ਸਿਆਸਤਖਬਰਾਂ

ਪੰਜਾਬ ਚ ਗੀਤਾ ਤੇ ਰਮਾਇਣ ਲਈ ਖੋਜ ਕੇਂਦਰ ਬਣੇਗਾ

ਪੰਜਾਬ ਕਾਂਗਰਸ ਵੱਖ ਵੱਖ ਧਰਮਾਂ ਦੇ ਭਵਨ ਬਨਾਉਣ ਦੇ ਐਲਾਨ ਨਾਲ ਵੋਟਰਾਂ ਨੂੰ ਭਰਮਾਉਣ ਲੱਗੀ
ਚੰਡੀਗੜ੍ਹ-ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਲੇਰਕੋਟਲਾ ’ਚ ਹੱਜ ਭਵਨ ਬਣਾਉਣ ਲਈ ਸੱਤ ਕਰੋੜ ਰੁਪਏ, ਗੁਰਦਾਸਪੁਰ ’ਚ ਈਸਾਈ ਭਵਨ ਲਈ ਦਸ ਕਰੋੜ ਰੁਪਏ ਅਤੇ ਫਗਵਾੜੇ ’ਚ ਬ੍ਰਾਹਮਣ ਭਵਨ ਬਣਾਉਣ ਲਈ ਦਸ ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ।
ਚੰਨੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਸ਼੍ਰੀਮਦ ਭਾਗਵਤ ਗੀਤਾ ਅਤੇ ਰਾਮਾਇਣ ’ਤੇ ਖੋਜ ਕਰਨ ਲਈ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਸਬੰਧੀ ਸ਼ੰਕਰਾਚਾਰੀਆ ਜੀ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਇਸ ਦੀ ਯੋਗ ਅਗਵਾਈ ਕਰਨ।
ਮੁੱਖ ਮੰਤਰੀ ਚੰਨੀ ਵਿਧਾਨ ਸਭਾ ਸੈਸ਼ਨ ਦੌਰਾਨ ਸਦਨ ਵਿੱਚ ਵੱਖ-ਵੱਖ ਮਤਿਆਂ ’ਤੇ ਹੋਈ ਬਹਿਸ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਬਿਕਰਮ ਮਜੀਠੀਆ ਸਵੇਰ ਤੋਂ ਹੀ ਸਦਨ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਉਹ ਬਹਾਨਾ ਬਣਾ ਕੇ ਚਲਾ ਗਿਆ। ਉਨ੍ਹਾਂ ਕਿਹਾ ਕਿ ਮਜੀਠੀਆ ਅਤੇ ਉਸ ਦੀ ਪਾਰਟੀ ਦੇ ਆਗੂਆਂ ਨੇ ਪਿਛਲੇ 10 ਸਾਲਾਂ ਦੌਰਾਨ ਫੈਲੇ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਵਿਰੁੱਧ ਅਕਾਲੀ ਦਲ ਦੀ ਨੁਮਾਇੰਦਗੀ ਕਰਨ ਦੀ ਹਿੰਮਤ ਵੀ ਨਹੀਂ ਕੀਤੀ।
ਆਪਣੀ ਸਰਕਾਰ ਦੇ ਇੱਕ ਹੋਰ ਫੈਸਲੇ ਨੂੰ ਇਤਿਹਾਸਕ ਦੱਸਦਿਆਂ ਚੰਨੀ ਨੇ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਪੈਨਸ਼ਨ ਦਾ ਲਾਭ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਛੁੱਟੀ ਦਿੱਤੀ ਜਾਵੇਗੀ। ਚੰਨੀ ਨੇ ਦੱਸਿਆ ਕਿ 36000 ਆਰਜ਼ੀ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ, 28 ਸਾਲਾਂ ਬਾਅਦ 5000 ਹੋਮਗਾਰਡ ਵਲੰਟੀਅਰਾਂ ਦੀ ਭਰਤੀ ਅਤੇ 60 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਲਈ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਆਮ ਆਦਮੀ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਕੇ 7 ਕਿਲੋਵਾਟ ਤੱਕ ਦੇ ਲੋਡ ਵਾਲੇ ਸਾਰੇ ਵਰਗਾਂ ਨੂੰ ਰਾਹਤ ਦਿੱਤੀ ਹੈ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਖਪਤਕਾਰਾਂ ਨੂੰ 400 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਪਰ ਜੇਕਰ ਬਿਜਲੀ ਇੱਕ ਯੂਨਿਟ ਤੋਂ ਵੀ ਵੱਧ ਜਾਂਦੀ ਹੈ ਤਾਂ ਸਾਰਾ ਬਿੱਲ ਵਸੂਲਿਆ ਜਾਂਦਾ ਹੈ।

Comment here