ਸਿਆਸਤਖਬਰਾਂਚਲੰਤ ਮਾਮਲੇ

ਭਗਵੰਤ ਮਾਨ ਨਿਤ ਨਵੇਂ ਐਲਾਨ ਕਰਕੇ ਪੰਜਾਬੀਆਂ ਨੂੰ ਬਣਾ ਰਹੇ ਮੂਰਖ : ਜੀਵਨ ਗੁਪਤਾ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਾ ਅਤੇ ਕਿਸਾਨਾਂ ਨਾਲ ਹਰ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਜਾ ਰਹੇ ਨਵੇਂ ਐਲਾਨਾਂ ‘ਤੇ ਚੁਟਕੀ ਲੈਂਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਆਏ ਦਿਨ ਮੁੱਖ ਮੰਤਰੀ ਭਗਵੰਤ ਮਾਨ ਕੋਈ ਨਾ ਕੋਈ ਨਵੀਂ ਘੋਸ਼ਣਾ ਕਰ ਦਿੰਦੇ ਹਨ, ਜਦੋਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਕੀਤੇ ਗਏ ਐਲਾਨਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਭਗਵੰਤ ਮਾਨ ਜਨਤਾ ਨੂੰ ਮੂਰਖ ਬਣਾਉਣ ਲਈ ਹਰ ਵਾਰ ਨਵਾਂ ਐਲਾਨ ਕਰ ਦਿੰਦੇ ਹਨ। ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਕਈ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਹਨ, ਪਰ ਅਜੇ ਤੱਕ ਉਨ੍ਹਾਂ ਵਿੱਚੋਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ। ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਅਤੇ ਹੁਣ ਜਦੋਂ ਕਿਸਾਨ ਭਰਾ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੜਕਾਂ ‘ਤੇ ਧਰਨੇ ਦੇਣ ਲੱਗੇ ਹਨ ਤਾਂ ਉਨ੍ਹਾਂ ਨੂੰ ਮੁੜ ਨਵੇਂ ਲਾਲੀਪਾਪ ਦੇ ਰਹੇ ਹਨ।
ਗੁਪਤਾ ਨੇ ਭਗਵੰਤ ਮਾਨ ਨੂੰ ਕਿਸਾਨ ਭਰਾਵਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ ਕੀਤੀ। ਜੀਵਨ ਗੁਪਤਾ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੜਕਾਂ ਜਾਮ ਕਰਨਾ ਛੱਡ ਕੇ ਵਾਅਦਾ-ਖਿਲਾਫੀ ਕਰਨ ਵਾਲੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰਾਂ ਦਾ ਘਿਰਾਓ ਕਰਨ। ਕਿਸਾਨ ਭਰਾਵਾਂ ਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਦੇ ਲੋਕ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਸਰਕਾਰ ਵਿਰੁੱਧ ਹਰ ਸੰਭਵ ਸਹਿਯੋਗ ਲਈ ਤਿਆਰ ਹਨ।
ਗੁਪਤਾ ਨੇ ਕਿਹਾ ਕਿ ਕਿਸਾਨ ਭਰਾਵਾਂ ਵੱਲੋਂ ਸੜਕੀ ਅਤੇ ਰੇਲ ਆਵਾਜਾਈ ਠੱਪ ਕਰਨ ਕਾਰਨ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸ ਵਿੱਚ ਕਿਸਾਨ ਭਰਾਵਾਂ ਦੇ ਆਪਨੇ ਰਿਸ਼ਤੇਦਾਰਾਂ ਨੂੰ ਵੀ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਉਹ ਉਨ੍ਹਾਂ ਨੂੰ ਅਪੀਲ ਕਰਦੇ ਹਨ ਕਿ ਕਿਸਾਨ ਭਰਾ ਆਪਣੀਆਂ ਮੰਗਾਂ ਮੰਨਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਰਿਹਾਇਸ਼ ਦਾ ਘਿਰਾਓ ਕਰਨ।

Comment here