ਸਿਆਸਤਖਬਰਾਂਚਲੰਤ ਮਾਮਲੇ

ਮਨਪ੍ਰੀਤ ਬਾਦਲ ਖਿਲਾਫ਼ ਵਾਰੰਟ ਜਾਰੀ, ਕਿਸੇ ਵੇਲੇ ਵੀ ਹੋ ਸਕਦੀ ਗ੍ਰਿਫ਼ਤਾਰੀ !

ਬਠਿੰਡਾ-ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਕਿਸੇ ਵੇਲੇ ਵੀ ਹੋ ਸਕਦੀ ਹੈ ਕਿਉਂਕਿ ਹੁਣ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਬਠਿੰਡਾ ਵਿਜੀਲੈਂਸ ਵਿਭਾਗ ਨੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਹੈ। 24 ਸਤੰਬਰ ਨੂੰ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਹੋਰ ਲੋਕਾਂ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਦੱਸ ਦਈਏ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਲਗਾਈ ਗਈ ਸੀ ਜਿਸ ਨੂੰ ਉਨ੍ਹਾਂ ਨੇ ਲੁਕਆਊਟ ਸਰਕੂਲਰ ਜਾਰੀ ਹੋਣ ਮਗਰੋਂ ਵਾਪਿਸ ਲੈ ਲਿਆ ਹੈ। ਮਨਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਹੋਣ ਤੋਂ ਪਹਿਲਾਂ ਬਠਿੰਡਾ ਦੀ ਅਦਾਲਤ ਵਿੱਚ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਰਾਹੀਂ ਇਹ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਸੀ। ਐਡਵੋਕੇਟ ਸੁਖਦੀਪ ਸਿੰਘ ਭਿੰਡਰ ਦਾ ਕਹਿਣਾ ਹੈ ਕਿ ਮਾਮਲਾ ਦਰਜ ਹੋਣ ਕਾਰਨ ਉਹ ਨਵੇਂ ਸਿਰਿਓਂ ਨਵੇਂ ਤੱਥਾਂ ਦੇ ਅਧਾਰ ਉੱਤੇ ਜ਼ਮਾਨਤ ਅਰਜ਼ੀ ਲਗਾਉਣਗੇ।
ਇਸ ਤੋਂ ਪਹਿਲਾਂ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਵਿਜੀਲੈਂਸ ਵਿਭਾਗ ਬਠਿੰਡਾ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।ਮਨਪ੍ਰੀਤ ਸਿੰਘ ਬਾਦਲ ਸਣੇ ਛੇ ਲੋਕਾਂ ਖਿਲਾਫ ਵਿਜੀਲੈਂਸ ਵਿਭਾਗ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਰਾਜੀਵ ਅਤੇ ਅਮਨਦੀਪ ਸਿੰਘ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵੱਲੋਂ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਵਿਜਿਲੈਂਸ ਦੇ ਅਧਿਕਾਰੀਆਂ ਨੂੰ ਦਿੱਤਾ ਗਿਆ।
ਡੀਐੱਸਪੀ ਵਿਜੀਲੈਂਸ ਕੁਲਵੰਤ ਸਿੰਘ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਣੇ ਛੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਇਹਨਾਂ ਮੁਲਜ਼ਮਾਂ ਵੱਲੋਂ ਪਲਾਟ ਦੀ ਖਰੀਦ ਕਰਨ ਲਈ ਜਿਸ ਕੰਪਿਊਟਰ ਰਾਹੀਂ ਬੋਲੀ ਲਗਾਈ ਗਈ ਅਤੇ ਹੋਰ ਕਾਗਜ਼ ਪੱਤਰ ਦੀ ਬਰਾਮਦਗੀ ਲਈ ਉਨ੍ਹਾਂ ਵੱਲੋਂ ਅਦਾਲਤ ਤੋਂ ਅੱਠ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ, ਪਰ ਅਦਾਲਤ ਵੱਲੋਂ ਉਨ੍ਹਾਂ ਨੂੰ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਸਬੰਧੀ ਲਗਾਤਾਰ ਗੁਪਤ ਓਪਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਹੁਣ ਗ੍ਰਿਫ਼ਤਾਰੀ ਲਈ ਲੁਕਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।

Comment here