ਸਿਆਸਤਖਬਰਾਂਚਲੰਤ ਮਾਮਲੇ

ਬਜਟ ਇਜਲਾਸ ’ਚ ‘ਆਪ’ ਨੇ ਪੇਸ਼ ਕੀਤਾ ਪੰਜਾਬ ਪੱਖੀ ਏਜੰਡਾ

ਕਿਹਾ-ਰੰਗਲਾ ਪੰਜਾਬ ਬਣਾਵਾਂਗੇ, ਲੋਕਾਂ ਦੇ ਹਰ ਮਸਲੇ ਦਾ ਹੱਲ ਹੋਣਗੇ-ਮਾਨ
ਵਾਕਆਊਟ ਮਗਰੋਂ ਕਾਂਗਰਸੀ ਵਿਧਾਇਕਾਂ ਨੇ ‘ਆਪ’ ‘ਤੇ ਕੱਢੀ ਭੜਾਸ
ਚੰਡੀਗੜ-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ’ਚ ‘ਆਪ’ ਸਰਕਾਰ ਨੇ ਪੰਜਾਬ ਪੱਖੀ ਏਜੰਡਾ ਪੇਸ਼ ਕੀਤਾ ਹੈ। ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਲਈ ਅਹਿਮ ਐਲਾਨ ਕੀਤਾ ਹੈ। ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਮਜ਼ੋਰ ਵਰਗਾਂ ਲਈ 25 ਹਜ਼ਾਰ ਮਕਾਨ ਬਣਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਮਕਾਨਾਂ ਦੇ ਬਕਾਇਦਾ ਨਕਸ਼ੇ ਬਣਾਏ ਜਾ ਰਹੇ ਹਨ। ਇਸ ਕਾਰਨ ਕਮਜ਼ੋਰ ਵਰਗ ਨੂੰ ਕਾਫ਼ੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ‘ਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਤਾਂ ਜੋ ਉਹ ਆਪਣਾ ਸੂਬਾ ਛੱਡ ਕੇ ਕਮਾਈ ਲਈ ਬਾਹਰ ਨਾ ਜਾਣ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ ਅਤੇ ਅਧਿਆਪਕਾਂ ਨੂੰ ਆਧੁਨਿਕ ਪੜ੍ਹਾਈ ਵਾਸਤੇ ਸਿਖਲਾਈ ਦਿਵਾਉਣ ਲਈ ਵਿਦੇਸ਼ਾਂ ‘ਚ ਭੇਜਿਆ ਜਾਵੇਗਾ। ਅਸੀਂ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਵੱਡਾ ਕਦਮ ਚੁੱਕਿਆ ਹੈ।
ਪੰਜਾਬ ਵਿੱਚ ਫੀਲਡ ਅਫਸਰ ਸੀਐਮ ਨਾਮ ਦੀ ਇੱਕ ਨਵੀਂ ਪੋਸਟ ਬਣਾਈ ਜਾ ਰਹੀ ਹੈ, ਤਾਂ ਜੋ ਆਮ ਲੋਕਾਂ ਦੇ ਕੰਮ ਚੰਗੇ ਤਰੀਕੇ ਨਾਲ ਹੋ ਸਕਣ। ਉਨ੍ਹਾਂ ਕਿਹਾ ਕਿ ਮੈਂ ਪੁਲਿਸ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਨਸ਼ਾ ਤਸਕਰੀ ਨਾਲ ਸਬੰਧ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਜੇਕਰ ਕੋਈ ਕਮੀ ਹੁੰਦੀ ਹੈ ਤਾਂ ਉਸ ਲਈ ਅਧਿਕਾਰੀ ਜ਼ਿੰਮੇਵਾਰ ਹੋਣਗੇ।
ਸਕੂਲਾਂ ਨੂੰ ਆਪਣੀ ਮਰਜ਼ੀ ਨਾਲ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 5994 ਈਟੀਟੀ ਅਧਿਆਪਕ, 8393 ਪ੍ਰਾਇਮਰੀ ਅਧਿਆਪਕ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।
ਅਧਿਆਪਕ ਸਿਰਫ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਨਗੇ। ਆਉਣ ਵਾਲੇ ਸਮੇਂ ਵਿੱਚ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ। ਕਾਲਜ ਅਧਿਆਪਕਾਂ ਨੂੰ ਯੂਜੀਸੀ ਸਕੇਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਵਿਦੇਸ਼ ਜਾਣ ਲਈ ਮਜਬੂਰ ਹਨ। ਪੰਜਾਬ ਵਿੱਚ ਡਿਗਰੀ ਅਨੁਸਾਰ ਕੰਮ ਮਿਲੇਗਾ। ਅਸੀਂ ਆਈਟੀਆਈ ਨਾਲ ਸਬੰਧਤ 44 ਨਵੇਂ ਕੋਰਸ ਸ਼ੁਰੂ ਕਰਨ ਜਾ ਰਹੇ ਹਾਂ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ 7 ਨਵੇਂ ਜੱਚਾ-ਬੱਚਾ ਸਿਹਤ ਕੇਂਦਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਜੱਚਾ ਤੇ ਬੱਚਾ ਦੋਵਾਂ ਦੀ ਦੇਖਭਾਲ ਕਰਨ ਲਈ ਵਚਨਬੱਧ ਹੈ। ਇਸੇ ਲਈ 7 ਨਵੇਂ ਸਿਹਤ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਰਦਾਸਪੁਰ, ਨਾਭਾ, ਰਾਏਕੋਟ, ਪੱਟੀ, ਮੁਕਤਸਰ ਸਾਹਿਬ, ਡੇਰਾ ਬੱਸੀ, ਤਲਵੰਡੀ ਸਾਬੋ ’ਚ ਜੱਚਾ-ਬੱਚਾ ਸਿਹਤ ਕੇਂਦਰਾਂ ਦੀ ਉਸਾਰੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ’ਚ ਜੱਚਾ-ਬੱਚਾ ਸਿਹਤ ਕੇਂਦਰ ਨਵੀਆਂ ਸਹੂਲਤਾਂ ਨਾਲ ਸਥਾਪਤ ਕੀਤੇ ਜਾਣਗੇ। ਸੂਬਾ ਸਰਕਾਰ ਨੇ ਵੱਡਾ ਉਪਰਾਲਾ ਕਰਦਿਆਂ 2950 ਸੈਂਟਰਾਂ ਨੂੰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਜੋਂ ਅਪਗ੍ਰੇਡ ਕਰਨ ਦਾ ਵੀ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੀ. ਐੱਚ. ਸੀ. ਅਤੇ ਪੀ. ਐੱਚ. ਸੀ. ਨੂੰ ਵੀ ਆਉਣ ਵਾਲੇ ਦਿਨਾਂ ’ਚ 5 ਸਟਾਰ ਰੇਟਿੰਗ ’ਤੇ ਅਪਗ੍ਰੇਡ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਵੀ ਮਕਾਨ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਮਾਨ ਸਰਕਾਰ ਨੇ ਵ੍ਹਾਈਟ ਪੇਪਰ ਕੀਤਾ ਜਾਰੀ
ਪੰਜਾਬ ਦੇ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸ਼ੈਸ਼ਨ ਵਿੱਚ ਵ੍ਹਾਈਟ ਪੇਪਰ ਜਾਰੀ ਕੀਤਾ। ਵ੍ਹਾਈਟ ਪੇਪਰ ਵਿੱਚ ਜ਼ਿਕਰ ਕੀਤਾ ਹੈ ਕਿ ਪੰਜਾਬ ਦੇ ਸਿਰ ਉਤੇ 263265 ਕਰੋੜ ਰੁਪਏ ਦਾ ਕਰਜ਼ਾ ਹੈ। ਪੰਜਾਬ ਸਿਰ ਸਭ ਤੋਂ ਵੱਧ ਕਰਜ਼ਾ 2016-17 ਵਿੱਚ ਆਇਆ ਸੀ।
ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਸਮੇਤ 6ਵੇਂ ਤਨਖਾਹ ਕਮਿਸ਼ਨ ਦੇ 13759 ਕਰੋੜ ਰੁਪਏ ਦੇ ਬਕਾਏ ਹਨ। ਪੰਜਾਬ ਸਰਕਾਰ ਨੇ ਪੀਐਸਪੀਸੀਐਲ ਬਿਜਲੀ ਸਬਸਿਡੀ ਦੇ 7117.86 ਕਰੋੜ ਰੁਪਏ ਦੇਵੇਗੀ।
ਵਾਕਆਊਟ ਮਗਰੋਂ ਕਾਂਗਰਸੀ ਵਿਧਾਇਕਾਂ ਨੇ ‘ਆਪ’ ‘ਤੇ ਕੱਢੀ ਭੜਾਸ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਬੋਲਣ ਦੇ ਸਮੇਂ ਦੀ ਮੰਗ ‘ਤੇ ਕਾਂਗਰਸੀ ਵਿਧਾਇਕਾਂ ਵੱਲੋਂ ਵਾਕਆਊਟ ਕਰ ਦਿੱਤਾ ਗਿਆ। ਇਸ ਦੌਰਾਨ ਬਾਹਰ ਆ ਕੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਦਨ ਦਾ ਸਮਾਂ 2 ਵਜੇ ਤੱਕ ਦਾ ਸੀ ਪਰ ਇਸ ਨੂੰ 2 ਘੰਟੇ ਪਹਿਲਾਂ ਹੀ ਮੁਲਤਵੀ ਕਰ ਦਿੱਤਾ ਗਿਆ, ਜਿਸ ਕਾਰਨ ਡੇਢ ਕਰੋੜ ਰੁਪਏ ਦਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਇਸ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਪੀਕਰ ਸਾਹਿਬ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਲੂ-ਮਨਾਲੀ ਵਿਖੇ ਤਿਰੰਗਾ ਯਾਤਰਾ ‘ਤੇ ਪਹੁੰਚਣਾ ਸੀ, ਇਸ ਦੇ ਲਈ ਵਿਧਾਨ ਸਭਾ ਦੀ ਕਾਰਵਾਈ ਪਹਿਲਾਂ ਹੀ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਮੌਜੂਦਾ ਸਰਕਾਰ ਆਪਣੇ ਕੰਮ ਨੂੰ ਲੈ ਕੇ ਕਿੰਨੀ ਕੁ ਗੰਭੀਰ ਹੈ।
ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ‘ਚ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ‘ਚ ਸਪੋਰਟਸ ਸਟੇਡੀਅਮ ਬਣਾਏ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਪਰਗਟ ਸਿੰਘ ਨੇ ਕਿਹਾ ਕਿ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Comment here