ਅਪਰਾਧਸਿਆਸਤਖਬਰਾਂ

ਮਾਨਸਾ ਪੁਲਿਸ ਨੇ ਚਰਨਜੀਤ ਚੰਨੀ ਨੂੰ ਭੇਜੇ ਸੰਮਨ

ਚੰਡੀਗੜ੍ਹ-ਪੰਜਾਬ ਦੀ ਮਾਨਸਾ ਪੁਲਿਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਪੁਰਾਣੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਨੂੰ ਪੁਲਿਸ ਨੇ ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਘਰ ਵਿੱਚ ਪੁੱਜਣ ਦੌਰਾਨ ਸੰਮਨ ਜਾਰੀ ਕੀਤੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨ ਵਿਦੇਸ਼ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਅਫਸੋਸ ਕਰਨ ਲਈ ਉਨ੍ਹਾਂ ਦੇ ਘਰ ਪਿੰਡ ਮੂਸੇ ਪੁੱਜੇ ਸਨ। ਸਾਬਕਾ ਮੁੱਖ ਮੰਤਰੀ ਨੇ ਮੂਸੇਵਾਲਾ ਦੇ ਮਾਪਿਆਂ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਦੁੱਖ ਜ਼ਾਹਰ ਕੀਤਾ ਅਤੇ ਉਹ ਇਥੇ ਇੱਕ ਦਿਨ ਰੁਕੇ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਨੇ ਪੁਲਿਸ ‘ਤੇ ਦੋਸ਼ ਲਾਇਆ ਕਿ ਉਸ ਨੂੰ ਮੂਸੇਵਾਲਾ ਦੇ ਪਰਿਵਾਰ ਨਾਲ ਮਿਲਣ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਉਹ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਆ ਰਹੇ ਸਨ ਤਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਸੁਨੇਹਾ ਭੇਜ ਕੇ ਡਰਾਇਆ ਕਿ ਮਾਨਸਾ ਪੁੱਜਣ ‘ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਪੁਰਾਣੇ ਕੇਸ ਵਿੱਚ ਪੁਲਿਸ ਨੇ ਤਲਬ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਵਿਧਾਨ ਸਭਾ ਚੋਣਾਂ ਦਾ ਹੈ, ਜਦੋਂ ਆਮ ਆਦਮੀ ਪਾਰਟੀ ਨੇ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਵਾਇਆ ਸੀ, ਜੋ ਕਿ ਬਿਲਕੁਲ ਝੂਠਾ ਕੇਸ ਹੈ। ਮਾਨਸਾ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਧਾਰਾ 188 ਆਈਪੀਸੀ ਵਿੱਚ ਦਰਜ ਕੀਤੇ ਮਾਮਲੇ ਵਿੱਚ 12 ਜਨਵਰੀ, 2023 ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।

Comment here