ਸਿਆਸਤਖਬਰਾਂਚਲੰਤ ਮਾਮਲੇ

ਪ੍ਰੋ. ਦਵਿੰਦਰਪਾਲ ਦੀ ਰਿਹਾਈ ਦਾ ਮਾਮਲਾ-ਆਪਕੇ ਕਸੂਤੇ ਫਸੇ

ਸਿੱਖ ਸੰਗਠਨਾਂ ਵੱਲੋਂ ਆਪਕਿਆਂ ਦੇ ਘਿਰਾਓ ਦਾ ਐਲਾਨ

ਚੰਡੀਗੜ-ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਆਪਕਿਆਂ ਲਈ ਮੁਸ਼ਕਲਾਂ ਖੜੀਆਂ ਕਰ ਗਿਆ ਹੈ। ਭੁਲਰ ਦੀ ਰਿਹਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਨੇ ਕੇਜਰੀਵਾਲ ਸਰਕਾਰ ਪ੍ਰਤੀ ਨਰਾਜ਼ਗੀ ਜ਼ਾਹਰ ਕੀਤੀ ਹੈ। ਸਿੱਖ ਪੰਥ ਦੀਆਂ ਕਈ ਸੰਘਰਸ਼ਸ਼ੀਲ ਧਿਰਾਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਇਹ ਚਿਤਾਵਨੀ ਵੀ ਦਿੱਤੀ ਕਿ ਕੇਜਰੀਵਾਲ ਸਰਕਾਰ ਵੱਲੋਂ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਜੇਲ੍ਹ ਵਿਭਾਗ ਪੰਜਾਬ ਵੱਲੋਂ ਭੇਜੀ ਪ੍ਰੋ. ਭੁੱਲਰ ਦੀ ਪੱਕੀ ਰਿਹਾਈ ਦੀ ਫਾਈਲ ਕਲੀਅਰ ਨਾ ਕਰਦਿਆਂ ਪ੍ਰੋ. ਭੁੱਲਰ ਦੀ ਰਿਹਾਈ ਤੋਂ ਇਨਕਾਰ ਕਰਨ ਦੀ ਸੂਰਤ ’ਚ ਸਿੱਖ ਪੰਥ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਨਾਲ ਲੈ ਕੇ 26 ਜਨਵਰੀ ਤੋਂ ਬਾਅਦ ਕੇਜਰੀਵਾਲ ਦੇ ਉਮੀਦਵਾਰਾਂ ਨੂੰ ਥਾਂ-ਥਾਂ ਘੇਰਿਆ ਜਾਵੇਗਾ। ਪ੍ਰੋ. ਭੁੱਲਰ ਦੀ ਪਤਨੀ ਬੀਬੀ ਨਵਨੀਤ ਕੌਰ ਨੇ ਸਰਕਾਰ ਨੂੰ ਅਪੀਲ ਕਿ ਸ਼ਾਂਤੀ ਨਾਲ ਇਨਸਾਫ ਦਿਓ, ਕੋਈ ਵਿਰੋਧ ਦੇ ਕਦਮ ਨਾ ਚੁੱਕਣੇ ਪੈਣ। ਇਸ ਨਾਲ ਆਮ ਲੋਕਾਂ ਦੇ ਜਨਜੀਵਨ ਵਿਚ ਅੜਚਨ ਪੈਦਾ ਹੁੰਦੀ ਹੈ।ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੋ. ਭੁੱਲਰ ਸਮੇਤ ਬਾਕੀ ਰਹਿੰਦੇ 9 ਸਿੱਖ ਕੈਦੀ ਬਲਵੰਤ ਸਿੰਘ ਰਾਜੋਆਣਾ,  ਗੁਰਦੀਪ ਸਿੰਘ ਖੈੜਾ, ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ, ਲਖਵਿੰਦਰ ਸਿੰਘ ਲੱਖਾ, ਸ਼ਮਸ਼ੇਰ ਸਿੰਘ ਸ਼ੇਰਾ, ਗੁਰਮੀਤ ਸਿੰਘ, ਜਗਤਾਰ ਸਿੰਘ ਜੱਗੀ ਆਦਿ ਦੀ ਭਾਰਤੀ ਸੰਵਿਧਾਨ ਦੀ ਆਰਟੀਕਲ 72 ਅਧੀਨ ਤੁਰੰਤ ਰਿਹਾਈ ਕਰਨ ਦੀ ਕੇਂਦਰ ਸਰਕਾਰ ਨੂੰ ਅਪੀਲ ਵੀ ਕੀਤੀ ਹੈ। ਤੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਫ਼ੈਸਲਾ ਨਾ ਲਿਆ ਤਾਂ ਉਨ੍ਹਾਂ ਦੇ ਉਮੀਦਵਾਰਾਂ ਦਾ ਵੀ ਘਿਰਾਓ ਹੋਵੇਗਾ ਇਸ ਮੁਦੇ ਤੇ ਭਾਜਪਾ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ  ਲਾਲਪੁਰਾ ਨੂੰ ਇਕ ਪੱਤਰ ਲਿਖਦਿਆਂ ਪ੍ਰੋ: ਭੁੱਲਰ ਦੀ ਭਾਰਤੀ ਸੰਵਿਧਾਨ ਦੀ ਆਰਟੀਕਲ 72 ਅਧੀਨ ਰਿਹਾਈ ਨ ਲਈ ਕੇਂਦਰ ਸਰਕਾਰ ਕੋਲ ਵਕਾਲਤ ਕਰਨ ਦੀ ਅਪੀਲ ਕੀਤੀ ਹੈ । ਇਸ ਮਸਲੇ ਤੇ ਬਠਿੰਡਾ ਹਲਕੇ ਵਿਚ ਬਾਪੂ ਹਰਦੀਪ ਸਿੰਘ ਡਿਬਡਿਬਾ ਤੇ ਬਾਬਾ ਬਖ਼ਸੀਸ ਸਿੰਘ ਦੀ ਅਗਵਾਈ ਵਿਚ ਹੋਈ ਬੈਠਕ ਵਿਚ ਇਕ ਗਿਆਰਾਂ ਮੈਂਬਰੀ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਦੂਜੀਆਂ ਸਾਰੀਆਂ ਪੰਥਕ ਧਿਰਾਂ, ਸਿੱਖ ਜਥੇਬੰਦੀਆਂ ਤੇ ਪ੍ਰੋ.ਭੁੱਲਰ ਪ੍ਰਤੀ ਸੁਹਿਰਦ ਸੋਚ ਰੱਖਣ ਵਾਲੇ ਗਰੁੱਪਾਂ, ਨੇਤਾਵਾਂ ਨਾਲ ਤਾਲਮੇਲ ਕਰਕੇ ਇਸ ਮਸਲੇ ’ਤੇ ਵਿਸ਼ਾਲ ਤੇ ਸੰਗਠਤ ਢੰਗ ਨਾਲ ਮੁਹਿੰਮ ਚਲਾਵੇਗੀ।

Comment here