ਨਵੀਂ ਦਿੱਲੀ-ਦਿੱਲੀ ਸ਼ਰਾਬ ਘਪਲਾ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਸਿਸੋਦੀਆ ਨੂੰ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਦੱਸ ਦੇਈਏ ਕਿ ਇਕ ਹਫ਼ਤਾ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਂਦਰੀ ਜਾਂਚ ਬਿਊਰੋ ਨੇ ਸ਼ਰਾਬ ਘਪਲਾ ਮਾਮਲੇ ਦਾ ਵੇਰਵਾ ਅਤੇ ਗਵਾਹਾਂ ਦੇ ਬਿਆਨ ਅਦਾਲਤ ਦੇ ਸਾਹਮਣੇ ਪੇਸ਼ ਕੀਤੇ ਸਨ। ਸੀ.ਬੀ.ਆਈ. ਦੀ ਦਲੀਲ ਤੋਂ ਪਹਿਲਾਂ ਸਾਬਕਾ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਨੇ ਟਰਾਇਲ ਕੋਰਟ ‘ਚ ਆਪਣੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕਿਹਾ ਸੀ ਕਿ ਉਨ੍ਹਾਂ ਨੂੰ ਹਿਰਾਸਤ ‘ਚ ਰੱਖਣ ਨਾਲ ਸੀ.ਬੀ.ਆਈ. ਦਾ ਮਕਸਦ ਪੂਰਾ ਨਹੀਂ ਹੋਵੇਗਾ। ਇਸ ਮਾਮਲੇ ‘ਚ ਸਾਰੀ ਰਿਕਵਰੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘਪਲਾ ਮਾਮਲੇ ‘ਚ 26 ਫਰਵਰੀ ਨੂੰ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਉਥੇ ਹੀ ਮਨੀ ਲਾਂਡਰਿੰਗ ਮਾਮਲੇ ‘ਚ ਈ.ਡੀ. ਨੇ 9 ਮਾਰਚ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ

Comment here