ਇੰਫਾਲ- ਭਾਰੀ ਮੀਂਹ ਕਈ ਸੂਬਿਆਂ ਵਿੱਚ ਤਬਾਹੀ ਮਚਾ ਰਿਹਾ ਹੈ, ਮਣੀਪੁਰ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਸੱਤ ਟੈਰੀਟੋਰੀਅਲ ਆਰਮੀ ਦੇ ਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਦੇ ਨਾਲ ਹੀ 19 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ, ਪਰ 55 ਲੋਕ ਅਜੇ ਵੀ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਉੱਤਰ ਪੂਰਬੀ ਸਰਹੱਦੀ ਰੇਲਵੇ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਲਗਾਤਾਰ ਬਾਰਿਸ਼ ਕਾਰਨ ਇੱਕ ਵੱਡੇ ਢਿੱਗਾਂ ਡਿੱਗਣ ਨਾਲ ਜਿਰੀਬਾਮ-ਇੰਫਾਲ ਨਵੀਂ ਲਾਈਨ ਪ੍ਰੋਜੈਕਟ ਦੇ ਤੁਪੁਲ ਸਟੇਸ਼ਨ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਜ਼ਮੀਨ ਖਿਸਕਣ ਕਾਰਨ ਟ੍ਰੈਕ ਦੇ ਨਿਰਮਾਣ ਕਾਰਜ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਨਿਊਜ਼ ਏਜੰਸੀ ਏਐਨਆਈ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਨੋਨੀ ਆਰਮੀ ਮੈਡੀਕਲ ਯੂਨਿਟ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਖ਼ਰਾਬ ਮੌਸਮ ਅਤੇ ਹਾਲ ਹੀ ਵਿੱਚ ਜ਼ਮੀਨ ਖਿਸਕਣ ਕਾਰਨ ਬਚਾਅ ਕਾਰਜਾਂ ਵਿੱਚ ਕਈ ਤਰ੍ਹਾਂ ਦੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਲੋਕਾਂ ਨੂੰ ਨੈਸ਼ਨਲ ਹਾਈਵੇ-37 ‘ਤੇ ਸਫ਼ਰ ਨਾ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ। ਮਨੀਪੁਰ ਦੇ ਨੋਨੀ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਤੋਂ ਬਾਅਦ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਹੰਗਾਮੀ ਮੀਟਿੰਗ ਬੁਲਾਈ। ਜਿਸ ‘ਚ ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਦੱਸਿਆ ਕਿ ਮੌਕੇ ‘ਤੇ ਬਚਾਅ ਕਾਰਜ ਚੱਲ ਰਿਹਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਪੀੜਤਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਬੀਰੇਨ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
Comment here