ਸਿਆਸਤਖਬਰਾਂਦੁਨੀਆ

ਭਾਰਤ ਨੇ ਪਾਕਿ ਨੂੰ ਐਸਸੀਓ ਦੀ ਬੈਠਕ ‘ਚ ਹਿੱਸਾ ਲੈਣ ਦਾ ਦਿੱਤਾ ਸੱਦਾ

ਨਵੀਂ ਦਿੱਲੀ-ਪਾਕਿਸਤਾਨ ਵੱਲੋਂ ਸਬੰਧਾਂ ਨੂੰ ਸੁਧਾਰਨ ਦੀ ਲਗਾਤਾਰ ਅਪੀਲਾਂ ਵਿਚਕਾਰ ਬੁੱਧਵਾਰ ਨੂੰ ਭਾਰਤ ਨੇ ਪਾਕਿਸਤਾਨ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਐਸਸੀਓ ਦੀ ਇਹ ਮੀਟਿੰਗ 4-5 ਮਈ ਨੂੰ ਗੋਆ ਵਿੱਚ ਹੋਵੇਗੀ। ਭਾਰਤ ਦੀ ਇਸ ਉਦਾਰਤਾ ਨੂੰ ਦੇਖ ਕੇ ਦੁਨੀਆ ਹੈਰਾਨ ਹੈ। ਦਿਲਚਸਪ ਗੱਲ ਇਹ ਹੈ ਕਿ ਜੇਕਰ ਪਾਕਿਸਤਾਨ ਸੱਦਾ ਸਵੀਕਾਰ ਕਰ ਲੈਂਦਾ ਹੈ ਤਾਂ ਇਹ ਕਰੀਬ 12 ਸਾਲਾਂ ‘ਚ ਇਸ ਤਰ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਹਿਨਾ ਰੱਬਾਨੀ ਖਾਰ ਜੁਲਾਈ 2011 ਵਿੱਚ ਭਾਰਤ ਦਾ ਦੌਰਾ ਕਰਨ ਵਾਲੀ ਆਖਰੀ ਪਾਕਿਸਤਾਨੀ ਵਿਦੇਸ਼ ਮੰਤਰੀ ਸੀ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੱਲੋਂ ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਰਾਹੀਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਐਸਸੀਓ ਮੀਟਿੰਗ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਗਿਆ ਹੈ। ਹਾਲਾਂਕਿ ਪਾਕਿਸਤਾਨ ਵਲੋਂ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਇਸ ਬੈਠਕ ‘ਚ ਹਿੱਸਾ ਲੈਣਗੇ ਜਾਂ ਨਹੀਂ। ਪਾਕਿਸਤਾਨੀ ਅਖਬਾਰ ਐਕਸਪ੍ਰੈਸ ਟ੍ਰਿਬਿਊਨ ਮੁਤਾਬਕ ਚੀਨ ਅਤੇ ਰੂਸ ਐਸਸੀਓ ਵਿੱਚ ਮੌਜੂਦ ਹਨ ਅਤੇ ਇਸ ਫੋਰਮ ਦੀ ਮਹੱਤਤਾ ਨੂੰ ਦੇਖਦੇ ਹੋਏ ਪਾਕਿਸਤਾਨ ਦਾ ਇਸ ਮੀਟਿੰਗ ਤੋਂ ਦੂਰ ਰਹਿਣ ਦੀ ਸੰਭਾਵਨਾ ਘੱਟ ਹੈ।
ਸ਼ਾਹਬਾਜ਼ ਸ਼ਰੀਫ ਨੇ ਕੀਤੀ ਅਪੀਲ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪਿਛਲੇ ਦਿਨੀਂ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਨੇ “ਤਿੰਨ ਯੁੱਧਾਂ ਤੋਂ ਆਪਣਾ ਸਬਕ ਸਿੱਖਿਆ ਹੈ” ਅਤੇ “ਭਾਰਤ ਨਾਲ ਸ਼ਾਂਤੀ ਨਾਲ ਰਹਿਣਾ ਚਾਹੁੰਦਾ ਹੈ”। ਕੁਝ ਦਿਨਾਂ ਬਾਅਦ ਭਾਰਤ ਨੇ ਇਸਲਾਮਾਬਾਦ ਨੂੰ ਸੱਦਾ ਭੇਜਿਆ ਸੀ। ਐਸਸੀਓ ਵਿੱਚ ਭਾਰਤ ਅਤੇ ਪਾਕਿਸਤਾਨ ਤੋਂ ਇਲਾਵਾ ਚੀਨ, ਰੂਸ, ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਸ਼ਾਮਲ ਹਨ। ਇਸੇ ਤਰ੍ਹਾਂ ਦਾ ਸੱਦਾ ਮੱਧ ਏਸ਼ੀਆਈ ਦੇਸ਼ਾਂ ਦੇ ਨਾਲ-ਨਾਲ ਚੀਨ ਅਤੇ ਰੂਸ ਦੇ ਵਿਦੇਸ਼ ਮੰਤਰੀਆਂ ਨੂੰ ਵੀ ਭੇਜਿਆ ਗਿਆ ਹੈ।
ਹਾਲਾਂਕਿ, ਦੁਵੱਲੇ ਸਬੰਧਾਂ ਦੀ ਮੌਜੂਦਾ ਸਥਿਤੀ ਕਾਰਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੂੰ ਭਾਰਤ ਦਾ ਸੱਦਾ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਅੱਠ ਸਾਲਾਂ ਵਿੱਚ ਭਾਰਤ ਅਤੇ ਪਾਕਿਸਤਾਨ ਦੇ ਆਪਸੀ ਰਿਸ਼ਤੇ ਬਹੁਤ ਹੀ ਵਿਗੜ ਚੁੱਕੇ ਹਨ। ਅਗਸਤ 2015 ਵਿੱਚ, ਭਾਰਤ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸਰਤਾਜ ਅਜ਼ੀਜ਼ ਨੂੰ ਸੱਦਾ ਦਿੱਤਾ, ਪਰ ਤਤਕਾਲੀ ਵਿਦੇਸ਼ ਮੰਤਰੀ ਮਰਹੂਮ ਸੁਸ਼ਮਾ ਸਵਰਾਜ ਵੱਲੋਂ ਅਜ਼ੀਜ਼ ਨੂੰ ਭਾਰਤ ਵਿੱਚ ਹੁਰੀਅਤ ਨਾਲ ਮਿਲਣ ਤੋਂ ਗੁਰੇਜ਼ ਕਰਨ ਲਈ ਕਿਹਾ ਜਾਣ ਤੋਂ ਬਾਅਦ ਇਹ ਦੌਰਾ ਰੱਦ ਕਰ ਦਿੱਤਾ ਗਿਆ।
ਭਾਰਤ ਨੇ ਪਾਕਿਸਤਾਨ ਨੂੰ ਕਿਉਂ ਦਿੱਤਾ ਸੱਦਾ?
ਇੱਕ ਚੋਟੀ ਦੇ ਅਧਿਕਾਰੀ ਅਨੁਸਾਰ, ਆਪਣੀ ‘ਗੁਆਂਢੀ ਪਹਿਲੀ ਨੀਤੀ’ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਰਤ ਪਾਕਿਸਤਾਨ ਨਾਲ ਆਮ ਗੁਆਂਢੀ ਸਬੰਧਾਂ ਦੀ ਇੱਛਾ ਰੱਖਦਾ ਹੈ। ਭਾਰਤ ਦੀ ਇਕਸਾਰ ਸਥਿਤੀ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਕਿਸੇ ਵੀ ਮੁੱਦੇ ਨੂੰ ਅੱਤਵਾਦ ਅਤੇ ਹਿੰਸਾ ਤੋਂ ਮੁਕਤ ਮਾਹੌਲ ਵਿਚ ਦੁਵੱਲੇ ਅਤੇ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਅਜਿਹਾ ਅਨੁਕੂਲ ਮਾਹੌਲ ਬਣਾਉਣ ਦੀ ਜ਼ਿੰਮੇਵਾਰੀ ਪਾਕਿਸਤਾਨ ‘ਤੇ ਹੈ।

Comment here