ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦੇ ਵੱਲੋਂ ਵਿਧਾਨ ਸਭਾ ਵਿੱਚ ਪੰਜਾਬੀ ਬੋਲੀ ਦੇ ਪ੍ਰਚਾਰ ਦੇ ਲਈ ਇੱਕ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੇ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਇਲਾਵਾ ਪੰਜਾਬ ਦੇ ਕਈ ਵਿਧਾਇਕ ਅਤੇ ਕਈ ਸਿੱਖਿਆ ਸ਼ਾਸਤਰੀਆਂ ਨੇ ਵੀ ਸ਼ਮੂਲੀਅਤ ਕੀਤੀ। ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਾਨੂੰ ਬਹੁਤ ਸਾਰੇ ਸੁਝਾਅ ਅਤੇ ਵਿਚਾਰ ਮਿਲੇ ਹਨ ਜਿਨ੍ਹਾਂ ਉੱਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਪੰਜਾਬ ਸਰਕਾਰ ਸੂਬੇ ਦੇ ਨਿੱਜੀ ਸਕੂਲਾਂ ਦੇ ਵਿੱਚ ਨਰਸਰੀ ਤੋਂ ਪੰਜਾਬੀ ਲਾਗੂ ਕਰਨ ਲਈ ਵੀ ਪਹਿਲਕਦਮੀ ਕਰਨ ਜਾ ਰਹੀ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਅਤੇ ਜ਼ਿਲ੍ਹਾ ਅਦਾਲਤਾਂ ਦੇ ਵਿੱਚ ਪੰਜਾਬੀ ਵਿੱਚ ਹੁਕਮ ਹੋਣੇ ਚਾਹੀਦੇ ਹਨ।ਜਿਸ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।ਸੰਧਵਾਂ ਨੇ ਭਰੋਸਾ ਦਿੱਤਾ ਕਿ ਇਸ ਦੇ ਲਈ ਜਿੱਥੇ ਲੋੜ ਪਈ ਉਹ ਕੇਂਦਰ ਸਰਕਾਰ ਨੂੰ ਵੀ ਇਸ ਸਬੰਧੀ ਲਿਖ ਕੇ ਭੇਜਣਗੇ ਅਤੇ ਪੰਜਾਬ ਦੇ ਰਾਜਪਾਲ ਨੂੰ ਵੀ ਇਸ ਸਬੰਧੀ ਲਿਖਾਂਗੇ।ਸੰਧਵਾਂ ਨੇ ਕਿਹਾ ਕਿ ਤੁਸੀਂ ਗੁਜਰਾਤ, ਰਾਜਸਥਾਨ ਜਾਂ ਦੇਸ਼ ਦੇ ਹੋਰ ਸੂਬਿਆਂ ਦੇ ਵਿੱਚ ਚਲੇ ਜਾਓ, ਸਥਾਨਕ ਭਾਸ਼ਾ ਨੂੰ ਹੀ ਪਹਿਲ ਦਿੱਤੀ ਜਾਂਦੀ ਹੈ। ਇਸ ਲਈ ਪੰਜਾਬ ਦੇ ਵਿੱਚ ਵੀ ਅਜਿਹਾ ਹੀ ਹੋਣਾ ਚਾਹੀਦਾ ਹੈ।
ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਫੋਨ ਕਰ ਕੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਮੁਹਿੰਮ ਸੱਚਮੁੱਚ ਬਹੁਤ ਵਧੀਆ ਹੈ ਅਤੇ ਸਰਕਾਰ ਇਸ ਵੱਲ ਗੰਭੀਰਤਾ ਦੇ ਨਾਲ ਲੱਗੀ ਹੋਈ ਹੈ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਪੰਜਾਬ ਵਿੱਚ ਦੁਕਾਨਾਂ ਦੇ ਬੋਰਡ ਅੰਗਰੇਜ਼ੀ ਵਿੱਚ ਹਨ ਤਾਂ ਕੀ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ। ਇਸ ਸਵਾਲ ਦਾ ਜਵਾਬ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਦੁਕਾਨਾਂ ’ਤੇ ਅੰਗਰੇਜ਼ੀ ਵਿੱਚ ਲੱਗੇ ਬੋਰਡ ਪੰਜਾਬੀਆਂ ਦਾ ਸੁਭਾਅ ਹੈ। ਪਰ ਹਰ ਪੰਜਾਬੀ ਆਪਣੀ ਮਾਂ ਬੋਲੀ ਨੂੰ ਪਿਆਰ ਕਰਦਾ ਹੈ ਅਤੇ ਇਹ ਬਦਲਾਅ ਆਉਣ ਵਾਲੇ ਸਮੇਂ ਵਿੱਚ ਦੇਖਣ ਨੂੰ ਮਿਲੇਗਾ।
ਪੰਜਾਬੀ ਬੋਲੀ ਦੇ ਪ੍ਰਸਾਰ ਲਈ ਸਪੀਕਰ ਸੰਧਵਾਂ ਨੇ ਸੱਦੀ ਮੀਟਿੰਗ

Comment here