ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਸਰਕਾਰ ਰੋਜ਼ ਲੈ ਰਹੀ ਕਰਜ਼ਾ, ਕਿੱਥੇ ਜਾ ਰਿਹਾ ਪੈਸਾ?-ਜਾਖੜ

ਚੰਡੀਗੜ੍ਹ-ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀ ਜਾ ਰਹੀ ਫਜ਼ੂਲ ਖਰਚੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨੇ ਰਾਜ ਨੂੰ ਵਿੱਤੀ ਤਬਾਹੀ ਦੇ ਕੰਢੇ ‘ਤੇ ਪਹੁੰਚਾ ਦਿੱਤਾ ਹੈ। ਮਾਰਚ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਡੇਢ ਸਾਲ ‘ਚ 50,000 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਰਜ਼ਾ ਵਧ ਗਿਆ ਹੈ। ਇਸ ਸਾਲ ਅਪ੍ਰੈਲ ਤੋਂ ਲੈ ਕੇ ਜੁਲਾਈ ਦੇ ਅੰਤ ਤੱਕ ਸਿਰਫ਼ ਪਿਛਲੇ 4 ਮਹੀਨਿਆਂ ਵਿੱਚ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 11,718 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਲਿਆ ਹੈ।
ਪੰਜਾਬ ਭਾਜਪਾ ਪ੍ਰਧਾਨ ਜਾਖੜ ਨੇ ਆਪਣੇ ਫੇਸਬੁੱਕ ਲਾਈਵ ‘ਚ ਆਪਣੇ ਡਰ ਨੂੰ ਉਜਾਗਰ ਕਰਦਿਆਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਨੇ ਕਰਜ਼ਾ ਲੈਣ ਦੀ ਆਦਤ ਨਾ ਛੱਡੀ ਤਾਂ ਪੰਜਾਬ ‘ਤੇ 5 ਸਾਲਾਂ ਦੇ ਕਾਰਜਕਾਲ ਦੌਰਾਨ 1.75 ਲੱਖ ਕਰੋੜ ਰੁਪਏ ਦਾ ਕਰਜ਼ਾ ਹੋ ਜਾਵੇਗਾ। ਹੋਂਦ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਸੂਬੇ ਸਿਰ 2.82 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਜਦਕਿ ‘ਆਪ’ ਸਰਕਾਰ ਪੰਜ ਸਾਲਾਂ ‘ਚ 1.75 ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਲਵੇਗੀ।
ਪੰਜਾਬ ਭਾਜਪਾ ਪ੍ਰਧਾਨ ਜਾਖੜ ਨੇ ਪ੍ਰਿੰਸੀਪਲ ਅਕਾਊਂਟੈਂਟ ਜਨਰਲ ਦਫ਼ਤਰ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ 11,718 ਕਰੋੜ ਰੁਪਏ ਵਿੱਚੋਂ ਸਿਰਫ਼ 900 ਕਰੋੜ ਰੁਪਏ ਉਸਾਰੂ ਕੰਮਾਂ ਵਿੱਚ ਹੀ ਖਰਚ ਹੋਏ ਹਨ। ਜਦੋਂ ਕਿ 10,818 ਕਰੋੜ ਰੁਪਏ ਬਰਬਾਦ ਹੋਏ ਹਨ। ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦਾ ਪੈਸਾ ਆਪਣੇ ਪ੍ਰਚਾਰ ‘ਤੇ ਖਰਚ ਕਰ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਜਾਖੜ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਗੰਭੀਰ ਮੁੱਦੇ ਤੋਂ ਜਾਣੂ ਕਰਵਾਇਆ। ਜਾਖੜ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਵੀ ਮਾਨ ਸਰਕਾਰ ਨੂੰ ਸਵਾਲ ਪੁੱਛਣ ਲੱਗ ਪਏ ਹਨ ਕਿ ਮਾਨ ਸਾਹਿਬ ਕੋਲ ਪੈਸਾ ਕਿੱਥੇ ਹੈ?

Comment here