 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਸੀ ਕਿ ਜਾਂਚ ਲਈ ਨਿਆਂਇਕ ਕਮੇਟੀ ਬਣਾਈ ਜਾਵੇਗੀ। ਯਾਦ ਰਹੇ  ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਦਾ ਕਾਫਲਾ ਹੁਸੈਨੀਵਾਲਾ ਸਥਿਤ ਫਲਾਈਓਵਰ ‘ਤੇ 20 ਮਿੰਟ ਤੱਕ ਫਸਿਆ ਰਿਹਾ। ਦੋਸ਼ ਸਨ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ’ਤੇ ਸੜਕ ਜਾਮ ਕਰ ਦਿੱਤੀ ਸੀ, ਜਿਸ ਕਾਰਨ ਇਹ ਘਟਨਾ ਵਾਪਰੀ। ਸੁਰੱਖਿਆ ਕੁਤਾਹੀ ਲਈ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਹਾਲਾਂਕਿ, ਰਾਜ ਸਰਕਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਖਰੀ ਸਮੇਂ ‘ਤੇ ਯਾਤਰਾ ਦਾ ਰਸਤਾ ਬਦਲ ਦਿੱਤਾ। ਪੰਜਾਬ ਸਰਕਾਰ ਨੇ ਵੀ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਦੋ ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਕਮੇਟੀ ਵੀ ਬਣਾਈ ਹੈ। ਘਟਨਾ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਸੀ। ਇਸ ਮਾਮਲੇ ਉੱਤੇ ਪੰਜਾਬ ਸਰਕਾਰ ਕਸੂਤੀ ਘਿਰੀ ਹੋਈ ਹੈ।

Comment here