ਅਪਰਾਧਸਿਆਸਤਖਬਰਾਂ

ਮੋਦੀ ਖਿਲਾਫ਼ ਟਿੱਪਣੀ ਕਰਨ ਵਾਲੇ ਪਵਨ ਖੇੜਾ ਦੀ ਅੰਤਰਿਮ ਜ਼ਮਾਨਤ 3 ਮਾਰਚ ਤੱਕ ਵਧਾਈ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀਆਂ ਮਾਮਲੇ ਵਿਚ ਕਾਂਗਰਸ ਆਗੂ ਪਵਨ ਖੇੜਾ ਨੂੰ ਮਿਲੀ ਅੰਤਰਿਮ ਜ਼ਮਾਨਤ 3 ਮਾਰਚ ਤੱਕ ਵਧਾ ਦਿੱਤੀ ਹੈ। ਅਸਾਮ ਪੁਲੀਸ ਨੇ ਖੇੜਾ ਨੂੰ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਸੀ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਅਸਾਮ ਪੁਲੀਸ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੇ ਹਲਫ਼ਨਾਮੇ ਦਾ ਨੋਟਿਸ ਲਿਆ ਕਿ ਸੂਬਾਈ ਪੁਲੀਸ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨਾ ਚਾਹੁੰਦੀ ਹੈ। ਉਧਰ ਯੂਪੀ ਸਰਕਾਰ ਵੱਲੋਂ ਪੇਸ਼ ਵਧੀਕ ਐਡਵੋਕੇਟ ਜਨਰਲ ਗਰਿਮਾ ਪ੍ਰਸਾਦ ਨੇ ਵੀ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਅਵਾ ਦਾਇਰ ਕਰਨ ਦੀ ਗੱਲ ਆਖੀ। ਬੈਂਚ ਨੇ ਇਨ੍ਹਾਂ ਹਲਫ਼ਨਾਮਿਆਂ ਦਾ ਨੋਟਿਸ ਲੈਂਦਿਆਂ ਖੇੜਾ ਦੀ ਪਟੀਸ਼ਨ ’ਤੇ ਅਗਲੀ ਸੁਣਵਾਈ 3 ਮਾਰਚ ਲਈ ਨਿਰਧਾਰਿਤ ਕਰ ਦਿੱਤੀ। ਬੈਂਚ ਨੇ ਸਾਫ਼ ਕਰ ਦਿੱਤਾ ਕਿ ਖੇੜਾ ਨੂੰ 23 ਫਰਵਰੀ ਨੂੰ ਦਿੱਤੀ ਅੰਤਰਿਮ ਜ਼ਮਾਨਤ ਉਦੋਂ (3 ਮਾਰਚ) ਤੱਕ ਅਮਲ ਵਿੱਚ ਰਹੇਗੀ। ਚੇਤੇ ਰਹੇ ਕਿ 17 ਫਰਵਰੀ ਨੂੰ ਮੁੰਬਈ ਵਿੱਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ।

Comment here