ਸਿਆਸਤਖਬਰਾਂਦੁਨੀਆ

ਭਾਰਤ ਨੂੰ ਇਲਜ਼ਾਮਾਂ ਬਾਰੇ ਕਈ ਹਫ਼ਤੇ ਪਹਿਲਾਂ ਸੂਚਿਤ ਕੀਤਾ ਗਿਆ ਸੀ-ਟਰੂਡੋ

ਓਟਾਵਾ-ਭਾਰਤ ਅਤੇ ਕੈਨੇਡਾ ਵਿਚਾਲੇ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਸ਼ਾਂ ਲਈ ਲੋੜੀਂਦੇ ਸਬੂਤ ਮੁਹੱਈਆ ਨਾ ਕਰਨ ਦੇ ਭਾਰਤ ਦੇ ਦੋਸ਼ਾਂ ਤੋਂ ਬਾਅਦ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸ਼ੁੱਕਰਵਾਰ (ਸਥਾਨਕ ਸਮਾਂ) ਨੂੰ ਕਿਹਾ ਕਿ ਓਟਾਵਾ ਨੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਕਈ ਹਫ਼ਤੇ ਪਹਿਲਾਂ ਭਾਰਤ ਨਾਲ ਆਪਣੇ ਇਲਜ਼ਾਮਾਂ ਨੂੰ ਸਾਂਝਾ ਕਰ ਦਿੱਤਾ ਗਿਆ ਸੀ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ਼ੁੱਕਰਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਭਾਰਤ ਦੇ ਸਬੰਧਾਂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਕੈਨੇਡਾ ਨੇ ਉਨ੍ਹਾਂ ਭਰੋਸੇਯੋਗ ਦੋਸ਼ਾਂ ਨੂੰ ਸਾਂਝਾ ਕੀਤਾ ਹੈ ਜਿਨ੍ਹਾਂ ਬਾਰੇ ਮੈਂ ਸੋਮਵਾਰ ਨੂੰ ਗੱਲ ਕੀਤੀ ਸੀ। ਉਨ੍ਹਾਂ ਨੇ ਵਾਰ-ਵਾਰ ਦੁਹਰਾਇਆ ਕਿ ਅਸੀਂ ਕਈ ਹਫ਼ਤੇ ਪਹਿਲਾਂ ਭਾਰਤ ਨੂੰ ਇਨ੍ਹਾਂ ਦੋਸ਼ਾਂ ਬਾਰੇ ਸੂਚਿਤ ਕਰ ਦਿੱਤਾ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਭਾਰਤ ਤੋਂ ਉਸਾਰੂ ਸਹਿਯੋਗ ਦੀ ਉਮੀਦ ਕਰ ਰਹੇ ਹਾਂ ਤਾਂ ਜੋ ਅਸੀਂ ਮਾਮਲੇ ਦੀ ਤਹਿ ਤੱਕ ਪਹੁੰਚ ਸਕੀਏ।
ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਇਸ ਹਫਤੇ ਦੀ ਸ਼ੁਰੂਆਤ ‘ਚ ਸੋਮਵਾਰ ਨੂੰ ਸੰਸਦ ‘ਚ ਦਿੱਤੇ ਆਪਣੇ ਬਿਆਨ ‘ਚ ਭਾਰਤ ‘ਤੇ ਕੁਝ ਗੰਭੀਰ ਇਲਜ਼ਾਮ ਲਗਾਏ ਸਨ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ (ਜਿਸ ਨੂੰ ਕੈਨੇਡਾ ਆਪਣਾ ਨਾਗਰਿਕ ਹੋਣ ਦਾ ਦਾਅਵਾ ਕਰ ਰਿਹਾ ਹੈ) ਦੇ ਕਤਲ ਵਿੱਚ ਭਾਰਤ ਦੀ ਭੂਮਿਕਾ ਹੈ। ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ। ਇਸ ਤੋਂ ਬਾਅਦ ਮੰਗਲਵਾਰ ਨੂੰ ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਅਜਿਹੇ ਇਲਜ਼ਾਮਾਂ ਨੂੰ ‘ਬੇਹੂਦਾ’ ਅਤੇ ‘ਸਿਆਸਤ ਤੋਂ ਪ੍ਰੇਰਿਤ’ ਦੱਸਦਿਆਂ ਰੱਦ ਕਰ ਦਿੱਤਾ ਸੀ।
ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਸੀ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਇਸ ਤਰ੍ਹਾਂ ਦੇ ਇਲਜ਼ਾਮ ਲਗਾਏ ਸਨ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਸੀ। ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਬਿਆਨ ਉਨ੍ਹਾਂ ਦੀ ਸੰਸਦ ਵਿੱਚ ਦੇਖਿਆ ਹੈ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਦੇ ਬਿਆਨ ਨੂੰ ਵੀ ਰੱਦ ਕੀਤਾ ਹੈ। ਕੈਨੇਡਾ ਵਿੱਚ ਹਿੰਸਾ ਦੀ ਕਿਸੇ ਵੀ ਕਾਰਵਾਈ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ ਬੇਤੁਕੇ ਹਨ ਅਤੇ ਸਥਾਨਕ ਰਾਜਨੀਤੀ ਤੋਂ ਪ੍ਰੇਰਿਤ ਹਨ।

Comment here