ਨਵੀਂ ਦਿੱਲੀ- ਮੌਸਮ ਵਿਭਾਗ ਨੇ ਗਰਮੀ ਨਾਲ ਮਧੋਲੇ ਪਏ ਉੱਤਰੀ ਭਾਰਤ ਨੂੰ ਰਾਹਤ ਵਾਲੀ ਖਬਰ ਸੁਣਾਈ ਹੈ। ਅਗਲੇ ਕੁਝ ਦਿਨਾਂ ‘ਚ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਆਈਐਮਡੀ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਦਿੱਲੀ, ਪੰਜਾਬ, ਹਰਿਆਣਾ ਅਤੇ ਯੂਪੀ ਸਮੇਤ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਿਛਲੇ ਦੋ-ਤਿੰਨ ਹਫ਼ਤਿਆਂ ਤੋਂ ਚੱਲ ਰਹੀ ਹੀਟਵੇਵ ਹੁਣ ਖ਼ਤਮ ਹੋ ਗਈ ਹੈ। ਵੈਸਟਰਨ ਡਿਸਟਰਬੈਂਸ ਕਾਫੀ ਸਰਗਰਮ ਹੈ। ਅਗਲੇ 6-7 ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਉੱਤਰੀ-ਪੱਛਮੀ ਭਾਰਤ ਵਿੱਚ ਇੱਕ ਯੈਲੋ ਅਲਰਟ ਹੈ, ਇੱਥੇ ਮੀਂਹ ਅਤੇ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਦਿੱਲੀ ‘ਚ ਭਲਕੇ 3 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਕਮੀ ਆਉਣ ਦੀ ਸੰਭਾਵਨਾ ਹੈ। ਅਗਲੇ 6 ਦਿਨਾਂ ਤੱਕ ਦਿੱਲੀ-ਐਨਸੀਆਰ ਵਿੱਚ ਪਾਰਾ ਨਾ ਵਧਣ ਦਾ ਅਨੁਮਾਨ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪ੍ਰਾਈਵੇਟ ਵੈਦਰ ਏਜੰਸੀ ਸਕਾਈਮੇਟ ਦੇ ਵਾਇਰਸ ਪ੍ਰੈਜ਼ੀਡੈਂਟ ਮਹੇਸ਼ ਪਲਾਵਤ ਨੇ ਕਿਹਾ, “ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਅਗਲੇ 3-4 ਦਿਨਾਂ ਤੱਕ ਗਰਜ਼-ਤੂਫਾਨ ਜਾਂ ਹਲਕੀ ਪ੍ਰੀ-ਮਾਨਸੂਨ ਬਾਰਸ਼ ਹੋਣ ਦੀ ਸੰਭਾਵਨਾ ਹੈ। ਇੱਕ-ਦੋ ਦਿਨਾਂ ਵਿੱਚ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਭਲਕੇ ਮੰਗਲਵਾਰ ਨੂੰ ਅਸਮਾਨ ਵਿਚ ਬੱਦਲਵਾਈ ਰਹਿ ਸਕਦਾ ਹੈ। ਪੂਰਬੀ ਹਵਾਵਾਂ ਨੇ ਦਸਤਕ ਦੇ ਦਿੱਤੀ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ 5 ਮਈ ਨੂੰ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਕੁਝ ਦਿਨਾਂ ਤੱਕ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਈ ਦਾ ਪਹਿਲਾ ਹਫ਼ਤਾ ਰਾਹਤ ਭਰਿਆ ਰਹੇਗਾ। ਲਖਨਊ ਦੇ ਅਮੌਸੀ ਸਥਿਤ ਜ਼ੋਨਲ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਜੇਪੀ ਗੁਪਤਾ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਬਦਲ ਗਿਆ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਸ਼ਹਿਰ ਵਿੱਚ ਬੱਦਲਾਂ ਦੀ ਹਲਚਲ ਰਹੇਗੀ। ਅਗਲੇ 4 ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਤੇਜ਼ ਹਵਾਵਾਂ ਚੱਲਣਗੀਆਂ।
ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਨੂੰ ਮਿਲੂ ਗਰਮੀ ਤੋਂ ਰਾਹਤ

Comment here