ਸਿਆਸਤਖਬਰਾਂਦੁਨੀਆ

ਪੰਚਮ ਪਾਤਸ਼ਾਹ ਦੇ ਸ਼ਹੀਦੀ ਸਮਾਗਮ ਲਈ ਪਾਕਿ ਜਾਣ ਵਾਸਤੇ ਮੰਗੇ ਪਾਸਪੋਰਟ

ਅੰਮ੍ਰਿਤਸਰ : -ਜੋ ਸੰਗਤਾਂ ਪਾਕਿਸਤਾਨ ਵਿਖੇ ਸਥਿੱਤ ਗੁਰੂਧਾਮਾਂ ਦੇ ਦਰਸ਼ਨ ਕਰਨ ਜਾਣਾ ਚਾਹੁੰਦੀਆਂ ਹਨ ਉਨ੍ਹਾਂ ਲਈ ਖੁਸ਼ਖਬਰੀ ਹੈ,  ਸ਼੍ਰੋਮਣੀ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਮੰਗਾਏ ਗਏ ਹਨ। ਇਹ ਦੋਵੇਂ ਜਥੇ ਜੂਨ 2022 ਵਿਚ ਪਾਕਿਸਤਾਨ ਭੇਜੇ ਜਾਣੇ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2022 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਕਿ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ। ਸਕੱਤਰ ਆਹਲੀ ਨੇ ਕਿਹਾ ਕਿ ਸ਼ਰਧਾਲੂ ਜਾਣਕਾਰੀ ਪ੍ਰਾਪਤ ਕਰਨ ਲਈ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਨਾਲ 0183-2553957, 58 ਅਤੇ 59 ਟੈਲੀਫੋਨ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।

Comment here