ਚੰਡੀਗੜ- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਬੈਕ ਫੁੱਟ ‘ਤੇ ਆ ਗਈ ਹੈ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘੱਟ ਕਰਨ ਦੇ ਮੁੱਦੇ ‘ਤੇ ਵਿਰੋਧੀ ਧਿਰ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ। ਤਣਾਅ ਦੇ ਡਰੋਂ ਭਗਵੰਤ ਮਾਨ ਨੇ ਬਜਟ ਸੈਸ਼ਨ ਸਬੰਧੀ ਹੋਣ ਵਾਲੀ ਕੈਬਨਿਟ ਮੀਟਿੰਗ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ‘ਚ ਹੋਣ ਵਾਲੇ ਵਿਧਾਇਕਾਂ ਦਾ ਟ੍ਰੇਨਿੰਗ ਸੈਸ਼ਨ ਨੂੰ ਵੀ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਵੀਵੀਆਈਪੀ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਜਾਣਕਾਰੀ ਮਿਲੀ ਸੀ ਕਿ ਸਿੱਧੂ ਮੂਸੇਵਾਲਾ ਸਮੇਤ 424 ਲੋਕਾਂ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਇਸ ਦੇ ਇੱਕ ਦਿਨ ਬਾਅਦ ਹੀ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਇਸ ਮੁੱਦੇ ‘ਤੇ ਭਗਵੰਤ ਮਾਨ ਦੀ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਸੁਰੱਖਿਆ ‘ਚ ਕਟੌਤੀ ਕਾਰਨ ਹੋਈ ਹੈ। ਉਹਨਾਂ ਨੇ ਮੂਸੇਵਾਲਾ ਦੇ ਕਤਲ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਮਾਨ ਸਰਕਾਰ ਲਗਾਤਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਬਣੀ ਹੋਈ ਹੈ।
Comment here