ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਹਾਲ ਹੀ ਵਿੱਚ ਇਸਨੂੰ ਲੈ ਕੇ ਨਵੀਆਂ ਡਿਉਟੀਆਂ ਲਗਾਈਆਂ ਗਈਆਂ ਹਨ ਅਤੇ ਸਖਤੀ ਕੀਤੀ ਗਈ ਹੈ। ਇਸੇ ਮੁੱਦੇ ਉਪਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੁਲਾਜ਼ਮਾਂ ਤੇ ਕੀਤੀਆਂ ਗਈਆਂ ਕਾਰਵਾਈਆਂ ਤੋਂ ਅਜੇ ਵੀ ਅਸੰਤੁਸ਼ਟ ਹਨ। ਜਥੇਦਾਰ ਪੰਜੋਲੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀਆਂ ਬੇਅਦਬੀਆਂ ਚਿੰਤਾਜਨਕ ਹਨ ਉਨ੍ਹਾਂ ਕਿਹਾ ਕਿ ਜਿੱਥੇ ਬੇਅਦਬੀਆਂ ਲਈ ਪ੍ਰਬੰਧਕ ਜ਼ਿੰਮੇਵਾਰ ਹਨ, ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੀ ਜ਼ਿੰਮੇਵਾਰ ਹਨ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਈਆਂ ਬੇਅਦਵੀਆਂ ਲਈ ਤਤਕਾਲੀ ਮੈਨੇਜਰ ਨੂੰ ਜ਼ਿੰਮੇਵਾਰ ਠਿਹਰਾਇਆ ਹੈ। ਉੱਥੇ ਹੀ ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੀ ਜ਼ਿੰਮੇਵਾਰ ਹਨ। ਜਥੇਦਾਰ ਪੰਜੋਲੀ ਨੇ ਕਿਹਾ ਕਿ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਨੈਤਿਕ ਜ਼ਿੰਮੇਵਾਰੀ ਕਬੂਲਦਿਆਂ ਆਪ ਹੀ ਅਹੁਦੇ ਤੋਂ ਪਿੱਛੇ ਹਟ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਨੂੰ ਰੋਕਣ ਲਈ ਪਾਵਨ ਸਰੂਪ ਤੇ ਬਾਰਕੋਡ ਤੇ ਚਿੱਪ ਸਿਸਟਮ ਲਗਾਉਣ ਲਈ ਗੱਲਬਾਤ ਚੱਲ ਰਹੀ ਹੈ। ਜੇਕਰ ਇਸ ਤਰ੍ਹਾਂ ਹੁੰਦਾ ਤਾਂ ਪਾਵਨ ਸਰੂਪ ਜਿਸ ਸੰਸਥਾ ਜਾਂ ਪਰਿਵਾਰ ਪਾਸ ਹੋਵੇਗਾ ਉਸ ਦਾ ਡੈਟਾ ਵੀ ਸ਼੍ਰੋਮਣੀ ਕਮੇਟੀ ਪਾਸ ਹੋਵੇ। ਇਸ ਤੋ ਬਾਅਦ ਪਾਵਨ ਸਰੂਪ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਸੰਸਥਾ ਜਾਂ ਪਰਿਵਾਰ ਦੀ ਜ਼ਿਆਦਾ ਹੋਵੇਗੀ। ਜੇਕਰ ਪਾਵਨ ਸਰੂਪ ਦੀ ਬੇਅਦਬੀ ਹੋਵੇਗੀ ਤਾਂ ਇਹ ਪਤਾ ਲੱਗ ਸਕੇਗਾ ਕਿ ਪਾਵਨ ਸਰੂਪ ਕਿਸ ਸੰਸਥਾ ਜਾਂ ਪਰਿਵਾਰ ਪਾਸ ਸੀ। ਉਨ੍ਹਾਂ ਕਿਹਾ ਕਿ ਬੇਅਦਬੀ ਨੂੰ ਰੋਕਣ ਲਈ ਹਰ ਸੰਸਥਾ ਚਿੰਤਤ ਹੈ ਕਿ ਇਸ ਤੇ ਜਲਦ ਹੀ ਕੋਈ ਫੈਸਲਾ ਹੋਣਾ ਚਾਹੀਦਾ ਹੈ ਤਾਂ ਜੋ ਅਸੀਂ ਸਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੇਵਾ ਸੰਭਾਲ ਸੁਚੱਜੇ ਢੰਗ ਨਾਲ ਕਰ ਸਕੀਏ।
Comment here