ਕੀਵ, ਨਵੀਂ ਦਿੱਲੀ-ਯੂਕਰੇਨ ‘ਤੇ ਰੂਸ ਦੇ ਹਮਲੇ ਦਾ ਅੱਜ ਛੇਵਾਂ ਦਿਨ ਹੈ। ਰੂਸੀ ਫੌਜ ਨੇ ਯੂਕਰੇਨ ਦੇ ਕਈ ਇਲਾਕਿਆਂ ਵਿੱਚ ਹਮਲੇ ਤੇਜ਼ ਕਰ ਦਿੱਤੇ ਹਨ। ਰੂਸੀ ਹਮਲੇ ਵਿੱਚ ਕਈ ਯੂਕਰੇਨੀਆਂ ਦੀ ਜਾਨ ਜਾ ਚੁੱਕੀ ਹੈ। ਯੂਕਰੇਨ ਵਿੱਚ ਜੰਗ ਦੌਰਾਨ ਫਸੇ 21 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀਬਾਰੀ ਵਿੱਚ ਮੌਤ ਹੋ ਗਈ ਹੈ। ਰੂਸ ਦੇ ਹਮਲੇ ਵਿੱਚ ਮਾਰੇ ਗਏ ਵਿਦਿਆਰਥੀ ਦਾ ਨਾਂ ਨਵੀਨ ਸ਼ੇਖਰੱਪਾ ਹੈ ਅਤੇ ਉਹ ਕਰਨਾਟਕ ਦਾ ਰਹਿਣ ਵਾਲਾ ਸੀ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਯੂਕਰੇਨ ਦੇ ਖਾਰਕਿਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਵਿਦੇਸ਼ ਮੰਤਰਾਲਾ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਦੇ ਸੰਪਰਕ ‘ਚ ਹੈ। ਪੀ ਐਮ ਨਰੇੰਦਰ ਮੋਦੀ ਨੇ ਵੀ ਪੀੜਤ ਪਰਿਵਾਰ ਨਾਲ ਗੱਲ ਕੀਤੀ ਹੈ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਨਵੀਨ ਨੇ ਆਪਣੇ ਪਿਤਾ ਨਾਲ ਵੀਡੀਓ ਕਾਲ ਰਾਹੀਂ ਗੱਲ ਕੀਤੀ ਸੀ। ਪਿਤਾ ਨੇ ਨਵੀਨ ਨੂੰ ਹੌਸਲਾ ਦਿੱਤਾ ਸੀ ਕਿ ਭਾਰਤ ਸਰਕਾਰ ਉਹਨਾਂ ਨੂੰ ਦੇਸ਼ ਵਾਪਸ ਲਿਆਉਣ ਦੀ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ। ਕਰਨਾਟਕ ਦੇ ਆਪਦਾ ਪ੍ਰਬੰਧਨ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਨਵੀਨ ਖਾਣ-ਪੀਣ ਦੀਆਂ ਚੀਜ਼ਾਂ ਇਕੱਠੀਆਂ ਕਰਨ ਲਈ ਬਾਹਰ ਗਿਆ ਸੀ। ਇਸ ਦੌਰਾਨ ਇੱਕ ਹਵਾਈ ਹਮਲੇ ਵਿੱਚ ਉਸਦੀ ਮੌਤ ਹੋ ਗਈ। ਰਿਪੋਰਟਾਂ ਮੁਤਾਬਕ ਖਾਰਕੀਵ ਦੇ ਸੈਂਟਰਲ ਸਿਕੁਆਇਰ ‘ਤੇ ਇਕ ਪ੍ਰਸ਼ਾਸਨਿਕ ਇਮਾਰਤ ‘ਤੇ ਰੂਸ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ਦੀ ਲਪੇਟ ‘ਚ ਆ ਕੇ ਨਵੀਨ ਦੀ ਮੌਤ ਹੋ ਗਈ।
Comment here