ਸਿਆਸਤਖਬਰਾਂਚਲੰਤ ਮਾਮਲੇ

ਮੇਰੇ ਦਾਦਾ ਬੇਅੰਤ ਸਿੰਘ ਦੇ ਕਾਤਲਾਂ ਦਾ ਖਾਸਮ ਖਾਸ ਸੀ ਨਿੱਝਰ: ਰਵਨੀਤ ਬਿੱਟੂ

ਚੰਡੀਗੜ੍ਹ-ਕੈਨੇਡਾ ‘ਚ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਪੂਰੀ ਦੁਨੀਆ ‘ਚ ਚਰਚਾ ਹੋ ਰਹੀ ਹੈ। ਇਸ ਦੌਰਾਨ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਨੂੰ ਹਰਦੀਪ ਸਿੰਘ ਨਿੱਝਰ ਵਰਗੇ ਖਾਲਿਸਤਾਨੀਆਂ ਤੋਂ ਫੰਡ ਮਿਲ ਰਹੇ ਹਨ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਖਾਲਿਸਤਾਨ ਸਮਰਥਕਾਂ ਨੇ ਕੀਤੀ ਸੀ। ਨਿੱਝਰ ਉਨ੍ਹਾਂ ਕਾਤਲਾਂ ਦਾ ਖਾਸਮ ਖਾਸ ਸੀ।
ਦੱਸ ਦਈਏ ਕਿ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦੇ ਦਾਦਾ ਬੇਅੰਤ ਸਿੰਘ ਦਾ ਖਾਲਿਸਤਾਨੀ ਸਮਰਥਕਾਂ ਨੇ 1995 ਵਿੱਚ ਕਤਲ ਕਰ ਦਿੱਤਾ ਸੀ। ਬਿੱਟੂ ਨੇ ਦੱਸਿਆ ਕਿ ਹਰਦੀਪ ਨਿੱਝਰ 1993 ਵਿੱਚ ਕੈਨੇਡਾ ਗਿਆ ਸੀ ਅਤੇ ਉਥੋਂ ਦੀ ਨਾਗਰਿਕਤਾ ਹਾਸਲ ਕਰ ਲਈ। ਨਿੱਝਰ ਐਂਡ ਕੰਪਨੀ ਟਾਪ-10 ਲੋੜੀਂਦੇ ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ਵਿੱਚੋਂ ਇੱਕ ਹੈ। ਉਨ੍ਹਾਂ ਅੱਗੇ ਕਿਹਾ ਕਿ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਉਨ੍ਹਾਂ ਦੇ ਦਾਦੇ ਦੇ ਕਾਤਲਾਂ ਦਾ ਸੱਜਾ ਹੱਥ ਮੰਨਿਆ ਗਿਆ ਸੀ।
ਕਾਂਗਰਸੀ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਕੈਨੇਡੀਅਨ ਸਰਕਾਰ ਇਨ੍ਹਾਂ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਨਜਿੱਠਣ ਲਈ ਇਮਾਨਦਾਰੀ ਨਾਲ ਕੰਮ ਨਹੀਂ ਕਰ ਰਹੀ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਟਰੂਡੋ ਦੇ ਪਿਤਾ ਅਤੇ ਉਨ੍ਹਾਂ ਦੀ ਪਾਰਟੀ ਅਜਿਹੀਆਂ ਧਮਕੀਆਂ ਨਾਲ ਨਜਿੱਠਣ ਲਈ ਇਮਾਨਦਾਰ ਸੀ ਤਾਂ ਉਨ੍ਹਾਂ ਨੂੰ 1985 ਦੇ ਏਅਰ ਇੰਡੀਆ 182 ਬੰਬ ਧਮਾਕੇ ਦੀ ਸਹੀ ਜਾਂਚ ਕਰਵਾਉਣੀ ਚਾਹੀਦੀ ਸੀ। ਕੈਨੇਡਾ ਹੁਣ ਉਹੀ ਰੋਲ ਅਦਾ ਕਰ ਰਿਹਾ ਹੈ ਜੋ ਪਹਿਲਾਂ ਪਾਕਿਸਤਾਨ ਕਰਦਾ ਸੀ।
ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ, ਇਹ ਗੈਂਗਸਟਰ (ਕੈਨੇਡਾ ਵਿੱਚ) ਪੰਜਾਬ ਵਿੱਚ ਨਸ਼ਾ ਸਪਲਾਈ ਕਰ ਰਹੇ ਹਨ। ਨੌਜਵਾਨ ਪੰਜਾਬੀਆਂ ਨੂੰ ਬਰਬਾਦ ਕਰ ਰਹੇ ਹਨ। ਨਿੱਝਰ ਐਂਡ ਕੰਪਨੀ ਨੇ ਕੈਨੇਡਾ ਵਿੱਚ ਸਾਡੇ ਗੁਰਦੁਆਰਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਥੇ ਜੋ ਸਾਰਾ ਪੈਸਾ ਅਸੀਂ ਚੜਾਉਂਦੇ ਹਾਂ ਉਹ ਟਰੂਡੋ ਦੀ ਪਾਰਟੀ ਨੂੰ ਦਿੱਤਾ ਜਾਂਦਾ ਹੈ।
ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਸਮੇਂ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਵਿਵਾਦ ਦਰਮਿਆਨ ਕੈਨੇਡਾ ‘ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਅਸੁਰੱਖਿਆ ਅਤੇ ਮਦਦ ਬਾਰੇ ਜਾਣੂ ਕਰਵਾਇਆ ਹੈ। ਬਿੱਟੂ ਨੇ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ।

Comment here