ਆਪਣੀ ਗੱਲ ਫਰੀਦਕੋਟ ਅਦਾਲਤ ਵਿੱਚ ਰੱਖਣ ਦੀ ਹਦਾਇਤ
ਮੁੱਖ ਮੰਤਰੀ ਵੱਲੋਂ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ
ਬੇਅਦਬੀ ਕਾਂਡ ਜਾਂਚ ਰਿਪੋਰਟ ਵਿਚੋਂ ਬਾਦਲਾਂ ਨੂੰ ਬਾਹਰ ਰੱਖਣਾ ਕਲੀਨ ਚਿੱਟ ਦੇਣ ਬਰਾਬਰ: ਮਾਨ
ਫ਼ਰੀਦਕੋਟ:ਬਹਿਬਲ ਗੋਲੀ ਕਾਂਡ ਦੀ ਪੜਤਾਲ ਰਿਪੋਰਟ ਨੂੰ ਚੁਣੌਤੀ ਦੇਣ ਵਾਲੀਆਂ ਚਾਰ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਅਰਜ਼ੀਕਾਰਾਂ ਨੂੰ ਹੁਕਮ ਦਿੱਤੇ ਹਨ ਕਿ ਜੇਕਰ ਉਹ ਆਪਣੀ ਬੇਗੁਨਾਹੀ ਬਾਰੇ ਕੋਈ ਗੱਲ ਕਰਨੀ ਚਾਹੁੰਦੇ ਹਨ ਤਾਂ ਉਹ ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਮੁਕੱਦਮੇ ਵਿੱਚ ਦੋਸ਼ ਆਇਦ ਹੋਣ ਸਮੇਂ ਹੋਣ ਵਾਲੀ ਬਹਿਸ ਵਿੱਚ ਇਸ ਦੀ ਜਾਣਕਾਰੀ ਦੇਣ। ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਰਾਜ ਮੋਹਨ ਸਿੰਘ ਨੇ ਆਪਣੇ 28 ਪੰਨਿਆਂ ਦੇ ਫੈਸਲੇ ਵਿੱਚ ਬਹਿਬਲ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਜਾਂਚ ਟੀਮ ਨੂੰ ਆਦੇਸ਼ ਦਿੱਤੇ ਹਨ ਕਿ ਉਹ ਇਸ ਦੀ ਰਿਪੋਰਟ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕਰੇ। ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੇ ਏਡੀਜੀਪੀ ਐੱਲ ਕੇ ਯਾਦਵ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੀ ਪੜਤਾਲ ਰਿਪੋਰਟ ਤੁਰੰਤ ਅਦਾਲਤ ਵਿੱਚ ਪੇਸ਼ ਕਰਨ। ਸਾਬਕਾ ਡੀਜੀਪੀ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੇ ਬਹਿਬਲ ਗੋਲੀ ਕਾਂਡ ਦੀ ਪੜਤਾਲ ਨੂੰ ਗੈਰਕਾਨੂੰਨੀ ਅਤੇ ਪੱਖਪਾਤੀ ਦੱਸਦਿਆਂ ਇਹ ਰਿਪੋਰਟ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਬਹਿਬਲ ਗੋਲੀ ਕਾਂਡ ਦੀ ਪੜਤਾਲ ਸੀਬੀਆਈ ਜਾਂ ਕਿਸੇ ਹੋਰ ਕੇਂਦਰੀ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਸੀ। ਹਾਲ ਦੀ ਘੜੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਹਿਬਲ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਗੋਲੀਕਾਂਡ ਵਿਚ ਦਰਜ ਐਫਆਈਆਰ ਅਤੇ ਹੋਈ ਜਾਂਚ ਨੂੰ ਰੱਦ ਕਰਨ ਬਾਰੇ ਦਾਇਰ ਵੱਖ-ਵੱਖ ਪਟੀਸ਼ਨਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦੇਣ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਬਹਿਬਲ ਕਲਾਂ ਵਿਚ ਬੇਕਸੂਰ ਲੋਕਾਂ ਉਤੇ ਗੋਲੀ ਚਲਾਉਣ ਵਾਲੇ ਪੁਲੀਸ ਕਰਮੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨ ਲਈ ਸਰਕਾਰ ਵਾਸਤੇ ਰਾਹ ਪੱਧਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਉਸ ਤੋਂ ਬਾਅਦ ਬੇਕਸੂਰ ਪ੍ਰਦਰਸ਼ਨਕਾਰੀਆਂ ਉਤੇ ਗੋਲੀ ਚਲਾਉਣ ਦੀਆਂ ਘਟਨਾਵਾਂ ਵਾਪਰੀਆਂ ਸਨ ਤਾਂ ਕਾਂਗਰਸ ਨੇ ਕੋਟਕਪੂਰਾ ਵਿਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਦੀ ਪੈਰਵੀ ਠੋਸ ਢੰਗ ਨਾਲ ਨਾ ਕਰਕੇ ਇਸ ਜੁਰਮ ਦੇ ਦੋਸ਼ੀਆਂ ਨੂੰ ਬਚਾਉਣ ਕੰਮ ਕੀਤਾ। ਹਾਈ ਕੋਰਟ ਵੱਲੋਂ ਸਿਆਸੀ ਆਗੂਆਂ ਅਤੇ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਕੇਸ ਵਿੱਚ ਪੇਸ਼ ਕੀਤੇ ਚਲਾਨ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਸਰਕਾਰ ਦੀ ਮੁਲਜ਼ਮਾਂ ਨੂੰ ਕਾਨੂੰਨੀ ਘੇਰੇ ਵਿੱਚ ਲਿਆਉਣ ਦੀ ਦ੍ਰਿੜ੍ਹ ਵਚਨਬੱਧਤਾ ਦਾ ਨਤੀਜਾ ਹੈ।
ਸਿਮਰਨਜੀਤ ਸਿੰਘ ਮਾਨ ਵਲੋਂ ਸਵਾਲ ਉਠਾਏ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਮਾਮਲਿਆਂ ਨਾਲ ਸਬੰਧਤ ਸਿੱਖ ਜਥੇਬੰਦੀਆਂ ਨੂੰ ਸੌਂਪੀ ਗਈ ਜਾਂਚ ਰਿਪੋਰਟ ’ਤੇ ਸਵਾਲ ਖੜ੍ਹੇ ਕੀਤੇ ਹਨ।ਉਨ੍ਹਾਂ ਕਿਹਾ ਕਿ ਇਸ ਜਾਂਚ ਰਿਪੋਰਟ ਵਿਚੋਂ ਬਾਦਲਾਂ ਨੂੰ ਬਾਹਰ ਰੱਖਣ ਦਾ ਮਤਲਬ ਕਲੀਨ ਚਿੱਟ ਦੇਣ ਦੇ ਬਰਾਬਰ ਹੈ ਕਿਉਂਕਿ ਬੇਅਦਬੀ ਦੇ ਮੁੱਖ ਮੁਲਜ਼ਮਾਂ ਵਿੱਚ ਡੇਰਾ ਮੁਖੀ ਅਤੇ ਉਸ ਨੂੰ ਮੁਆਫ਼ੀ ਦੇਣ ਵਾਲਿਆਂ ਦਾ ਨਾਮ ਸਭ ਤੋਂ ਉੱਪਰਲੀ ਕਤਾਰ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਜਾਂਚ ਰਿਪੋਰਟ ਅਧੂਰੀ ਕਿਉਂ ਹੈ ਜਦੋਂ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀਆਂ ਬੇਅਦਬੀ ਦੀਆਂ ਹੋਰ ਘਟਨਾਵਾਂ ਵੀ ਵਾਪਰੀਆਂ ਸਨ। ਬਹਿਬਲ ਕਲਾਂ ਵਿੱਚ ਦੋ ਸਿੱਖਾਂ ਦਾ ਗੋਲੀ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ ਜਿਸ ਦਾ ਵੇਰਵਾ ਮੁੱਖ ਮੰਤਰੀ ਵੱਲੋਂ ਸੌਂਪੀ ਰਿਪੋਰਟ ਵਿੱਚ ਨਹੀਂ ਹੈ। ਸ੍ਰੀ ਮਾਨ ਨੇ ਕਿਹਾ ਕਿ ਸਿੱਖ ਕੌਮ ਦੇ ਇਸ ਘਾਣ ਨੂੰ ਰਿਪੋਰਟ ਤੋਂ ਬਾਹਰ ਕਿਉਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਰਕਾਰ ਬਣਨ ਮਗਰੋਂ ਇੱਕ ਮਹੀਨੇ ਵਿੱਚ ਵੀ ਸਜ਼ਾਵਾਂ ਦਿੱਤੀਆਂ ਜਾਣਗੀਆਂ ਤੇ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਗੋਲੀਆਂ ਚਲਾ ਕੇ ਦੋ ਸਿੱਖ ਗੁਰਜੀਤ ਸਿੰਘ ਅਤੇ ਹਰਕ੍ਰਿਸ਼ਨ ਭਗਵਾਨ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਦਾ ਇਨਸਾਫ਼ ਅਜੇ ਵੀ ਅਧੂਰਾ ਹੈ।
ਕਾਂਗਰਸ ਤੇ ‘ਆਪ’ ਬੇਅਦਬੀ ਰਿਪੋਰਟ ‘ਤੇ ਗੁਰੂ ਗ੍ਰੰਥ ਸਾਹਿਬ ਤੋਂ ਮੁਆਫ਼ੀ ਮੰਗੇ-ਅਕਾਲੀ ਦਲ
ਕਾਂਗਰਸ ਤੇ ਆਮ ਆਦਮੀ ਪਾਰਟੀ ਬੇਅਦਬੀ ਮਾਮਲੇ ‘ਤੇ ਆਈ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਮੁਆਫ਼ੀ ਮੰਗੇ ਕਿਉਂਕਿ ਇਨ੍ਹਾਂ ਪਾਰਟੀਆਂ ਦੇ ਨੇਤਾਵਾਂ ਨੇ ਬੇਅਦਬੀ ਮਾਮਲੇ ‘ਤੇ ਝੂਠ ਬੋਲ ਕੇ ਲੋਕਾਂ ਵਿਚ ਗੁਮਰਾਹਕੁਨ ਪ੍ਰਚਾਰ ਕਰ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਖ਼ਿਲਾਫ਼ ਬੱਜਰ ਪਾਪ ਕੀਤਾ ਹੈ ।ਇਹ ਵਿਚਾਰ ਅੱਜ ਇੱਥੇ ਸ਼ੋ੍ਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਬੇਅਦਬੀ ਮਾਮਲੇ ‘ਤੇ ਆਈ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਨੂੰ ਲੈ ਕੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਤੇ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਪ੍ਰਗਟਾਏ ।ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਥਕ ਆਗੂ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਅਕਾਲੀ ਲੀਡਰਸ਼ਿਪ, ਅਹੁਦੇਦਾਰਾਂ, ਵਰਕਰਾਂ ਤੇ ਸਮੁੱਚੇ ਸਿੱਖ ਜਗਤ ਨੇ ਜੋ ਪੀੜਾ ਪਿਛਲੇ 7 ਸਾਲਾਂ ਵਿਚ ਝੱਲੀ, ਉਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ । ਅਕਾਲੀ ਨੇਤਾਵਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਨਵਜੋਤ ਸਿੰਘ ਸਿੱਧੂ, ਪ੍ਰਤਾਪ ਸਿੰਘ ਬਾਜਵਾ ਅਤੇ ‘ਆਪ’ ਦੇ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਆਦਿ ਨੇਤਾਵਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਜਲਦੀ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਮਾਣਹਾਨੀ ਦਾ ਕੇਸ ਵੀ ਪਾਵੇਗਾ ।
Comment here