ਸਿਆਸਤਖਬਰਾਂ

ਬੀ ਐੱਸ ਐਫ ਦਾ ਘੇਰਾ ਵਧਾਉਣ ਤੇ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਦਰ ਤੇ ਗਈ

ਨਵੀਂ ਦਿੱਲੀ-ਪੰਜਾਬ ਦੇ ਸਰਹੱਦੀ ਹਲਕਿਆਂ ਵਿੱਚ ਪਿਛਲੇ ਦਿਨੀ ਕੇਂਦਰ ਸਰਕਾਰ ਨੇ ਬੀਐੱਸਐੱਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ, ਜਿਸ ਦੀ ਪੰਜਾਬ ਸਰਕਾਰ ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਤਿੱਖੀ ਵਿਰੋਧਤਾ ਕੀਤੀ ਹੈ। ਇਸ ਫੈਸਲੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਸਤਕ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਰਕ ਦਿੱਤਾ ਹੈ ਕਿ ਭੂਗੋਲਿਕ ਤੌਰ ’ਤੇ ਪੰਜਾਬ ਇਕ ਛੋਟਾ ਸੂਬਾ ਹੈ ਪਰ ਇਸ ਦਾ ਇਤਿਹਾਸ ਬਹੁਤ ਮਹੱਤਵਪੂਰਨ ਹੈ ਤੇ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣਾ ਦਾ ਫੈਸਲਾ ਜਾਇਜ਼ ਨਹੀਂ ਹੈ। ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਨ੍ਹਾਂ ਹੁਕਮਾਂ ਕਾਰਨ ਪੰਜਾਬ ਦੇ ਲੋਕਾਂ ਵਿੱਚ ਬੇਚੈਨੀ ਵਧੇਗੀ ਤੇ ਸਰਹੱਦ ਨੇੜਲੇ ਕਿਸਾਨਾਂ ਨੂੰ ਖੇਤੀ ਵਿੱਚ ਦਿੱਕਤਾਂ ਪੇਸ਼ ਆਉਣਗੀਆਂ। ਇਸ ਕਦਮ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਵਧਾਈ ਦਿੱਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੰਘੀ ਢਾਂਚੇ ਅਤੇ ਸੂਬਿਆਂ ਦੀ ਖੁਦਮੁਖਤਿਆਰੀ ਨੂੰ ਕਾਇਮ ਰੱਖਣ ਲਈ ਸੰਵਿਧਾਨ ਵਿੱਚ ਦਰਜ ਸਿਧਾਂਤਾਂ ਨੂੰ ਕਾਇਮ ਰੱਖਣ ਦੀ ਲੜਾਈ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ, ਨਵਜੋਤ ਸਿੰਘ ਸਿੱਧੂ ਨੇ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰ ਦੇ ਕਦਮ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਸਰਕਾਰ ਇੱਕ ਰਾਜ ਦੇ ਅੰਦਰ ਰਾਜ ਬਣਾ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ।

Comment here