ਚੰਡੀਗੜ੍ਹ- ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਵੱਡੇ ਫ਼ੈਸਲੇ ਲਏ ਗਏ, ਜਿਨ੍ਹਾਂ ਵਿਚੋਂ ਇਕ ਹੈ ‘ਇਕ ਵਿਧਾਇਕ ਇਕ ਪੈਨਸ਼ਨ’ ਵਾਲਾ ਅਹਿਮ ਫ਼ੈਸਲਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਈ ਮੀਟਿੰਗ ‘ਚ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਦਾ ਨੋਟੀਫਿਕੇਸ਼ਨ ਵੀ ਜਲਦ ਜਾਰੀ ਹੋ ਜਾਵੇਗਾ। ਇਸ ਫ਼ੈਸਲੇ ਦੇ ਲਾਗੂ ਹੋਣ ਨਾਲ ਸਾਬਕਾ ਵਿਧਾਇਕਾਂ ਨੂੰ ਝਟਕਾ ਲੱਗੇਗਾ। ਦਰਅਸਲ ਪ੍ਰਕਾਸ਼ ਸਿੰਘ ਬਾਦਲ, ਬੀਬੀ ਰਾਜਿੰਦਰ ਕੌਰ ਭੱਠਲ ਸਮੇਤ ਕਈ ਵਿਧਾਇਕਾਂ ਨੂੰ ਇਕ ਤੋਂ ਜ਼ਿਆਦਾ ਪੈਨਸ਼ਨਾਂ ਮਿਲਦੀਆਂ ਹਨ। ਅੱਜ ਇਹ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਇੱਕੋ ਪੈਨਸ਼ਨ ਮਿਲੇਗੀ। ਇਸ ਤੋਂ ਬਾਅਦ ਵਿੱਤ ਮੰਤਰੀ ਅਤੇ ਸਹਿਕਾਰਤਾ ਮੰਤਰੀ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਗਿਆ ਕਿ ਇਕ ਤੋਂ ਜ਼ਿਆਦਾ ਪੈਨਸ਼ਨਾਂ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਗਿਣਤੀ 241 ਹੈ। ਸੂਬੇ ’ਤੇ ਵਿੱਤੀ ਬੋਝ ਘਟਾਉਣ ਲਈ ਆਮ ਆਦਮੀ ਪਾਰਟੀ ਸਰਕਾਰ ਨੇ ਪਹਿਲਾਂ ਹੀ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਸਕੀਮ ਦਾ ਐਲਾਨ ਕਰ ਦਿੱਤਾ ਸੀ। ਦਰਅਸਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਸੂਬੇ ਨੂੰ ਆਪਣੇ ਖਰਚੇ ਚਲਾਉਣ ਲਈ ਲਗਾਤਾਰ ਕਰਜ਼ੇ ਚੁੱਕਣੇ ਪੈ ਰਹੇ ਹਨ। ਜਾਣਕਾਰੀ ਮੁਤਾਬਕ ਇਸ ਸਮੇਂ ਵਿਧਾਇਕਾਂ ਦੀ ਪੈਨਸ਼ਨ ਦੀ ਜਿਹੜੀ ਨੀਤੀ ਲਾਗੂ ਹੈ, ਉਸ ਕਾਰਨ ਸੂਬੇ ’ਤੇ ਭਾਰੀ ਵਿੱਤੀ ਬੋਝ ਪੈ ਰਿਹਾ ਹੈ। ਇਸ ਪੈਨਸ਼ਨ ਨੀਤੀ ਕਾਰਨ ਇਕ ਵਾਰ ਵਿਧਾਇਕ ਬਣਨ ’ਤੇ 75,100 ਰੁਪਏ ਦੀ ਪੈਨਸ਼ਨ ਮਿਲਦੀ ਹੈ। ਮੁਡ਼ ਵਿਧਾਇਕ ਬਣਨ ’ਤੇ ਪੈਨਸ਼ਨ 25000 ਰੁਪਏ ਵਧ ਜਾਂਦੀ ਹੈ। ਇਸ ਸਮੇਂ ਸੂਬੇ ’ਚ ਕਈ ਅਜਿਹੇ ਸਾਬਕਾ ਵਿਧਾਇਕ ਹਨ ਜੋ 3 ਲੱਖ ਰੁਪਏ ਤੋਂ ਵੱਧ ਦੀ ਪੈਨਸ਼ਨ ਲੈ ਰਹੇ ਹਨ। ਇਸ ਦੇ ਨਾਲ ਹੀ ਵਿੱਤੀ ਬੋਝ ਨੂੰ ਘੱਟ ਕਰਨ ਲਈ ਸਰਕਾਰ ਵਿਧਾਇਕਾਂ ਦਾ ਆਮਦਨ ਕਰ ਦੇਣ ਤੋਂ ਵੀ ਬਚ ਸਕਦੀ ਹੈ। ਹੁਣ ਤੱਕ ਸਰਕਾਰ ਵਿਧਾਇਕਾਂ ਦੇ ਇਨਕਮ ਟੈਕਸ ਦਾ ਬੋਝ ਝੱਲ ਰਹੀ ਹੈ। ਹਾਲਾਂਕਿ ਪਿਛਲੀ ਕੈਪਟਨ ਸਰਕਾਰ ਨੇ ਮੰਤਰੀਆਂ ਨੂੰ ਇਸ ਦਾਇਰੇ ਤੋਂ ਬਾਹਰ ਕਰ ਦਿੱਤਾ ਸੀ। ਭਾਵ ਮੰਤਰੀਆਂ ਨੂੰ ਆਪਣਾ ਇਨਕਮ ਟੈਕਸ ਖੁਦ ਭਰਨਾ ਪੈਂਦਾ ਸੀ।
ਕੈਬਨਿਟ ਵੱਲੋਂ ਲਏ ਗਏ ਹੋਰ ਫੈਸਲੇ
1) 26,454 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਅਸਾਮੀਆਂ ਵੱਖ-ਵੱਖ ਵਿਭਾਗਾਂ ‘ਚ ਕੱਢੀਆਂ ਜਾਣਗੀਆਂ।
2) ‘ਇਕ ਵਿਧਾਇਕ ਇਕ ਪੈਨਸ਼ਨ’ ਦਾ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਦਿੱਤੀ ਹਰੀ ਝੰਡੀ।
3) ਘਰ-ਘਰ ਰਾਸ਼ਨ ਵਾਲੇ ਫ਼ੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ। 1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ ਮਿਲੇਗਾ। ਇਹ ਯੋਜਨਾ ਸਾਰਿਆਂ ਲਈ ਲਾਗੂ ਹੋਵੇਗੀ।
4) ਟਰਾਂਸਪੋਰਟਰਾਂ ਨੂੰ ਰਾਹਤ ਦਿੰਦਿਆਂ ਪੈਨਲਟੀ ਮਾਫ਼ੀ ਨੂੰ ਮਨਜ਼ੂਰੀ ਦਿੱਤੀ। ਛੋਟੇ ਟਰਾਂਸਪੋਰਟਰਾਂ ਲਈ ਬਕਾਇਆ ਟੈਕਸ ਜਮ੍ਹਾਂ ਕਰਵਾਉਣ ਦਾ ਸਮਾਂ ਤਿੰਨ ਮਹੀਨੇ ਵਧਾਇਆ ਗਿਆ ਹੈ।
5) ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ। ਇਸ ਵਿਚੋਂ 38.08 ਕਰੋੜ ਕਿਸਾਨਾਂ ਲਈ ਤੇ 03.81 ਕਰੋੜ ਖੇਤ ਮਜ਼ਦੂਰਾਂ ਲਈ ਹੈ।
Comment here