ਹਿਊਸਟਨ-ਇਥੋਂ ਦੀ ਐਲ ਯੂਨੀਵਰਸਲ ਅਖ਼ਬਾਰ ਨੇ ਦੱਸਿਆ ਕਿ ਮੈਕਸੀਕੋ ਸਿਟੀ ਵਿੱਚ ਅਣਪਛਾਤੇ ਲੁਟੇਰਿਆਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਅਤੇ ਇੱਕ ਹੋਰ ਭਾਰਤੀ ਜ਼ਖ਼ਮੀ ਹੋ ਗਿਆ। ਭਾਰਤੀ ਅਧਿਕਾਰੀਆਂ ਨੇ ਮੈਕਸੀਕੋ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨੂੰ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ। ਇਹ ਘਟਨਾ ਸ਼ਨੀਵਾਰ ਨੂੰ ਵਾਪਰੀ ਅਤੇ ਹਮਲਾਵਰਾਂ ਨੇ ਭਾਰਤੀ ਨਾਗਰਿਕਾਂ ਤੋਂ 10,000 ਅਮਰੀਕੀ ਡਾਲਰ ਲੁੱਟ ਲਏ। ਭਾਰਤੀ ਨਾਗਰਿਕਾਂ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ।
ਅਖ਼ਬਾਰ ਨੇ ਦੱਸਿਆ ਕਿ ਦੋ ਪੀੜਤਾਂ ਵਿੱਚੋਂ ਇੱਕ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ। ਮੈਕਸੀਕੋ ਸਥਿਤ ਭਾਰਤੀ ਦੂਤਘਰ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਪੀੜਤ ਪਰਿਵਾਰਾਂ ਦੇ ਸੰਪਰਕ ‘ਚ ਹਨ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਦੂਤਘਰ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਲਿਖਿਆ ਕਿ ”ਇਹ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਮੈਕਸੀਕੋ ਵਿੱਚ ਰਹਿਣ ਵਾਲੇ ਇੱਕ ਭਾਰਤੀ ਨਾਗਰਿਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਅੰਬੈਸੀ ਅਤੇ ‘ਇੰਡੀਅਨ ਐਸੋਸੀਏਸ਼ਨ ਆਫ ਮੈਕਸੀਕੋ’ ਪੀੜਤ ਪਰਿਵਾਰ ਦੇ ਸੰਪਰਕ ਵਿੱਚ ਹਨ ਅਤੇ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਹਨਾਂ ਨੇ ਸੋਮਵਾਰ ਨੂੰ ਕਿਹਾ ਕਿ ਦੂਤਘਰ ਮੈਕਸੀਕੋ ਸਿਟੀ ਵਿਚ ਅਣਪਛਾਤੇ ਹਮਲਾਵਰਾਂ ਦੁਆਰਾ ਗੋਲੀ ਮਾਰੇ ਜਾਣ ਨਾਲ ਇਕ ਭਾਰਤੀ ਨਾਗਰਿਕ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਦੇ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦੀ ਮੰਗ ਅਤੇ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਨਾਲ ਲਗਾਤਾਰ ਸੰਪਰਕ ਵਿੱਚ ਹੈ।”
Comment here