ਦੁਨੀਆ

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਫੜਨ ਲਈ ਸਰਚ ਅਭਿਆਨ ਚਲਾਇਆ

ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਨਸ਼ਾ ਤਸਕਰਾਂ ਨੂੰ ਫੜਨ ਲਈ ਸਰਚ ਅਭਿਆਨ ਚਲਾਇਆ। ਇਸ ਦੌਰਾਨ ਸੂਬੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਪੰਜਾਬ ਪੁਲਿਸ ਨੇ ਛਾਪੇਮਾਰੀ ਕੀਤੀ। ਨਾਭਾ ‘ਚ ਏ.ਡੀ.ਜੀ.ਪੀ ਸੁਰੱਖਿਆ ਐਸ.ਐਸ ਸ੍ਰੀਵਾਸਤਵ ਅਤੇ ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ‘ਚ ਪੁਲਿਸ ਨੇ ਪਿੰਡ ਰੋਹਟੀ ਛੰਨਾ ‘ਚ ਨਸ਼ਾ ਤਸਕਰਾਂ ਖਿਲਾਫ ਸਰਚ ਅਭਿਆਨ ਚਲਾਇਆ, ਭਾਰੀ ਪੁਲਿਸ ਮੁਲਾਜਮ ਘਰਾਂ ਦੀ ਬਾਰੀਕੀ ਨਾਲ ਚੈਕਿੰਗ ਕਰ ਰਹੇ ਹਨ। ਏ.ਡੀ.ਜੀ.ਪੀ ਨੇ ਕਿਹਾ ਕਿ ਚਿੱਟਾ ਦਾ ਅੰਤ ਕਰਨ ਲਈ ਆਪਣੀ ਭੂਮਿਕਾ ਚੰਗੀ ਤਰ੍ਹਾਂ ਨਿਭਾ ਰਹੀ ਹੈ।
ਪਠਾਨਕੋਟ ਪੁਲਿਸ ਨੇ ਤਿੰਨ ਸਬ-ਡਿਵੀਜ਼ਨਾਂ ਵਿੱਚ ਭਾਰੀ ਫੋਰਸ ਨਾਲ ਤਲਾਸ਼ੀ ਮੁਹਿੰਮ ਚਲਾਈ। ਪਠਾਨਕੋਟ ਪੁਲਿਸ ਨੇ 15 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ, ਜਦਕਿ ਇੱਕ ਚੋਰੀ ਦੀ ਕਾਰ ਵੀ ਬਰਾਮਦ ਕੀਤੀ ਹੈ। ਪਠਾਨਕੋਟ ਦੇ ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਖੁਦ ਤਿੰਨੋਂ ਥਾਵਾਂ ‘ਤੇ ਚੱਲ ਰਹੀ ਤਲਾਸ਼ੀ ‘ਚ ਸ਼ਾਮਲ ਹੋਏ।
ਅੱਜ ਬਰਨਾਲਾ ਪੁਲਿਸ ਪ੍ਰਸਾਸ਼ਨ ਦੀ ਇੱਕ ਵੱਡੀ ਟੀਮ ਵੱਲੋਂ ਆਈ.ਜੀ.ਇੰਟੈਲੀਜੈਂਸ ਦੀ ਅਗਵਾਈ ਵਿੱਚ ਬਰਨਾਲਾ ਦੀਆਂ ਕਈ ਬਦਨਾਮ ਝੁੱਗੀਆਂ ਵਿੱਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਬਦਨਾਮ ਬਸਤੀਆਂ ਨੂੰ ਚਾਰੇ ਪਾਸਿਓਂ ਘੇਰਾ ਪਾ ਲਿਆ ਗਿਆ ਅਤੇ ਹਰ ਘਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਮੌਕੇ ਆਈ.ਜੀ.ਇੰਟੈਲੀਜੈਂਸ ਬੀ.ਐਲ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਾਲੇ ਗੈਂਗਸਟਰਾਂ ਖਿਲਾਫ ਇਹ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਾਰੇ ਗੁੰਡਿਆਂ ਨੂੰ ਫੜਨ ਲਈ ਪੰਜਾਬ ਭਰ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਬਠਿੰਡਾ ਦੀ ਧੋਬੀਆਣਾ ਬਸਤੀ ਵਿੱਚ ਪੁਲੀਸ ਫੋਰਸ ਨਾਲ ਛਾਪਾ ਮਾਰਿਆ। ਪੁਲਸ ਨੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਨਸ਼ਿਆਂ ਨੂੰ ਨੱਥ ਪਾਉਣ ਲਈ ਪੁਲੀਸ ਉਨ੍ਹਾਂ ਸਾਰੀਆਂ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ ਜਿੱਥੇ ਨਸ਼ਾ ਜ਼ਿਆਦਾ ਵਿਕਦਾ ਹੈ। ਐਸਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਫਿਰੋਜ਼ਪੁਰ ‘ਚ ਪੰਜਾਬ ਪੁਲਿਸ ਵੱਲੋਂ ਕਾਸੋ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਫਿਰੋਜ਼ਪੁਰ ਦੀਆਂ ਵੱਖ-ਵੱਖ ਥਾਵਾਂ ‘ਤੇ ਝੁੱਗੀਆਂ ‘ਚ 300 ਦੇ ਕਰੀਬ ਲੋਕਾਂ ਨੂੰ ਘੇਰ ਕੇ ਤਲਾਸ਼ੀ ਲਈ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਨਸ਼ਿਆਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਇਆ ਗਿਆ।

Comment here