ਚੰਡੀਗੜ੍ਹ-ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਪੰਜਾਬ ‘ਚ ਛਾਪੇਮਾਰੀ ਕਰ ਰਹੀ ਹੈ। ਟੀਮ ਨੇ ਰੇਤ ਮਾਫੀਆ ਭੁਪਿੰਦਰ ਸਿੰਘ ਹਨੀ ਦੇ ਮੋਹਾਲੀ ਸਥਿਤ ਹੋਮ ਲੈਂਡ ਹਾਈਟ ਸਮੇਤ ਉਸ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਹਨੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰੀਬੀ ਰਿਸ਼ਤੇਦਾਰ ਹਨ।
ਈਡੀ ਨੇ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਸਥਿਤ ਭੁਪਿੰਦਰ ਸਿੰਘ ਦੇ ਘਰ ਈ-390 ‘ਤੇ ਵੀ ਛਾਪਾ ਮਾਰਿਆ। ਟੀਮ ਦੇ ਨਾਲ ਨੀਮ ਫ਼ੌਜੀ ਬਲ ਵੀ ਮੌਜੂਦ ਸੀ। ਮੌਕੇ ‘ਤੇ ਮੌਜੂਦ ਟੀਮਾਂ ਨੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪੇ ਨੂੰ ਸਿਆਸੀ ਹਲਕਿਆਂ ‘ਚ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਫਿਲਹਾਲ ਇਸ ਸਬੰਧੀ ਕੋਈ ਵੀ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਦਸ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਹੀ ਈਡੀ ਦੀ ਟੀਮ ਨੇ ਪਠਾਨਕੋਟ ‘ਚ ਦੋ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਹੈ। ਇਕ ਵਪਾਰੀ ਕਬਾੜ ਦਾ ਕੰਮ ਕਰਦਾ ਹੈ ਅਤੇ ਦੂਜੇ ਦਾ ਕਾਰੋਬਾਰ ਮਾਈਨਿੰਗ ਨਾਲ ਸਬੰਧਤ ਦੱਸਿਆ ਜਾਂਦਾ ਹੈ।
ਈਡੀ ਦੇ ਛਾਪੇ ਦੇ ਮਾਮਲੇ ‘ਤੇ ਸੀਐਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਹ ਮੈਨੂੰ ਨਿਸ਼ਾਨਾ ਬਣਾ ਰਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੇਰੇ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਲੋਕਤੰਤਰ ਲਈ ਚੰਗਾ ਨਹੀਂ ਹੈ। ਅਸੀਂ ਇਸ ਨਾਲ ਲੜਨ ਲਈ ਤਿਆਰ ਹਾਂ। ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਅਜਿਹਾ ਹੀ ਹੋਇਆ।
ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ‘ਤੇ ਈਡੀ ਦੇ ਛਾਪੇ ‘ਤੇ ਟਿੱਪਣੀ ਕਰਦਿਆਂ ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੈ। ਰਾਘਵ ਚੱਢਾ ਨੇ ਚੰਨੀ ਨੂੰ ਇਹ ਵੀ ਦਿਖਾਇਆ ਸੀ ਕਿ ਉੱਥੇ ਕਿਵੇਂ ਰੇਤ ਦੀ ਚੋਰੀ ਹੋ ਰਹੀ ਹੈ ਪਰ ਫਿਰ ਵੀ ਉਨ੍ਹਾਂ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ।
ਇਸ ਤੋਂ ਇਲਾਵਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਬੁੱਗਾ ਕਲਾਂ ਦੇ ਸਾਬਕਾ ਕਾਂਗਰਸੀ ਸਰਪੰਚ ਰਣਦੀਪ ਸਿੰਘ ਦੇ ਘਰ ਈਡੀ ਵਲੋਂ ਛਾਪਾ ਮਾਰਿਆ ਗਿਆ ਹੈ ਜਿਸ ਦੀ ਜਾਂਚ ਜਾਰੀ ਹੈ। ਸੂਤਰਾ ਅਨੁਸਾਰ ਰਣਦੀਪ ਸਿੰਘ ਹਲਕਾ ਅਮਲੋਹ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦਾ ਨਜ਼ਦੀਕੀ ਦਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਈਡੀ ਵਲੋਂ ਇਹ ਛਾਪਾ ਮਾਇਨਿੰਗ ਦੇ ਸਬੰਧ ਵਿਚ ਕੀਤਾ ਗਿਆ। ਉੱਥੇ ਹੀ ਈਡੀ ਵਲੋਂ ਲੋਕਲ ਪੁਲਿਸ ਨੂੰ ਵੀ ਅੰਦਰ ਜਾਣ ਨਹੀਂ ਦਿਤਾ ਜਾ ਰਿਹਾ।
Comment here