ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਲਈ ਸਰਗਰਮੀ

ਚੰਡੀਗੜ੍ਹ – ਪੰਜਾਬ ਵਿੱਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਹੁਣ ਕਾਂਗਰਸ ਨੂੰ ਮੁੜ ਸੁਰਜੀਤ ਕਰਨ ਦੇ ਯਤਨ ਕਰ ਰਹੀ ਹੈ। ਬੀਤੇ ਦਿਨ ਉਨ੍ਹਾਂ ਪੰਜਾਬ ਵਿੱਚ ਕਾਂਗਰਸ ਦੇ ਨਵੇਂ ਪ੍ਰਧਾਨ ਬਣਾਉਣ ਦੇ ਸੰਦਰਵ ਵਿੱਚ ਮੀਟਿੰਗ ਬੁਲਾਈ। ਇਸ ਮੀਟਿੰਗ ਨਾਲ ਇਹ ਸਾਫ ਹੋ ਗਿਆ ਹੈ ਕਿ ਪੰਜਾਬ ਵਿਚ ਇਸ ਮਹੀਨੇ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਦਾ ਅਸਤੀਫ਼ਾ ਮੰਗਿਆ ਸੀ ਤੇ ਉਸ ਤੋਂ ਅਗਲੇ ਹੀ ਦਿਨ ਨਵਜੋਤ ਸਿੱਧੂ ਨੇ ਵੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਦਿੱਲੀ ‘ਚ ਕਾਂਗਰਸ ਦੀ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਸਾਰੇ ਜਨਰਲ ਸਕੱਤਰਾਂ ਅਤੇ ਇੰਚਾਰਜਾਂ ਨੂੰ ਬੁਲਾਇਆ ਗਿਆ ਹੈ। ਇਸ ਬੈਠਕ ‘ਚ ਸੋਨੀਆ ਗਾਂਧੀ ਗੈਰ-ਹਾਜ਼ਰ ਰਹਿਣਗੇ ਅਤੇ ਇਹ ਮੀਟਿੰਗ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਅਗਵਾਈ ਵਿਚ ਹੋਵੇਗੀ ਤੇ ਪ੍ਰਿਅੰਕਾ ਗਾਂਧੀ ਵੀ ਮੀਟਿੰਗ ਵਿਚ ਮੌਜੂਦ ਰਹਿਣਗੇ। ਕਿਆਸਰਾਈਆਂ ਇਹ ਵੀ ਲਗਾਈਆਂ ਜਾ ਰਹੀ ਹਨ ਕਿ ਜੇ ਪ੍ਰਿਯੰਕਾ ਗਾਂਧੀ ਨੇ ਕਿਹਾ ਤਾਂ ਸਿੱਧੂ ਨੂੰ ਫਿਰ ਤੋਂ ਪਹਿਲ ਦਿੱਤੀ ਜਾ ਸਕਦੀ ਹੈ। ਉਧਰ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ ਅਤੇ ਗਿੱਦੜਬਾਹਾ ਤੋਂ ਅਮਰਿੰਦਰ ਰਾਜਾ ਵੜਿੰਗ ਵੀ ਇਸ ਅਹੁਦੇ ਲਈ ਦਾਅਵੇਦਾਰ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ‘ਤੇ ਵੀ ਇਸ ਦੌੜ ਵਿਚ ਹਨ। ਪੰਜਾਬ ਵਿਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਨੇ ਨਹੀਂ ਲਈ ਹੈ। ਸਿੱਧੂ ਦਾ ਤਰਕ ਹੈ ਕਿ ਇਹ ਚੋਣ ਉਨ੍ਹਾਂ ਦੀ ਨਹੀਂ, ਚਰਨਜੀਤ ਚੰਨੀ ਦੀ ਅਗਵਾਈ ਹੇਠ ਲੜੀ ਗਈ ਸੀ। ਸੋਨੀਆ ਗਾਂਧੀ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਨੇ ਸਿਰਫ਼ ਸੋਨੀਆ ਗਾਂਧੀ ਦੀ ਇੱਛਾ ਦਾ ਹਵਾਲਾ ਦਿੱਤਾ ਸੀ। ਹਾਲਾਂਕਿ, ਸਿੱਧੂ ਵੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ ਤੋਂ ਹਾਰ ਗਏ ਸਨ। 5 ਸਾਲਾਂ ‘ਚ 2 ਮੁੱਖ ਮੰਤਰੀ ਦੇਣ ਦੇ ਬਾਵਜੂਦ ਕਾਂਗਰਸ ਪੰਜਾਬ ‘ਚ 18 ਸੀਟਾਂ ‘ਤੇ ਸਿਮਟ ਗਈ। 2017 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਨੇ 77 ਸੀਟਾਂ ਜਿੱਤੀਆਂ ਸਨ। ਇਸ ਵਾਰ ਚੋਣ ਦਲਿਤ ਚਿਹਰੇ ਸੀਐਮ ਚਰਨਜੀਤ ਚੰਨੀ ਦੀ ਅਗਵਾਈ ਵਿਚ ਲੜੀ ਗਈ ਤੇ ਚਰਨਜੀਤ ਚੰਨੀ ਖ਼ੁਦ ਦੋਨੋਂ ਸੀਟਾਂ ਭਦੌੜ ਤੇ ਚਮਕੌਰ ਸਾਹਿਬ ਤੋਂ ਹਾਰ ਗਏ।

Comment here