ਸਿਆਸਤਖਬਰਾਂਚਲੰਤ ਮਾਮਲੇ

ਪੁਲਿਸ ਨੇ ਛਾਪੇਮਾਰੀ ਮਗਰੋਂ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ-ਪੰਜਾਬ ਪੁਲਿਸ ਨੇ ਅੱਜ ਸਵੇਰੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਤੜਕੇ ਤੜਕੇ ਕਾਰਵਾਈ ਕਰਦਿਆਂ ਖਹਿਰਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਅਤੇ ਫਿਰ ਉਸ ਨੂੰ ਗ੍ਰਿਫ਼ਤਾਰ ਕਰਕੇ ਜਲਾਲਾਬਾਦ ਲੈ ਗਈ। ਦੱਸ ਦੇਈਏ ਕਿ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਪਹਿਲਾਂ ਵੀ ਵਿਵਾਦਾਂ ਵਿੱਚ ਘਿਰ ਚੁੱਕੇ ਸਨ। ਇਸ ਤੋਂ ਪਹਿਲਾਂ ਸਾਲ 2015 ਵਿੱਚ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਐਨਡੀਪੀ ਐਕਟ ਤਹਿਤ ਮਾਮਲਾ ਦਰਜ ਹੋਇਆ ਸੀ। ਫਾਜ਼ਿਲਕਾ ਅਦਾਲਤ ਨੇ ਉਨ੍ਹਾਂ ਨੂੰ ਸੰਮਨ ਵੀ ਜਾਰੀ ਕੀਤੇ ਸਨ,ਪਰ ਉਸ ਸਮੇਂ ਸੁਪਰੀਮ ਕੋਰਟ ਵੱਲੋਂ ਖਹਿਰਾ ਨੂੰ ਰਾਹਤ ਦੇ ਦਿੱਤੀ ਗਈ ਸੀ। ਪੁਲਿਸ ਨੇ ਤਸਕਰਾਂ ਕੋਲੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ ਇਸ ਮਾਮਲੇ ਵਿੱਚ ਖਹਿਰਾ ਦਾ ਕਨੈਕਸ਼ਨ ਸਾਹਮਣੇ ਆਇਆ ਸੀ।
ਮੀਡੀਆ ਰਿਪੋਰਟਾਂ ਮੁਤਾਬਿਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਾਲ 2015 ਦੇ ਐਨਡੀਪੀਐੱਸ ਮਾਮਲੇ ਵਿੱਚ ਖਹਿਰਾ ਨੂੰ ਡੀਆਈਜੀ ਦੀ ਅਗਵਾਈ ਹੇਠ ਬਣੀ ਐੱਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸਆਈਟੀ ਵਿੱਚ ਦੋ ਐੱਸਐੱਸਪੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਗ੍ਰਿਫ਼ਤਾਰੀ ਮਗਰੋਂ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ ਅਤੇ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਵਿੱਚ ਰਹਿ ਚੁੱਕੇ ਹਨ। ਦੱਸ ਦੇਈਏ ਕਿ ਖਹਿਰਾ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਅਗਲੇ ਸਾਲ 2018 ‘ਚ ਉਨ੍ਹਾਂ ਨੇ ਪਾਰਟੀ ‘ਚ ਬਗਾਵਤ ਕਰ ਦਿੱਤੀ ਅਤੇ 2019 ‘ਚ ‘ਆਪ’ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਜਨਵਰੀ 2019 ਵਿੱਚ, ਉਸਨੇ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਲਈ ਅਤੇ ਵਿਧਾਨ ਸਭਾ ਚੋਣਾਂ ਜਿੱਤੀਆਂ।
ਕਾਂਗਰਸੀ ਨੇਤਾਵਾਂ ਨੇ ਦਿਤੀਆਂ ਪ੍ਰਤੀਕਿਰਿਆਵਾਂ
ਚੰਡੀਗੜ੍ਹ-ਪੰਜਾਬ ਪੁਲਿਸ ਨੇ ਅੱਜ ਤੜਕੇ ਵੱਡੀ ਕਾਰਵਾਈ ਕਰਦਿਆ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਗ੍ਰਿਫ਼ਤਾਰੀ ਤੋਂ ਬਾਅਦ ਵੱਖ-ਵੱਖ ਕਾਂਗਰਸੀ ਆਗੂਆਂ ਦੇ ਬਿਆਨ ਸਾਹਮਣੇ ਆ ਰਹੇ ਹਨ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਅੱਜ ਵੀਰਵਾਰ ਨੂੰ ਸਵੇਰੇ ਕਾਰਵਾਈ ਕਰਦਿਆਂ ਖਹਿਰਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਅਤੇ ਫਿਰ ਖਹਿਰਾ ਨੂੰ ਗ੍ਰਿਫ਼ਤਾਰ ਕਰਕੇ ਜਲਾਲਾਬਾਦ ਲੈ ਗਈ। ਦੱਸ ਦੇਈਏ ਕਿ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ‘ਤੇ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਦਾ ਕਹਿਣਾ ਹੈ ਕਿ “ਸੁਖਪਾਲ ਸਿੰਘ ਨੇ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਾਰਟੀ ਦਾ ਸ਼ਰਾਬੀ ਚਿਹਰਾ ਨੰਗਾ ਕਰ ਦਿੱਤਾ ਹੈ। ਉਹ ਹਮੇਸ਼ਾ ਪੰਜਾਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ।” ਮਹਿਤਾਬ ਸਿੰਘ ਨੇ ਕਿਹਾ ਕਿ, “ਜਦੋਂ ਕੋਈ ਸਰਕਾਰ ਦੇ ਖਿਲਾਫ ਬੋਲਦਾ ਹੈ, ਤਾਂ ਅਜਿਹਾ ਹੀ ਹੁੰਦਾ ਹੈ। ਇਹ ਮੇਰੇ ਪਿਤਾ ਦੀ 5 ਸਾਲਾਂ ਵਿੱਚ ਦੂਜੀ ਗ੍ਰਿਫਤਾਰੀ ਹੈ। ਇਹ ਸੱਚ ਬੋਲਣ ਦਾ ਸਾਈਡ ਇਫੈਕਟ ਹੈ। ਇਸ ਗ੍ਰਿਫਤਾਰੀ ਲਈ 2015 ਦੀ ਐਫਆਈਆਰ ਵਰਤੀ ਗਈ ਹੈ, ਉਹ ਐਫ.ਆਈ.ਆਰ. ਲਈ ਅਦਾਲਤ ਨੇ ਸਾਨੂੰ ਬੁਲਾਇਆ ਸੀ ਅਤੇ ਅਸੀਂ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਸੁਪਰੀਮ ਕੋਰਟ ਨੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਸੀ।”
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਟਵੀਟ ਕਰਦਿਆ ਲਿਖਿਆ ਕਿ ਉਹ ਖਹਿਰਾ ਦੇ ਪਰਿਵਾਰ ਨਾਲ ਖੜੇ ਹਨ। ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜਿਵੇਂ ਪੰਜਾਬ ਪੁਲਿਸ ਨੇ ਇਹ ਕਦਮ ਚੁੱਕਿਆ ਹੈ, ਇਹ ਜੰਗਲ ਰਾਜ ਹੈ। ਜਿਸ ਮਾਮਲੇ ਵਿੱਚ ਕੋਰਟ ਨੇ ਸਟੇ ਲਾਈ ਹੈ, ਉਸ ਵਿੱਚ ਕੁਝ ਨਹੀਂ ਹੈ, ਇਸ ਤੋਂ ਪਹਿਲਾਂ ਕੋਈ ਨਾਮ ਨਹੀਂ ਆਇਆ ਹੈ। ਅੱਠ ਸਾਲ ਬਾਅਦ ਗ੍ਰਿਫਤਾਰੀ ਕਰਨਾ ਗ਼ਲਤ ਹੈ, ਜਦਕਿ ਸੁਖਪਾਲ ਖਹਿਰਾ ਨਸ਼ਾ ਨਹੀਂ ਵੇਚਦੇ। ਸੀਨੀਅਰ ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਨੇ ਵੀ ਮੇਰੇ ਨਾਲ ਫੋਨ ਉੱਤੇ ਗੱਲ ਕੀਤੀ ਅਤੇ ਕਿਹਾ ਹੈ ਕਿ ਅਸੀਂ ਸੁਖਪਾਲ ਖਹਿਰਾ ਦੇ ਨਾਲ ਹਾਂ ਅਤੇ ਤੁਸੀ ਪੁਰਜ਼ੋਰ ਇਹ ਲੜਾਈ ਲੜੋ।
ਕਿ ਕਹਿਣਾ ਸਿਆਸੀ ਲੀਡਰਾ ਦਾ
ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ, “ਅੱਜ ਸਵੇਰੇ ਜੋ ਸਾਡੇ ਐਮਐਲਏ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ, ਜਦਕਿ ਪੁਲਿਸ ਕੋਲ ਕੋਈ ਅਰੈਸਟ ਵਾਰੰਟ ਨਹੀਂ ਸੀ। ਯੂਟੀ ਪੁਲਿਸ ਨਾਲ ਕੋਈ ਸੰਪਰਕ ਨਹੀਂ ਕੀਤਾ ਗਿਆ। ਲੋਕਲ ਪੁਲਿਸ ਨਾਲ ਜਾ ਕੇ ਹੀ ਪੰਜਾਬ ਪੁਲਿਸ ਚੰਡੀਗੜ੍ਹ ਵਿੱਚ ਕਿਸੇ ਦੇ ਘਰ ਜਾ ਕੇ ਕਾਰਵਾਈ ਕਰ ਸਕਦੀ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪਹਿਲਾਂ ਵੀ ਪੰਜਾਬ ਪੁਲਿਸ ਦੀ ਗ਼ਲਤ ਕਾਰਵਾਈ ਕਰਕੇ ਜਲੰਧਰ ਵਿੱਚ ਢਿੱਲੋ ਭਰਾਵਾਂ ਨੂੰ ਖੁਦਕੁਸ਼ੀ ਕਰਨੀ ਪਈ। ਉਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਮੁਕਤਸਰ ਵਿਖੇ ਵਕੀਲ ਨਾਲ ਅਣਮਨੁੱਖੀ ਵਿਵਹਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦਾ ਵੈਸ਼ੀਆਨਾ ਰਵੱਈਆ ਹਮੇਸ਼ਾ ਸਾਹਮਣੇ ਆਈਆਂ ਹਨ ਤੇ ਹਰ ਪਾਸੇ ਮਸ਼ਹੂਰ ਹੈ।”
ਬਾਜਵਾ ਨੇ ਕਿਹਾ ਕਿ, “ਮੈਂ ਇਸ ਘਟਨਾ ਦੀ (ਖਹਿਰਾ ਦੀ ਗ੍ਰਿਫਤਾਰੀ) ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸਿਧਾਂਤਾਂ ਉੱਤੇ ਚੱਲਣ ਵਾਲੀ ਸਰਕਾਰ, ਅਸਲ ਵਿੱਚ ਉਨ੍ਹਾਂ ਦੇ ਸਿਧਾਂਤਾਂ ਦੇ ਉਲਟ ਕੰਮ ਕਰ ਰਹੀ ਹੈ। ਪਰ, ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਅਪਣੀ ਪਾਰਟੀ ਦੇ ਹਰ ਵਰਕਰ ਨਾਲ ਖੜੇ ਹਾਂ।” ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ‘ਤੇ ਕਿਹਾ ਕਿ ਇਹ ਕਾਰਵਾਈ ਐਸ.ਆਈ.ਟੀ ਦੀ ਜਾਂਚ ਰਿਪੋਰਟ ਅਨੁਸਾਰ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਪੁਲਿਸ ਨੇ ਜੋ ਕੀਤਾ ਉਹ ਕਾਨੂੰਨ ਅਨੁਸਾਰ ਹੈ। ਭਗਵੰਤ ਮਾਨ ਦੀ ਸਰਕਾਰ ਦੀ ਪਹਿਲ ਨਸ਼ਾ ਮੁਕਤ ਪੰਜਾਬ ਹੈ। ਇਸ ਲਈ ਕੋਈ ਵੀ ਹੋਵੇ, ਚਾਹੇ ਉਹ ਪਾਰਟੀ ਦਾ ਕੋਈ ਵੀ ਮੈਂਬਰ ਹੋਵੇ, ਕਾਨੂੰਨ ਸਭ ਲਈ ਬਰਾਬਰ ਹੋਵੇਗਾ, ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।”
ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਮੁਤਾਬਕ ਖਹਿਰਾ ਨੂੰ ਸੰਮਨ ਜਾਰੀ ਨਹੀਂ ਕਰ ਸਕਦੀ, ਸਿੱਧੀ ਕਾਰਵਾਈ ਪੰਜਾਬ ਪੁਲਿਸ ਕਾਰਵਾਈ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਕਰਦੇ ਹੋਏ ਇਹ ਸਾਹਮਣੇ ਆਈ ਹੈ ਕਿ ਨਸ਼ਾ ਤਸਕਰਾਂ ਵਿੱਚ ਖਹਿਰਾ ਦੀ ਸ਼ਮੂਲੀਅਤ ਹੈ। ਮਾਲਵਿੰਦਰ ਨੇ ਕਿਹਾ ਕਿ ਇਸ ਪਿੱਛੇ ਕੋਈ ਸਿਆਸੀ ਬਦਲੇ ਦੀ ਭਾਵਨਾ ਨਹੀ ਹੈ। ਸਰਕਾਰ ਦੇ ਆਦੇਸ਼ਾਂ ਤਹਿਤ ਨਸ਼ੇ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਚੀਮਾ ਨੇ ਕਿਹਾ ਕਿ ਜਦੋਂ ਕਾਂਗਰਸ ਦੀ ਸਰਕਾਰ ਸੀ, ਤਾਂ ਇਸ ਤਰ੍ਹਾਂ ਬਿਕਰਮ ਮਜੀਠੀਆਂ ਨੂੰ ਨਸ਼ਾ ਤਸਕਰ ਦੇ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਅੰਦਰ ਬੰਦ ਕੀਤਾ ਸੀ ਜਿਸ ਦਾ ਪਰਿਵਾਰ ਨੂੰ ਕਾਫੀ ਨੁਕਸਾਨ ਝੱਲਣਾ ਪਿਆ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਂਗਰਸ ਨੇਤਾ ਸੁਖਪਾਲ ਖਹਿਰਾ ਨਾਲ ਵੀ ਅਜਿਹਾ ਹੋਇਆ। ਮੈਂ ਇਹੀ ਕਹਿਣਾ ਚਾਹੁੰਦਾ ਹਾਂ ਕਿ ਸਰਕਾਰ ਵੰਡੇਟਾ ਪੌਲਟਿਕਸ ਨਾ ਕਰੇ। ਸੁਖਪਾਲ ਖਹਿਰਾ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਪ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਇਹ ਸਰਕਾਰ ਸਿਰਫ਼ ਜ਼ਿੱਦਾ ਹੀ ਪੁਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਐਮਰਜੈਂਸੀ ਵਾਲੇ ਹਾਲਾਤ ਬਣੇ ਹੋਏ ਹਨ। ਜੋ ਵੀ ਕਾਰਵਾਈ ਅੱਜ ਖਹਿਰਾ ਖਿਲਾਫ ਹੋਈ ਹੈ ਅਸੀਂ ਉਸ ਦੀ ਨਿੰਦਾ ਕਰਦੇ ਹਾਂ ਅਤੇ ਸਰਕਾਰ ਖਿਲਾਫ ਡਟ ਕੇ ਖੜੇ ਹਾਂ।
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ, ‘ਮੈਨੂੰ ਅਰਵਿੰਦ ਕੇਜਰੀਵਾਲ ਦਾ ਇੱਕ ਬਿਆਨ ਯਾਦ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ‘ਮੈਨੂੰ ਪੁਲਿਸ ਦਿਓ ਤੇ ਦੇਖੋ ਮੈਂ ਕੀ ਕਰਾਂਗਾ’, ਤਾਂ ਹੁਣ ਉਹ ਇਹ ਸਭ ਕਰ ਰਹੇ ਹਨ। ਜੇਕਰ ਕਿਸੇ ‘ਤੇ ਦੋਸ਼ ਲੱਗੇ ਹਨ, ਤਾਂ ਉਸ ਨੂੰ ਪਹਿਲਾਂ ਤਲਬ ਕਰਕੇ ਜਾਂਚ ‘ਚ ਸ਼ਾਮਲ ਕਰਵਾਉਣਾ ਚਾਹੀਦਾ ਹੈ ਅਤੇ ਜੇਕਰ ਉਹ ਜਵਾਬ ਨਹੀਂ ਦਿੰਦਾ ਤਾਂ ਉਸ ਨੂੰ ਗ੍ਰਿਫਤਾਰ ਕਰੋ, ਪੰਜਾਬ ਪੁਲਿਸ ਦੀ ਦੁਰਵਰਤੋਂ ਹੋ ਰਹੀ ਹੈ। ਵਿਰੋਧੀ ਨੇਤਾਵਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ, ਕਿਉਂਕਿ ਉਹ ਸਰਕਾਰ ਦੇ ਖਿਲਾਫ ਬੋਲ ਰਹੇ ਹਨ।”

Comment here