ਚੰਡੀਗੜ੍ਹ-ਪੰਜਾਬ ਦੇ ਦੋ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਸਮੇਤ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਫੇਰਬਦਲ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਸਮੇਤ ਕਈ ਹੋਰ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ। ਮੰਤਰੀ ਮੰਡਲ ‘ਚ ਇਹ ਬਦਲਾਅ ਦਸੰਬਰ ਦੇ ਅੰਤ ਤੱਕ ਹੋ ਸਕਦਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਜਾਂ ਸੂਬਾ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੰਤਰੀ ਮੰਡਲ ਦੇ ਫੇਰਬਦਲ ਦੌਰਾਨ ਜਿਨ੍ਹਾਂ ਵਿਧਾਇਕਾਂ ਨੇ ਦਿੱਗਜ ਆਗੂਆਂ ਨੂੰ ਹਰਾਇਆ ਹੈ, ਉਨ੍ਹਾਂ ਨੂੰ ਥਾਂ ਮਿਲ ਸਕਦੀ ਹੈ।
ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦਾ ਮਾਮਲਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਇਸ ਬਾਰੇ ਕਈ ਵਾਰ ਚਰਚਾ ਹੋਈ, ਪਰ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਅਤੇ ਹਿਮਾਚਲ ਪ੍ਰਦੇਸ਼-ਗੁਜਰਾਤ ਵਿਧਾਨ ਸਭਾ ਚੋਣਾਂ ਕਾਰਨ ਇਹ ਮੁੱਦਾ ਟਾਲ ਦਿੱਤਾ ਗਿਆ। ਚਰਚਾ ਹੈ ਕਿ ਪੰਜਾਬ ਵਿੱਚ ਸਾਢੇ 8 ਮਹੀਨਿਆਂ ਬਾਅਦ ਆਮ ਆਦਮੀ ਪਾਰਟੀ (ਆਪ) ਮੰਤਰੀ ਮੰਡਲ ਵਿੱਚ ਫੇਰਬਦਲ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ‘ਆਪ’ ਮੁਖੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਵਿੱਚ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਨ ਲਈ ਆਪਣੇ ਸਲਾਹਕਾਰਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਵੱਡੇ ਥੰਮ੍ਹਾਂ ਨੂੰ ਢਾਹ ਲਾਉਣ ਵਾਲੇ ਜਾਂ ਗੁਜਰਾਤ ਚੋਣਾਂ ਵਿੱਚ ਪਾਰਟੀ ਲਈ ਚੰਗਾ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲ ਸਕਦੀ ਹੈ।
ਮੰਤਰੀ ਮੰਡਲ ‘ਚ ਕਿਸ ਨੂੰ ਥਾਂ ਮਿਲ ਸਕਦੀ ਹੈ?
ਪੰਜਾਬ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਇਸੇ ਤਰ੍ਹਾਂ ਅਜੀਤਪਾਲ ਸਿੰਘ ਕੋਹਲੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਇਆ ਜਦੋਂਕਿ ਲਾਭ ਸਿੰਘ ਉਗੋਕੇ ਅਤੇ ਡਾ: ਚਰਨਜੀਤ ਸਿੰਘ ਨੇ ਕ੍ਰਮਵਾਰ ਭਦੌੜ ਅਤੇ ਚਮਕੌਰ ਸਾਹਿਬ ਹਲਕੇ ਤੋਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ (ਪੂਰਬੀ) ਤੋਂ ਜੀਵਨ ਜੋਤ ਕੌਰ ਨੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਰਾਇਆ।
ਕੰਬੋਜ ਹਲਕੇ ਜਲਾਲਾਬਾਦ ਤੋਂ ਜਗਦੀਪ ਸਿੰਘ ਗੋਲਡੀ ਨੇ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ। ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਤਤਕਾਲੀ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ‘ਚੋਂ ਕੱਢ ਦਿੱਤਾ ਸੀ, ਜਦਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀਆਂ ਮੁਸ਼ਕਲਾਂ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋ ਗਈਆਂ ਸਨ।
ਪੰਜਾਬ ਕੈਬਨਿਟ ‘ਚ ਦਸੰਬਰ ਦੇ ਅੰਤ ਤੱਕ ਹੋ ਸਕਦਾ ਫੇਰਬਦਲ

Comment here