ਚੰਡੀਗੜ੍ਹ- ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ-48 ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮੇਅਰ ਰਵੀਕਾਂਤ ਅਤੇ ਭਾਜਪਾ ਦੇ ਸੀਨੀਅਰ ਆਗੂ ਸੰਜੈ ਟੰਡਨ ਦੀਆਂ ਗੱਡੀਆਂ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਚੰਡੀਗੜ੍ਹ ਪੁਲੀਸ ਨੇ ਦੇਰ ਰਾਤ ਰਾਜਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਮਾਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਥਾਣਾ ਸੈਕਟਰ-49 ਦੀ ਪੁਲੀਸ ਨੇ ਬੀਤੀ ਰਾਤ ਆਈਪੀਸੀ ਦੀ ਧਾਰਾ 147, 148, 149, 341, 427, 307, 506, 269 ਤਹਿਤ ਕੇਸ ਦਰਜ ਕੀਤਾ ਸੀ। ਇਸ ਵਿੱਚ ਵੀ ਪੁਲੀਸ ਨੇ ਆਈਪੀਸੀ ਦੀ ਧਾਰਾ 332 ਅਤੇ 353 ਦਾ ਵਾਅਦਾ ਕਰ ਦਿੱਤਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਦੇਰ ਰਾਤ ਮਨਦੀਪ ਸਿੰਘ, ਸਰਵੇਸ਼ ਯਾਦਵ, ਅਮਨਦੀਪ ਸਿੰਘ, ਮਾਲਵਿੰਦਰਪਾਲ ਸਿੰਘ, ਸਰਬੰਸ ਪ੍ਰਤੀਕ, ਰਘਬੀਰ ਸਿੰਘ, ਹਰਮਨਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਰਾਜ ਕਰਨ ਸਿੰਘ, ਪ੍ਰਤੀਕ ਸਿੰਘ, ਗੀਤੇਂਦਰ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਬਿਕਰ ਸਿੰਘ, ਕੁਲਦੀਪ ਸਿੰਘ, ਗੁਰਕਰਮਨਪ੍ਰੀਤ ਸਿੰਘ, ਕਰਨਪ੍ਰੀਤ ਸਿੰਘ, ਰਵਿੰਦਰ ਸਿੰਘ, ਦਿਲਰਾਜ ਸਿੰਘ, ਰਾਜਿੰਦਰ ਸਿੰਘ ਅਤੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਜ਼ਾਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਉਸ ਮਗਰੋਂ ਗੱਡੀਆਂ ਦੀ ਭੰਨ-ਤੋੜ ਕਰਨ ਦੇ ਮਾਮਲੇ ਦੀ ਜਾਂਚ ਕਰਦਿਆਂ ਤਿੰਨ ਨੌਜਵਾਨਾਂ ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹੋਰਨਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਮਾਮਲੇ ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਇੰਡੀਅਨ ਕਿਸਾਨ ਫੈਡਰੇਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਤੇ ਵਕੀਲ ਵਿਪਨ ਕੁਮਾਰ ਨੇ ਚੰਡੀਗੜ੍ਹ ਪੁਲੀਸ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਪਰ ਪੁਲੀਸ ਦੀ ਧੱਕੇਸ਼ਾਹੀ ਕਰਕੇ ਇਕ ਕਿਸਾਨ ਆਗੂ ਜ਼ਖ਼ਮੀ ਹੋ ਗਿਆ। ਉਨ੍ਹਾਂ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਲਈ ਵਰਤੀ ਗਈ ਭੱਦੀ ਸ਼ਬਦਾਵਲੀ ਦਾ ਵਿਰੋਧ ਕਰਦਿਆਂ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ।ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਸਨ। ਉਸ ਥਾਂ ’ਤੇ ਪਥਰਾਅ ਕੁੱਝ ਸ਼ਰਾਰਤੀ ਅਨਸਰਾਂ ਨੇ ਕੀਤਾ ਹੈ। ਪੁਲੀਸ ਸ਼ਰਾਰਤੀ ਅਨਸਰਾਂ ਦੀ ਸ਼ਨਾਖਤ ਕਰਕੇ ਬਣਦੀ ਕਾਰਵਾਈ ਕਰੇ ਪਰ ਬੇਕਸੂਰ ਕਿਸਾਨਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਜੇ ਪੁਲੀਸ ਦੇ ਛਾਪੇ ਜਾਰੀ ਰਹੇ ਤਾਂ ਚੰਡੀਗੜ੍ਹ ਪੁਲੀਸ ਦਾ ਵੀ ਵਿਰੋਧ ਕੀਤਾ ਜਾਵੇਗਾ। ਚੜੂਨੀ ਨੇ ਕਿਹਾ ਕਿ ਅੱਜ ਇਹ ਕਿਸਾਨ ਅੰਦੋਲਨ ਨਹੀਂ ਜਨ ਅੰਦੋਲਨ ਬਣ ਚੁੱਕਿਆ ਹੈ, ਜਿਸ ਵਿੱਚ ਹਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਉੱਦੋਂ ਤੱਕ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਜਾਰੀ ਰਹੇਗਾ। ਪਰ ਪੁਲਸ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਕਨੂੰਨ ਹੱਥਾਂ ਚ ਲੈਣ ਦੀ ਇਜਾਜ਼ਤ ਨਹੀਂ ਹੈ,ਕਿਸੇ ਦਬਾਅ ਹੇਠ ਕੇਸ ਰੱਦ ਨਹੀਂ ਕੀਤੇ ਜਾਣਗੇ, ਬਣਦੀ ਕਾਰਵਾਈ ਹੋਵੇਗੀ।
ਭਾਜਪਾ ਆਗੂਆਂ ਤੇ ਹਮਲੇ ਦਾ ਮਾਮਲਾ, ਤਿੰਨ ਕਿਸਾਨ ਨਿਆਂਇਕ ਹਿਰਾਸਤ ਚ ਭੇਜੇ

Comment here