ਅੰਮ੍ਰਿਤਸਰ- ਨਸ਼ਾ ਤਸਕਰੀ ਦੇ ਮਾਮਲੇ ਵਿੱਚ ਹਾਈਕੋਰਟ ਤੋਂ ਜ਼ਮਾਨਤ ਦੀ ਰਾਹਤ ਪਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਹਲਕਾ ਮਜੀਠਾ ਤੋਂ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਆਪਣੇ ਸਮਰਥਕਾਂ ਨੂੰ ਮਿਲਣ ਅੰਮ੍ਰਿਤਸਰ ਪੁੱਜੇ। ਅੰਮ੍ਰਿਤਸਰ ਪੁੱਜਣ ‘ਤੇ ਮਜੀਠੀਆ ਦਾ ਵੱਖ-ਵੱਖ ਥਾਵਾਂ ‘ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਮਰਥਕਾਂ ਨੇ ਸਵਾਗਤ ਕੀਤਾ, ਜੋ ਕੋਵਿਡ ਨਿਯਮਾਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਹੈ ਅਤੇ ਚੋਣ ਕਮਿਸ਼ਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਾਰਨ ਮਜੀਠੀਆ ਖਿਲਾਫ਼ ਪੁਲਿਸ ਨੇ ਡਿਜਾਸਟਰ ਮੈਨੇਜਮੈਂਟ ਐਕਟ, ਐਪੇਡੈਮਿਕ ਐਕਟ ਅਤੇ ਧਾਰਾ 144 ਦੀ ਉਲੰਘਣਾ ਦੇ ਦੋਸ਼ ਅਧੀਨ ਐਫ ਆਈ ਆਰ ਦਰਜ ਕੀਤੀ ਹੈ। ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਰੈਲੀਆਂ ਆਦਿ ’ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਪਰ ਸ਼ਨਿੱਚਰਵਾਰ ਨੂੰ ਜਿੱਥੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਲਈ ਅਕਾਲੀ ਵਰਕਰਾਂ ਨੇ ਜਿੱਥੇ ਕੋਰੋਨਾ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾਈਆਂ, ਉੱਥੇ ਹੀ ਧਾਰਾ 144 ਦੀ ਵੀ ਸ਼ਰੇਆਮ ਉਲੰਘਣਾ ਕੀਤੀ ਗਈ। ਰੈਲੀ ਦੌਰਾਨ ਚੋਣ ਕਮਿਸ਼ਨ ਦੀਆਂ ਟੀਮਾਂ ਇਸ ‘ਤੇ ਨਜ਼ਰ ਰੱਖ ਰਹੀਆਂ ਸਨ, ਜਿਸ ਤੋਂ ਬਾਅਦ ਇਸ ਦੀ ਸਮੁੱਚੀ ਰਿਪੋਰਟ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਦਿੱਤੀ ਗਈ| ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਸੁਲਤਾਨਵਿੰਡ ਦੀ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਧਾਰਾ 188 ਮਹਾਮਾਰੀ ਐਕਟ ਅਤੇ ਧਾਰਾ 144 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪ੍ਰਸ਼ਾਸਨ ਵਲੋਂ ਸਿਆਸੀ ਧਿਰਾਂ ਨੂੰ ਜ਼ਾਬਤੇ ਦੇ ਅੰਦਰ ਰਹਿਣ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ।
ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ

Comment here