ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਲਈ ਵਚਨਬੱਧ-ਧਾਲੀਵਾਲ

ਜਲੰਧਰ-ਪੰਜਾਬ ਵਿਚ ਪ੍ਰਵਾਸੀ ਭਾਰਤੀਆਂ ਲਈ ਚੰਗੀ ਖਬਰ ਹੈ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸੂਬੇ ਦੇ ਐੱਨ.ਆਰ.ਆਈ. ਥਾਣਿਆਂ ਵਿਚ ਐੱਨ.ਆਰ.ਆਈਜ਼ ਦੇ ਮਾਮਲਿਆਂ ਨੂੰ ਪੂਰੀ ਪਹਿਲ ਦਿੱਤੀ ਜਾਵੇਗੀ ਅਤੇ ਇਸ ਦੇ ਲਈ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐੱਨ.ਆਰ.ਆਈ. ਥਾਣਿਆਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਫੰਡ ਵੀ ਦਿੱਤੇ ਹਨ ਅਤੇ ਇਨ੍ਹਾਂ ਥਾਣਿਆਂ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਇਨਸਾਫ਼ ਲਈ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਧਾਲੀਵਾਲ ਨੇ ਪੰਜਾਬ ਪੁਲਸ ਅਕੈਡਮੀ ਫਿਲੌਰ ਵਿਖੇ ਐੱਨ.ਆਰ.ਆਈ. ਵਿੰਗ ਵੱਲੋਂ ਕਰਵਾਏ ਗਏ ਇਕ ਦਿਨਾ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਦਾ ਧਿਆਨ ਰੱਖਣਾ ਸਰਕਾਰ ਦਾ ਪਹਿਲਾ ਫਰਜ਼ ਹੈ। ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਹੂਲਤ ਲਈ ਸਾਰੇ ਜ਼ਿਲਿ੍ਹਆਂ ਵਿਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ ਤਾਂ ਜੋ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ, ਉਨ੍ਹਾਂ ਦੇ ਕਾਨੂੰਨੀ ਮਾਮਲਿਆਂ ਅਤੇ ਵਿਆਹ ਨਾਲ ਸਬੰਧਤ ਝਗੜਿਆਂ ਨੂੰ ਜਲਦੀ ਹੱਲ ਕੀਤਾ ਜਾ ਸਕੇ।

Comment here